
ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦਾ ਐਲਾਨ
ਸੁਨਾਮ ਊਧਮ ਸਿੰਘ ਵਾਲਾ, 10 ਅਗੱਸਤ (ਦਰਸ਼ਨ ਸਿੰਘ ਚੌਹਾਨ): ਜੰਗ- ਏ- ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਉਤੇ ਇੱਕਠੇ ਹੋਏ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੇ ਅੱਜ ਇਕ ਵਾਰ ਫਿਰ ਸਰਕਾਰ ਵਿਰੁਧ ਮੋਰਚਾ ਖੋਲ੍ਹਦਿਆਂ ਚੇਤਾਵਨੀ ਦਿਤੀ ਕਿ ਜੇਕਰ ਤੁਰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਆਜ਼ਾਦੀ ਦਿਹਾੜੇ ਮੌਕੇ 15 ਅਗੱਸਤ ਨੂੰ ਕਿਸੇ ਵੀ ਆਗੂ ਨੂੰ ਕੌਮੀ ਝੰਡਾ ਨਹੀਂ ਲਹਿਰਾਉਣ ਦਿਤਾ ਜਾਵੇਗਾ ਅਤੇ ਕਾਲੇ ਝੰਡੇ ਲੈ ਕੇ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 13 ਅਗੱਸਤ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਠਿੰਡਾ ਸਥਿਤ ਰਿਹਾਇਸ਼ ਦੇ ਸਾਹਮਣੇ ਧਰਨਾ ਸ਼ੁਰੂ ਕੀਤਾ ਜਾਵੇਗਾ। ਉਂਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਜਥੇਬੰਦੀ ਦੇ ਆਗੂਆਂ ਦੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਗੱਲਬਾਤ ਵੀ ਕਰਵਾ ਦਿੱਤੀ ਹੈ। ਇੱਥੇ ਸ਼ਹੀਦ ਊਧਮ ਸਿੰਘ ਦੇ ਲੱਗੇ ਬੁੱਤ ਵਾਲੀ ਥਾਂ ਉਪਰ ਇੱਕਠੇ ਹੋਏ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰ ਨੇ ਸ਼ਹੀਦਾਂ ਦੇ ਵਾਰਸਾਂ ਨੂੰ ਸਹੂਲਤਾਂ ਦੇਣ ਸਬੰਧੀ ਨੋਟੀਫ਼ੀਕੇਸ਼ਨ ਜਾਰੀ ਕੀਤਾ ਸੀ ਲੇਕਿਨ ਇਸ ਨੂੰ ਲਾਗੂ ਨਹੀਂ ਕੀਤਾ ਗਿਆ।
File Photo
ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ ਸੀ ਲੇਕਿਨ ਕੋਈ ਮੀਟਿੰਗ ਨਹੀਂ ਹੋਈ। ਸਥਾਨਕ ਸਹਾਇਕ ਕਪਤਾਨ ਪੁਲਿਸ ਡਾਕਟਰ ਮਹਿਤਾਬ ਸਿੰਘ ਮੌਕੇ ਉੱਤੇ ਪਹੁੰਚਕੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨਾਲ ਗੱਲਬਾਤ ਕਰ ਕੇ ਤੁਰਤ ਹੀ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਮੀਟਿੰਗ ਕਰਨ ਲਈ ਜਥੇਬੰਦੀ ਦੇ ਪੰਜ ਮੈਂਬਰਾਂ ਨੂੰ ਅਪਣੇ ਨਾਲ ਸੰਗਰੂਰ ਲੈ ਗਏ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਉਪਰੰਤ ਵਾਪਸ ਪਰਤੇ ਹਰਿੰਦਰਪਾਲ ਸਿੰਘ ਖ਼ਾਲਸਾ ਨੇ ਦਸਿਆ ਕਿ ਡੀਸੀ ਨੇ ਉਨ੍ਹਾਂ ਦੀ ਗੱਲ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਾਲ ਕਰਵਾਈ ਹੈ ਅਤੇ ਉਨ੍ਹਾਂ ਨੇ 11 ਅਗੱਸਤ ਤਕ ਮੰਗਾਂ ਲਾਗੂ ਕਰਨ ਦਾ ਭਰੋਸਾ ਜਥੇਬੰਦੀ ਦੇ ਮੈਂਬਰਾਂ ਦਿਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਸਰਕਾਰ ਨੂੰ 12 ਅਗੱਸਤ ਤਕ ਦਾ ਸਮਾਂ ਦਿਤਾ ਹੈ ਨਹੀਂ ਤਾਂ 13 ਅਗੱਸਤ ਤੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਜਥੇਬੰਦੀ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ 15 ਅਗੱਸਤ ਨੂੰ ਕਿਸੇ ਵੀ ਆਗੂ ਨੂੰ ਕੌਮੀ ਝੰਡਾ ਨਹੀਂ ਲਹਿਰਾਉਣ ਦਿਤਾ ਜਾਵੇਗਾ।