
ਸੈਨਿਕ ਸਕੂਲ ਦੀ ਸ਼ਾਨ ਮੁੜ ਬਹਾਲ ਕਰਨ 'ਚ ਸੂਬਾ ਸਰਕਾਰ ਕੋਈ ਕਸਰ ਨਹੀਂ ਬਾਕੀ ਛੱਡੇਗੀ : ਫੌਜਾ ਸਿੰਘ ਸਰਾਰੀ
ਪੰਜਾਬ ਸਰਕਾਰ ਲਵੇਗੀ ਸੈਨਿਕ ਸਕੂਲ ਕਪੂਰਥਲਾ ਦੀ ਸਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਸਾਰ ਲਵੇਗੀ। ਇਹ ਖ਼ੁਲਾਸਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਇਸ ਵੱਕਾਰੀ ਸੰਸਥਾ ਨੂੰ ਪਿਛਲੇ ਸਮੇਂ ਵਿੱਚ ਅਣਗੌਲਿਆ ਰੱਖਿਆ ਗਿਆ ਪਰ ਹੁਣ ਸੂਬਾ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਜਿਸ ਮੰਤਵ ਲਈ ਸੰਸਥਾ ਬਣੀ ਸੀ, ਉਸ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਿੱਜੀ ਤੌਰ ਉਤੇ ਸੈਨਿਕ ਸਕੂਲ ਦੀ ਕਾਇਆ ਕਲਪ ਕਰਨ ਅਤੇ ਇਸ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨ ਲਈ ਦਿਲਚਸਪੀ ਲੈ ਰਹੀ ਹੈ।
fauja singh sarari
ਫੌਜਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਵਿਭਾਗ ਇਸ ਸਬੰਧੀ ਬਾਕਾਇਦਾ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਸੰਸਥਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਸਕੇ। ਸੈਨਿਕ ਸਕੂਲ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਰੱਖਿਆ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ।
Punjab Government
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਨੇ ਜਲਦ ਹੀ ਇਸ ਸਕੂਲ ਦੇ ਕੰਮ-ਕਾਜ ਦੀ ਸਮੀਖਿਆ ਲਈ ਮੀਟਿੰਗ ਕੀਤੀ ਸੀ। ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ। ਸਕੂਲ ਦੀ ਇਮਾਰਤ ਦੀ ਢੁਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਸਮੇਂ ਦੀ ਲੋੜ ਹੈ।
Sainik School Kapurthala
ਫੌਜਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਮੁਹੱਈਆ ਕਰਵਾਉਣ ਲਈ ਫੰਡ ਜਾਰੀ ਕਰਨ ਵਾਸਤੇ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਸਥਾ ਦੀ ਸ਼ਾਨ ਮੁੜ ਬਹਾਲ ਕਰਨ ਵਿੱਚ ਕੋਈ ਕਸਰ ਨਹੀਂ ਬਾਕੀ ਛੱਡੇਗੀ।