
Punjab News : ਸਰਕਾਰੀ ਕਾਲਜਾਂ ਦੇ ਦਾਖਲਿਆਂ ਵਿੱਚ 85 ਫ਼ੀਸਦ ਵਾਧਾ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈਣ ਦਾ ਸਬੂਤ: ਬੈਂਸ
Punjab News in Punjabi :ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ ਤਾਂ ਜੋ ਵਿਦਿਅਕ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ।ਅੱਜ ਪੰਜਾਬ ਵਿਧਾਨ ਸਭਾ ਵਿੱਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿੱਲ, 2025 ਪੇਸ਼ ਕਰਦਿਆਂ ਸ. ਬੈਂਸ ਨੇ ਸਿੱਖਿਆ ਦੇ ਖੇਤਰ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕਰਦਿਆਂ ਸਰਕਾਰੀ ਕਾਲਜਾਂ ਦੇ ਦਾਖਲੇ ਵਿੱਚ ਹੋਏ 85 ਫ਼ੀਸਦ ਵਾਧੇ ਦਾ ਹਵਾਲਾ ਦਿੱਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਕਿ 2022 ਵਿੱਚ 7 ਲੱਖ ਦੇ ਮੁਕਾਬਲੇ ਪਿਛਲੇ ਅਕਾਦਮਿਕ ਸੈਸ਼ਨ ਵਿੱਚ 9 ਲੱਖ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿੱਚ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ ਜਿਸ ਤਹਿਤ ਇਹ ਵਾਧਾ 1,400 ਤੋਂ 2,480 ਵਿਦਿਆਰਥੀਆਂ ਤੱਕ ਪਹੁੰਚ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਆਈ.ਟੀ.ਆਈਜ਼ ਸੀਟਾਂ ਵਿੱਚ ਲਗਭਗ 35,000 ਦਾ ਵਾਧਾ ਕੀਤਾ ਗਿਆ ਹੈ ਅਤੇ ਪਿਛਲੇ ਸਾਲ 99 ਫ਼ੀਸਦੀ ਸੀਟਾਂ ਭਰੀਆਂ ਗਈਆਂ ਹਨ ਅਤੇ ਇਸ ਸਾਲ ਹੋਰ 5,000-7,000 ਸੀਟਾਂ ਦਾ ਵਾਧਾ ਕਰਨ ਦੀ ਯੋਜਨਾ ਹੈ।
ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਗਲੋਬਲ ਐਜੂਕੇਸ਼ਨ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਿੱਤਾ। ਜ਼ਿਕਰਯੋਗ ਹੈ ਕਿ ਸਰਕਾਰ ਨੇ ਨੌਜਵਾਨਾਂ ਨੂੰ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਕਾਫ਼ੀ ਮਦਦ ਮਿਲੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇਸ਼ ਦੇ ਇਤਿਹਾਸ ਵਿੱਚ ਇੱਕੋ ਇੱਕ ਪਾਰਟੀ ਹੈ ਜਿਸਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿੱਖਿਆ ਨੂੰ ਆਪਣੇ ਏਜੰਡੇ ਦਾ ਕੇਂਦਰੀ ਮੁੱਦਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਇਸ ਗੱਲ 'ਤੇ ਚਾਨਣਾ ਪਾਇਆ ਕਿ ਸੂਬਾ ਸਰਕਾਰ ਨੇ ਡਾਟਾ ਸਾਇੰਸ, ਆਰਟੀਫੀਸ਼ੀਅਲ ਇੰਟੈਲੀਜੈਂਸ, ਬੈਂਕਿੰਗ, ਵਿੱਤੀ ਸੇਵਾਵਾਂ, ਡਿਜੀਟਲ ਮਾਰਕੀਟਿੰਗ, ਪ੍ਰਾਹੁਣਚਾਰੀ ਅਤੇ ਸੈਰ-ਸਪਾਟਾ, ਅਤੇ ਇਵੈਂਟ ਮੈਨੇਜਮੈਂਟ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਸਕਾਲਰਸ਼ਿਪ ਦੀ ਸਮੇਂ ਸਿਰ ਵੰਡ ਨੂੰ ਵੀ ਯਕੀਨੀ ਬਣਾਇਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਵਿੱਤੀ ਰੁਕਾਵਟਾਂ ਕਾਰਨ ਮਿਆਰੀ ਸਿੱਖਿਆ ਤੋਂ ਵਾਂਝਾ ਨਾ ਰਹੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਮਹਿਜ਼ ਤਿੰਨ ਸਾਲ ਪਹਿਲਾਂ, ਪ੍ਰੋਫੈਸਰਾਂ ਦੀਆਂ 90 ਫ਼ੀਸਦ ਅਸਾਮੀਆਂ ਖਾਲੀ ਸਨ ਅਤੇ ਕੁਝ ਫੈਕਲਟੀ ਮੈਂਬਰ 20,000 ਰੁਪਏ ਪ੍ਰਤੀ ਮਹੀਨਾ ਦੀ ਨਾਂ-ਮਾਤਰ ਤਨਖਾਹ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦਾ ਮਿਹਨਤਾਨਾ ਵਧਾ ਕੇ 50,000 ਰੁਪਏ ਕਰ ਦਿੱਤਾ ਹੈ। ਉਨ੍ਹਾਂ ਨੇ ਸਾਰੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਕਦਰ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀਆਂ ਨੌਕਰੀਆਂ ਸੁਰੱਖਿਅਤ ਹਨ। ਸੂਬਾ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਫੈਕਲਟੀ ਮੈਂਬਰਾਂ ਦੀ ਭਰਤੀ ਕਰਦਿਆਂ ਦਹਾਕਿਆਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ ਅਤੇ ਮੌਜੂਦਾ ਸਮੇਂ 70 ਦੇਸ਼ਾਂ ਦੇ ਵਿਦਿਆਰਥੀ ਪੰਜਾਬ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਹਾਰਕ ਹੁਨਰ ਅਤੇ ਅਨੁਭਵ ਪ੍ਰਦਾਨ ਕਰਨ ਲਈ ਅਕਾਦਮਿਕ ਅਤੇ ਉਦਯੋਗਾਂ ਦਰਮਿਆਨ ਅਰਥਪੂਰਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ, ਵਿਦਿਆਰਥੀਆਂ ਨੂੰ ਸੀਡ ਮਨੀ ਅਤੇ ਮੈਂਟੋਰਸ਼ਿਪ ਪ੍ਰਦਾਨ ਕੀਤੀ ਜਾਂਦੀ ਹੈ, ਜੋ ਉਹਨਾਂ ਨੂੰ ਰਚਨਾਤਮਕ ਸੂਝ ਅਤੇ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਵਿਕਸਤ ਕਰਨ ਲਈ ਉਤਸ਼ਾਹਿਤ ਕਰਦੀ ਹੈ, ਜਿਸ ਨਾਲ ਉਹ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪ੍ਰਦਾਤਾ ਬਣਦੇ ਹਨ।
(For more news apart from Punjab government will open new government colleges in border areas: Harjot Bains News in Punjabi, stay tuned to Rozana Spokesman)