
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਉਮਰਾਨੰਗਲ ਨੂੰ ਕੀਤਾ ਗਿਆ ਸੀ ਮੁਅੱਤਲ
Punjab News : ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਸਪੈਂਡ ਚੱਲ ਰਹੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਡਿਊਟੀ 'ਤੇ ਬਹਾਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਹੁਣ ਉਨ੍ਹਾਂ ਦੀ ਬਹਾਲੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਹੋਈ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਉਸ ਨੂੰ 15 ਦਿਨਾਂ ਦੇ ਅੰਦਰ ਬਹਾਲ ਕਰਨ ਦੇ ਹੁਕਮ ਦਿੱਤੇ ਸਨ।
ਇਸ ਤੋਂ ਪਹਿਲਾਂ 2 ਜੁਲਾਈ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਉਮਰਾਨੰਗਲ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਮੁੜ ਨੌਕਰੀ 'ਤੇ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਨ੍ਹਾਂ ਨੂੰ ਡੀ.ਜੀ.ਪੀ. ਦਫ਼ਤਰ 'ਚ ਤਾਇਨਾਤ ਕੀਤਾ ਗਿਆ ਹੈ।
ਕਰੀਬ ਪੰਜ ਮਹੀਨੇ ਪਹਿਲਾਂ ਫਰਵਰੀ ਮਹੀਨੇ ਹਾਈਕੋਰਟ ਨੇ ਉਨ੍ਹਾਂ ਦੀ ਬਹਾਲੀ ਦੇ ਹੁਕਮ ਦਿੱਤੇ ਸਨ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ ਸੀ। ਇਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਫਟਕਾਰ ਲਗਾਈ ਸੀ ਅਤੇ 15 ਦਿਨਾਂ ਦੇ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਸਨ।
2019 ਵਿੱਚ ਕੀਤੇ ਗਏ ਸਨ ਮੁਅੱਤਲ
ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਫ਼ਾਇਰਿੰਗ ਮਾਮਲੇ 'ਚ ਬਣਾਈ ਗਈ ਐਸਆਈਟੀ ਨੇ 2019 ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਕਤ ਕਾਰਵਾਈ ਕੀਤੀ ਸੀ।
ਜ਼ਿਕਰਯੋਗ ਹੈ ਕਿ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਕੋਟਕਪੂਰਾ ਗੋਲੀਕਾਂਡ, ਬਹਿਬਲ ਕਲਾਂ ਗੋਲੀਕਾਂਡ ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ 3 ਐੱਫ਼.ਆਈ.ਆਰ. ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ 'ਚੋਂ ਉਨ੍ਹਾਂ ਨੂੰ ਐੱਨ.ਡੀ.ਪੀ.ਐੱਸ. ਮਾਮਲੇ 'ਚੋਂ ਪਹਿਲਾਂ ਹੀ ਬਰੀ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਦੋ ਮਾਮਲਿਆਂ 'ਚ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।