
ਪਿਛਲੇ ਕੁੱਝ ਸਮੇਂ ਦੌਰਾਨ ਸੋਸ਼ਲ ਮੀਡੀਆ ਉਤੇ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜਛਾੜ ਕੀਤੇ ਜਾਣ ਅਤੇ ਘਿਨਾਉਣੀ ਸ਼ਬਦਾਵਲੀ ਵਰਤੇ ਜਾਣ ਦਾ ਪੰਜਾਬ ਅਤੇ ਹਰਿਆਣਾ...
ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਪਿਛਲੇ ਕੁੱਝ ਸਮੇਂ ਦੌਰਾਨ ਸੋਸ਼ਲ ਮੀਡੀਆ ਉਤੇ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜਛਾੜ ਕੀਤੇ ਜਾਣ ਅਤੇ ਘਿਨਾਉਣੀ ਸ਼ਬਦਾਵਲੀ ਵਰਤੇ ਜਾਣ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਨੋਟਿਸ ਲਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਖ਼ਾਸਕਰ ਪੁਲਿਸ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜਛਾੜ ਕਰ ਕੇ ਸੋਸ਼ਲ ਮੀਡੀਆ ਉਪਰ ਪਾਉਣ ਵਾਲਿਆਂ ਨੂੰ ਜਲਦ ਤੋਂ ਜਲਦ ਕਾਬੂ ਕਰ ਕੇ ਉਨ੍ਹਾਂ ਵਿਰੁਧ ਠੋਸ ਕਾਰਵਾਈ ਦੇ ਆਦੇਸ਼ ਦਿਤੇ ਹਨ। ਇਸ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉੱਚ ਅਦਾਲਤ ਦਾ ਬੂਹਾ ਖੜਕਾਇਆ ਸੀ।
ਹਾਈ ਕੋਰਟ ਦੇ ਜਸਟਿਸ ਗੁਰਵਿੰਦਰ ਸਿੰਘ ਗਿੱਲ ਨੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਨੁਮਾਇੰਦੇ ਐਡਵੋਕੇਟ ਅਭਿਲਕਸ਼ ਗਰੋਵਰ ਰਾਹੀਂ ਦਾਇਰ ਕੀਤੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਤੇਜ਼ੀ ਨਾਲ ਕਾਰਵਾਈ ਕਰਨ ਅਤੇ ਦੋਸ਼ੀਆਂ ਦੀ ਫੌਰੀ ਗ੍ਰਿਫ਼ਤਾਰੀ ਦੇ ਆਦੇਸ਼ ਦਿੱਤੇ ਹਨ। ਐਡਵੋਕੇਟ ਗਰੋਵਰ ਨੇ ਬੈਂਚ ਨੂੰ ਦੱਸਿਆ ਕਿ ਸੋਸਲ ਮੀਡੀਆ ਮਾਧਿਅਮ ਫੇਸਬੁੱਕ, ਇੰਸਟਾਗ੍ਰਾਮ ਤੇ ਵ੍ਹੱਟਸਐਪ 'ਤੇ ਗੁਰੂ ਸਾਹਿਬਾਨ ਦੀਆਂ ਵਿਗਾੜੀਆਂ ਹੋਈਆਂ ਤਸਵੀਰਾਂ ਪਾ ਕੇ ਸ਼ਰਾਰਤੀ ਅਨਸਰ ਸਿੱਖਾਂ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਾ ਰਹੇ ਹਨ।
ਬੈਂਚ ਨੂੰ ਇਹ ਵੀ ਦੱਸਿਆ ਗਿਆ ਕਿ ਕਮੇਟੀ ਨੇ ਪੰਜਾਬ ਦੇ ਪੁਲਿਸ ਮੁਖੀ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਵੀ ਮਾਰਚ ਤੇ ਅਗਸਤ ਵਿੱਚ ਇਨ੍ਹਾਂ ਗ਼ਲਤ ਤਸਵੀਰਾਂ ਬਾਰੇ ਸ਼ਿਕਾਇਤ ਦਿੱਤੀ ਸੀ, ਪਰ ਪੁਲਿਸ ਨੇ ਹਾਲੇ ਤਕ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਬੈਂਚ ਨੇ ਉਕਤ ਆਦੇਸ਼ਾਂ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਇਸ ਪਟੀਸ਼ਨ ਦਾ ਵੀ ਨਿਪਟਾਰਾ ਕਰ ਦਿੱਤਾ ਹੈ.