ਮੁੱਖ ਸਕੱਤਰ ਨੇ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ
Published : Jul 11, 2023, 2:51 pm IST
Updated : Jul 11, 2023, 2:51 pm IST
SHARE ARTICLE
Chief Secretary took stock of arrangements and relief works
Chief Secretary took stock of arrangements and relief works

ਲੋਕਾਂ ਨੂੰ ਸੁਰੱਖਿਅਤ ਕੱਢਣ, ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧ ਜੰਗੀ ਪੱਧਰ ’ਤੇ ਕਰਨ ਦੇ ਨਿਰਦੇਸ਼

 

ਚੰਡੀਗੜ੍ਹ: ਪਿਛਲੇ ਕੁੱਝ ਦਿਨਾਂ ਤੋਂ ਸੂਬੇ ਭਰ ਅਤੇ ਹਿਮਾਚਲ ਪ੍ਰਦੇਸ਼ ਵਿਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ਵਿਚ ਪੈਦਾ ਹੋਈ ਸਥਿਤੀ ’ਤੇ ਨਿਰੰਤਰ ਨਜ਼ਰਸਾਨੀ ਰੱਖਣ ਅਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਹੇਠਲੇ ਪਧਰ ਉਤੇ ਚਲਾਉਣ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮੰਗਲਵਾਲ ਨੂੰ ਲਗਾਤਾਰ ਦੂਜੇ ਦਿਨ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਲਈ ਗਈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਹਰ ਤਰਾਂ ਮੱਦਦ ਮੁਹੱਈਆ ਕਰਨ ਦੇ ਦਿਤੇ ਨਿਰਦੇਸ਼ਾਂ ਉਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਮੀਟਿੰਗ ਵਿਚ ਜਾਇਜ਼ਾ ਲਿਆ। ਫੀਲਡ ਵਿਚ ਤਾਇਨਾਤ ਕੈਬਨਿਟ ਮੰਤਰੀ, ਵਿਧਾਇਕ ਤੇ ਜਨਤਕ ਨੁਮਾਇੰਦੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਰਾਹਤ ਦੇਣ ਲਈ ਜੁਟੇ ਹੋਏ ਹਨ। ਮੀਟਿੰਗ ਵਿਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐਨ.ਡੀ.ਆਰ.ਐਫ. ਦੇ ਨੁਮਾਇੰਦੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਦੇ ਸੈਲਾਨੀ ਹਿਮਾਚਲ 'ਚ ਲਾਪਤਾ, ਪੰਜਾਬ ਦੇ 2 ਨੌਜਵਾਨਾਂ ਦਾ ਪਰਿਵਾਰ ਨਾਲੋਂ ਸੰਪਰਕ ਟੁੱਟਿਆ

ਮੁੱਖ ਸਕੱਤਰ ਨੇ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿਤੇ ਕਿ ਜਿਥੇ ਵੀ ਨੀਵੇਂ ਥਾਂ ਜਾਂ ਪਾਣੀ ਭਰਨ ਕਰਕੇ ਲੋਕ ਫਸੇ ਹੋਏ ਹਨ, ਉਨ੍ਹਾਂ ਨੂੰ ਸੁਰੱਖਿਅਤ ਕੱਢਣ ਅਤੇ ਉਨਾਂ ਲਈ ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧਾਂ ਨੂੰ ਜੰਗੀ ਪੱਧਰ ’ਤੇ ਕੀਤਾ ਜਾਵੇ। ਲੋਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਉਹ ਸਹੂਲਤ ਦਾ ਫਾਇਦਾ ਉਠਾ ਸਕਣ। ਲੋਕਾਂ ਦੀ ਜਾਨ ਦੀ ਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ।

ਅਨੁਰਾਗ ਵਰਮਾ ਨੇ ਅੱਗੇ ਕਿਹਾ ਕਿ ਅਸਰੁੱਖਿਅਤ ਇਮਾਰਤਾਂ ਦੀ ਤੁਰੰਤ ਸ਼ਨਾਖਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਰ ਡੀ.ਸੀਜ਼ ਤੋਂ ਲੋੜੀਂਦੀ ਮੱਦਦ ਦੀ ਜਾਣਕਾਰੀ ਵੀ ਹਾਸਲ ਕੀਤੀ ਅਤੇ ਆਖਿਆ ਕਿ ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਰੂਪਨਗਰ ਜ਼ਿਲੇ ਵਿਚ ਪੰਜ, ਐਸ.ਏ.ਐਸ.ਨਗਰ ਵਿਚ ਤਿੰਨ, ਪਟਿਆਲਾ ਵਿਚ ਦੋ ਅਤੇ ਜਲੰਧਰ, ਫਤਹਿਗੜ੍ਹ ਸਾਹਿਬ ਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਇਕ-ਇਕ ਟੀਮ ਤਾਇਨਾਤ ਹੈ। ਕਪੂਰਥਲਾ, ਤਰਨ ਤਾਰਨ ਜ਼ਿਲ੍ਹਿਆਂ ਵੱਲੋਂ ਐਨ.ਡੀ.ਆਰ.ਐਫ. ਦੀ ਇਕ-ਇਕ ਟੀਮ ਤਾਇਨਾਤ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਪਾਣੀ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਰਾਹਤ ਦੇਣ ਲਈ ਕਿਸ਼ਤੀਆਂ, ਲਾਈਫ ਜੈਕੇਟਾਂ, ਪਾਣੀ ਕੱਢਣ ਵਾਲੀਆਂ ਮਸ਼ੀਨਾਂ ਅਤੇ ਖਾਣ ਵਾਲੇ ਪੈਕੇਟਾਂ ਦੀ ਲੋੜ ਪੁੱਛੀ ਗਈ।

