
ਇਸ ਦੌਰਾਨ ਕਈ ਸਿਆਸਤਦਾਨ ਵੀ ਜਾਂਚ ਦੇ ਘੇਰੇ ਵਿਚ ਆ ਸਕਦੇ ਹਨ।
ਚੰਡੀਗੜ੍ਹ: ਪੰਜਾਬ ਵਿਚ ਪਿਛਲੀਆਂ ਸਰਕਾਰਾਂ ਦੌਰਾਨ ਚਰਚਾ ’ਚ ਰਹੇ ਵਜ਼ੀਫ਼ਾ ਘੁਟਾਲੇ ਦੀ ਵਿਜੀਲੈਂਸ ਜਾਂਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਮਗਰੋਂ ਹੁਣ ਵਜ਼ੀਫਾ ਘੁਟਾਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਵਿਜੀਲੈਂਸ ਹਵਾਲੇ ਕੀਤੇ ਜਾਣਗੇ।
ਸੀਐਮ ਮਾਨ ਨੇ 13 ਜੁਲਾਈ ਨੂੰ ਵਜ਼ੀਫਾ ਘੁਟਾਲੇ ਦੀ ਜਾਂਚ ਦੇ ਆਦੇਸ਼ ਦਿੱਤੇ ਸਨ। ਇਹ ਘਪਲਾ ਕਰੀਬ 350 ਕਰੋੜ ਰੁਪਏ ਦਾ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਕਈ ਸਿਆਸਤਦਾਨ ਵੀ ਜਾਂਚ ਦੇ ਘੇਰੇ ਵਿਚ ਆ ਸਕਦੇ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਪ੍ਰਾਈਵੇਟ ਖੇਤਰ ਦੀਆਂ ਕਈ ਵਿੱਦਿਅਕ ਸੰਸਥਾਵਾਂ ਵੀ ਜਾਂਚ ਦੇ ਘੇਰੇ ਵਿਚ ਆ ਸਕਦੀਆਂ ਹਨ।
ਕੁਝ ਮਹੀਨੇ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਨੂੰ ਅੰਜ਼ਾਮ ਦੇਣ ਵਾਲੇ ਲੋਕ ਛੇਤੀ ਹੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਣਗੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਘਿਨੌਣਾ ਤੇ ਨਾ-ਮੁਆਫ਼ੀ ਯੋਗ ਅਪਰਾਧ ਹੈ ਜਿਸ ਕਰਕੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਛੇਤੀ ਹੀ ਇਸ ਘੁਟਾਲੇ ਦਾ ਮੁੱਖ ਦੋਸ਼ੀ ਜੇਲ੍ਹ ਵਿਚ ਚੰਗੀਆਂ ਸਹੂਲਤਾਂ ਲਈ ਅਦਾਲਤਾਂ ਵਿਚ ਅਰਜ਼ੀਆਂ ਦਾਇਰ ਕਰਦਾ ਦਿਖਾਈ ਦੇਵੇਗਾ।