ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਰਕਾਰ ਦੀਆਂ ਬੱਸਾਂ ਚਲਾਉਣ ਲਈ ਰਾਜਾ ਵੜਿੰਗ ਨੇ ਚੁੱਕਿਆ ਵੱਡਾ ਕਦਮ , ਕੇਜਰੀਵਾਲ ਤੋਂ ਸਮਾਂ ਮੰਗਿਆ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਦਿੱਲੀ ਦੇ ਟਰਾਂਸਪੋਰਟ ਵਿਭਾਗ ਵੱਲੋਂ ਨਵੰਬਰ 2018 ਵਿੱਚ ਪੰਜਾਬ ਸਟੇਟ ਬੱਸ ਸੇਵਾ ਨੂੰ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕ ਦਿੱਤਾ ਗਿਆ ਸੀ, ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹਵਾਈ ਅੱਡੇ ਤੱਕ ਯਾਤਰੀਆਂ ਨੂੰ ਕਿਫ਼ਾਇਤੀ ਕਿਰਾਇਆ ਦਰਾਂ 'ਤੇ ਲਿਆਉਣ ਅਤੇ ਲਿਜਾਣ ਲਈ ਚਲਾਈ ਜਾ ਰਹੀ ਸੀ।
ਆਪ ਸਭ ਜਾਣਦੇ ਹੋ ਕਿ ਦਿੱਲੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖ਼ੀ ਦਾ ਪਤਾ ਇਸ ਗੱਲ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ। ਸੂਬੇ ਦਾ ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ ਲੋਕਾਂ ਨੂੰ ਸਸਤਾ ਅਤੇ ਵਧੀਆ ਸੇਵਾਵਾਂ ਦੇਣਾ ਮੇਰਾ ਮੁੱਢਲਾ ਫ਼ਰਜ਼ ਬਣਦਾ ਹੈ ਅਤੇ ਮੈਂ ਪਹਿਲੇ ਦਿਨ ਤੋਂ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹਾਂ।
ਮੈਂ, ਦਿੱਲੀ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਟਕਾਏ ਜਾ ਰਹੇ ਇਸ ਮੁੱਦੇ ਦੇ ਹੱਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਤੋਂ ਨਿੱਜੀ ਤੌਰ 'ਤੇ ਮਿਲਣ ਲਈ ਢੁਕਵੀਂ ਤਰੀਕ ਅਤੇ ਸਮਾਂ ਮੰਗਿਆ ਹੈ ਤਾਂ ਜੋ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਬੱਸ ਸੇਵਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਫ਼ੈਸਲੇ ਨੂੰ ਰੱਦ ਕਰਵਾ ਸਕਾਂ।
ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਿਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ। ਮੈਂ ਇਸ ਲੋਕ-ਪੱਖੀ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪ ਸਭ ਤੋਂ ਮੇਰੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਅਤੇ ਨਿਰੰਤਰ ਸਹਿਯੋਗ ਦੀ ਮੰਗ ਕਰਦਾ ਹੋਇਆ ਹੁਣ ਤੱਕ ਆਪ ਜੀ ਦੇ ਮਿਲੇ ਪਿਆਰ ਲਈ ਧੰਨਵਾਦ ਕਰਦਾ ਹਾਂ।