ਇਹ ਵੀ ਪੜ੍ਹੋ: ਭਾਰਤ ’ਚ ਪਿਛਲੇ 15 ਸਾਲਾਂ ਦੌਰਾਨ 41.5 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ: ਸੰਯੁਕਤ ਰਾਸ਼ਟਰ ਦੀ ਰੀਪੋਰਟ

ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਕਰਨ ਲਈ ਕਿਹਾ ਅਤੇ ਦਵਾਈਆਂ ਦੀ ਕੋਈ ਘਾਟ ਨਾ ਰਹਿਣ ਦਿੱਤੀ ਜਾਵੇ। ਜਲ ਸਪਲਾਈ ਵਿਭਾਗ ਨੂੰ ਲੋਕਾਂ ਲਈ ਢੁੱਕਵਾਂ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਆਖਿਆ। ਪਸ਼ੂ ਪਾਲਣ ਵਿਭਾਗ ਨੂੰ ਨਿਰਦੇਸ਼ ਦਿਤੇ ਗਏ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਫੀਲਡ ਸਟਾਫ ਨੂੰ ਸਰਗਰਮ ਕੀਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਨੂੰ ਫੌਗਿੰਗ ਤੇ ਸਪਰੇਅ ਦੇ ਪ੍ਰਬੰਧ ਕਰਨ ਲਈ ਆਖਿਆ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਦਸਿਆ ਕਿ ਸਮੂਹ ਸਟਾਫ ਪਿੰਡਾਂ ਵਿਚ ਨਿਰੰਤਰ ਤਾਇਨਾਤ ਰਹਿ ਕੇ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ। ਬਿਜਲੀ ਵਿਭਾਗ ਵੱਲੋਂ ਦਸਿਆ ਗਿਆ ਕਿ ਜਿੱਥੇ ਵੀ ਕਿਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਉਸ ਨੂੰ ਤੁਰੰਤ ਠੀਕ ਕਰਕੇ ਬਹਾਲ ਕੀਤੀ ਜਾਵੇ।

ਇਸ ਤੋਂ ਪਹਿਲਾਂ ਜਲ ਸਰੋਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਵਿਚ ਦਸਿਆ ਗਿਆ ਕਿ ਭਾਖੜਾ ਡੈਮ ਵਿਚ ਇਸ ਵਾਲੇ ਪਾਣੀ ਦਾ ਪੱਧਰ 1624.14 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਪੌਂਗ ਡੈਮ ਵਿਚ ਪਾਣੀ ਦਾ ਪੱਧਰ 1360.04 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਦਾ ਪੱਧਰ 1712.64 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ। ਸਤਲੁਜ, ਬਿਆਸ, ਰਾਵੀ ਤੇ ਘੱਗਰ ਦਰਿਆਵਾਂ ਵਿਚ ਪਾਣੀ ਦੇ ਪੱਧਰ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਗਿਆ। ਇਹ ਵੀ ਦਸਿਆ ਗਿਆ ਕਿ ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਵਿਚ ਦੋ ਥਾਵਾਂ ਉਤੇ ਪਾਏ ਪਾੜ ਨੂੰ ਪੂਰਿਆ ਗਿਆ ਹੈ।

ਇਹ ਵੀ ਪੜ੍ਹੋ: 'ਟਾਈਮ ਕੈਪਸੂਲ' 'ਚ ਸ਼ਾਮਲ ਹੋਇਆ ਗੁਰਦਾਸਪੁਰ ਦੀ ਅਰਾਧਿਆ ਸ਼ਰਮਾ ਵਲੋਂ ਲਿਖਿਆ ਪੱਤਰ

ਮੀਟਿੰਗ ਵਿਚ ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਆਉਣੇ ਵਾਲੇ 48 ਤੱਕ ਪੰਜਾਬ ਵਿਚ ਖਿੰਡਵਿਆਂ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਸ਼ ਪਵੇਗੀ ਜਦੋਂ ਕਿ 48 ਤੋਂ 72 ਘੰਟਿਆਂ ਤੱਕ ਕੁਝ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿਚ ਆਉਦੇ 24 ਘੰਟਿਆਂ ਵਿਚ ਦਰਮਿਆਨੀ ਤੋਂ ਭਾਰੀ ਬਾਰਸ਼ ਪੈਣ ਦੀ ਸੰਭਾਵਨਾ ਹੈ। ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਨਿਵਾਣ ਵਾਲੇ ਜ਼ਿਲ੍ਹਿਆਂ ਵਿਚ ਦਰਿਆਵਾਂ ਤੇ ਨਹਿਰਾਂ ਵਿਚ ਵੱਧ ਪਾਣੀ ਦੀ ਸੰਭਾਵਨਾ ਨੂੰ ਦੇਖਦਿਆਂ ਅਗੇਤੇ ਪ੍ਰਬੰਧ ਕੀਤੇ ਜਾਣ ਕਿਉਕਿ ਆਉਦੇ ਕੁਝ ਸਮਿਆਂ ਵਿਚ ਪਾਣੀ ਹੋਰ ਵੱਧ ਜਾਵੇਗਾ ਅਤੇ ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਦਿਆਂ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।

ਮੀਟਿੰਗ ਵਿਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਕੇ.ਸਿਵਾ ਪ੍ਰਸ਼ਾਦ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਵਿਸ਼ੇਸ਼ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ, ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement