
'ਅਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 14 ਪਰਵਾਸੀ ਪੰਜਾਬੀ ਨੌਜਵਾਨ ਲੜਕੇ ਤੇ ਲੜਕੀਆਂ ਦਾ ਪਹਿਲਾ ਗਰੁੱਪ ਫਤਿਹਗੜ੍ਹ ਸਾਹਿਬ..............
ਫ਼ਤਿਹਗੜ੍ਹ ਸਾਹਿਬ : 'ਅਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 14 ਪਰਵਾਸੀ ਪੰਜਾਬੀ ਨੌਜਵਾਨ ਲੜਕੇ ਤੇ ਲੜਕੀਆਂ ਦਾ ਪਹਿਲਾ ਗਰੁੱਪ ਫਤਿਹਗੜ੍ਹ ਸਾਹਿਬ ਦੀ ਇਤਿਹਾਸਕ ਤੇ ਪਵਿੱਤਰ ਧਰਤੀ 'ਤੇ ਪੁੱਜਿਆ। ਇਨ੍ਹਾਂ ਪਰਵਾਸੀ ਪੰਜਾਬੀ ਨੌਜਵਾਨਾਂ ਨੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਨੇ ਪ੍ਰਵਾਸੀ ਨੌਜਵਾਨਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ
ਪ੍ਰਵਾਸੀ ਪੰਜਾਬੀ ਨੌਜਵਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸ. ਢਿੱਲੋਂ ਨੇ ਨੌਜਵਾਨਾਂ ਦੇ ਇਸ ਵਫਦ ਨੂੰ ਨਾ ਕੇਵਲ ਫਤਿਹਗੜ੍ਹ ਸਾਹਿਬ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ, ਸਗੋਂ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੇ ਸਮੁੱਚੇ ਅਮੀਰ ਵਿਰਸੇ ਤੇ ਸਭਿਆਚਾਰ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਇੰਗਲੈਂਡ ਤੋਂ ਆਏ ਨੌਜਵਾਨਾਂ ਦੇ ਵਫਦ ਦੇ ਕੋਆਰਡੀਨੇਟਰ ਵਰਿੰਦਰ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜਨ ਲਈ ਸ਼ੁਰੂ ਕੀਤੇ ਇਸ ਪ੍ਰੋਗਰਾਮ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧਨਵਾਦ ਕੀਤਾ। ਇਸ ਮੌਕੇ ਵਧੀਕ ਡੀਸੀ ਜਸਪ੍ਰੀਤ ਸਿੰਘ, ਐਸ.ਪੀ. (ਹੈ/ਕੁ) ਰਵਿੰਦਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ (ਜਨਰਲ) ਚਰਨਜੀਤ ਸਿੰਘ, ਤਹਿਸੀਲਦਾਰ ਗੁਰਜਿੰਦਰ ਸਿੰਘ, ਏ.ਪੀ.ਓ. ਵਿਜੇ ਧੀਰ ਆਦਿ ਹਾਜ਼ਰ ਸਨ।