
ਸਿਹਤ ਮੰਤਰੀ ਵਲੋਂ ਲੋਕਾਂ ਨੂੰ ਕੋਵਿਡ ਟੈਸਟ ਕਰਵਾ ਕੇ ਕੀਮਤੀ ਜਾਨਾਂ ਬਚਾਉਣ ਦੀ ਅਪੀਲ
ਸਿਵਲ ਹਸਪਤਾਲ ਵਿਖੇ ਕੋਵਿਡ-19 ਸਬੰਧੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਜਲੰਧਰ, 10 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦਾ ਟੈਸਟ ਕਰਵਾਉਣ ਲਈ ਅੱਗੇ ਆਉÎਣ, ਕਿਉਂਕਿ ਕੋਵਿਡ ਤੋਂ ਪ੍ਰਭਾਵਤ ਮਰੀਜ਼ਾਂ ਵਲੋਂ ਟੈਸਟ ਕਰਵਾਉਣ ਵਿਚ ਦੇਰੀ ਕਰਨਾ ਕੋਰੋਨਾ ਵਾਇਰਸ ਵਿਰੁਧ ਲੜਾਈ ਦੌਰਾਨ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਸਿੱਧੂ ਜੋ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਸਥਿਤੀ ਸਬੰਧੀ ਜਲੰਧਰ ਵਿਖੇ ਜਾਇਜ਼ਾ ਲੈ ਰਹੇ ਸਨ, ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਘੰਟੇ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਸੱਭ ਨੂੰ ਕੋਵਿਡ-19 ਬਿਮਾਰੀ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ 'ਤੇ ਤੁਰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਬੁਖ਼ਾਰ ਜਾਂ ਬੀਮਾਰੀ ਸਬੰਧੀ ਹੋਰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਨੂੰ ਤੁਰਤ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੋਵਿਡ ਅਤੇ ਹੋਰ ਦੂਸਰੀਆਂ ਬੀਮਾਰੀਆਂ ਤੋਂ ਪ੍ਰਭਾਵਤ ਵਿਅਕਤੀਆਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ। ਸਿੱਧੂ ਨੇ ਕਿਹਾ ਕਿ ਹਰ ਇਕ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿ ਕੇ ਮਹੱਤਵਪੂਰਣ ਭੂਮਿਕਾ ਨਿਭਾਉਣੀ ਹੋਵੇਗੀ, ਜੋ ਕਿ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਵਿਚ ਸਹਾਈ ਹੋਵੇਗੀ ਕਿਉਂਕਿ ਕੋਵਿਡ ਪ੍ਰਤੀ ਜਾਗਰੂਕਤਾ ਹੀ ਇਸ ਬਿਮਾਰੀ ਨੂੰ ਦੂਰ ਰੱਖ ਸਕਦੀ ਹੈ।