
ਮੁੱਖ ਮੰਤਰੀ ਵਲੋਂ ਮੀਟਿੰਗ ਰੱਦ ਕਰਨ 'ਤੇ ਮਜ਼ਦੂਰ ਜਥੇਬੰਦੀਆਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ
ਚੰਡੀਗੜ੍ਹ, 10 ਅਕਤੂਬਰ (ਭੁੱਲਰ): ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤੈਅਸ਼ੁਦਾ ਮੀਟਿੰਗ ਰੱਦ ਕਰਨ ਦੇ ਵਿਰੋਧ ਵਿਚ ਅੱਜ ਪੰਜਾਬ ਦੇ 10 ਜ਼ਿਲਿ੍ਹਆਂ ਵਿਚ ਤਿੰਨ ਦਰਜਨ ਦੇ ਕਰੀਬ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਮੁੱਖ ਮੰਤਰੀ ਦੀਆਂ ਅਰਥੀਆਂ ਸਾੜਕੇ ਕੇ ਰੋਸ ਮਾਰਚ ਕੀਤੇ ਗਏ | ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਕਸ਼ਮੀਰ ਸਿੰਘ ਘੁੱਗਸੋਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਆਦਿ ਨੇ ਇਹ ਜਾਣਕਾਰੀ ਲਿਖਤੀ ਬਿਆਨ ਰਾਹੀਂ ਦਿੰਦਿਆਂ ਦਸਿਆ ਕਿ 11 ਤੇ 12 ਅਕਤੂਬਰ ਨੂੰ ਵੀ ਇਹ ਅਰਥੀ ਫੂਕ ਮੁਜ਼ਾਹਰੇ ਜਾਰੀ ਰਹਿਣਗੇ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਫਿਰ ਵੀ ਮੁੱਖ ਮੰਤਰੀ ਵਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿਖੇ ਉਦਘਾਟਨੀ ਸਮਾਗਮ ਮੌਕੇ ਮੁੱਖ ਮੰਤਰੀ ਦੇ ਪਹੁੰਚਣ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ |
ਵੱਖ ਵੱਖ ਥਾਵਾਂ 'ਤੇ ਜੁੜੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ 12 ਸਤੰਬਰ ਨੂੰ ਲਾਏ ਤਿੰਨ ਰੋਜ਼ਾ ਮੋਰਚੇ ਸਮੇਂ ਮੁੱਖ ਮੰਤਰੀ ਵਲੋਂ ਮਜ਼ਦੂਰ ਜਥੇਬੰਦੀਆਂ ਨਾਲ 3 ਅਕਤੂਬਰ ਦੀ ਮੀਟਿੰਗ ਰੱਖੀ ਸੀ ਜਿਸ ਨੂੰ ਬਦਲਵੀਂ ਤਰੀਕ ਦਿਤੇ ਬਿਨਾਂ ਹੀ ਰੱਦ ਕਰ ਦਿਤਾ ਗਿਆ |
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੂਨ ਮਹੀਨੇ ਵਿਚ ਮੁੱਖ ਮੰਤਰੀ ਵਲੋਂ ਮਜ਼ਦੂਰ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ ਵਿਚ ਪ੍ਰਵਾਨ ਕੀਤੀਆਂ ਕਈ ਅਹਿਮ ਮੰਗਾਂ ਮੰਨੀਆਂ ਸਨ ਪਰ ਇਨ੍ਹਾਂ ਨੂੰ ਲਾਗੂ ਕਰਨਾ ਤਾਂ ਦੂਰ ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ ਦੀ ਬਜਾਏ ਉਲਟਾ ਸੰਗਰੂਰ ਦੇ ਪਿੰਡ ਬਾਲਦ ਕਲਾ ਦੇ ਅੰਦੋਲਨ ਸਮੇਂ ਬਣੇ ਕੇਸ ਵਿਚ ਅੱਜ ਹੀ ਇਕ ਮਜ਼ਦੂਰ ਆਗੂ ਨੂੰ ਗਿ੍ਫ਼ਤਾਰ ਕਰ ਕੇ ਸਰਕਾਰ ਨੇ ਅਪਣੇ ਮਜ਼ਦੂਰ ਦੋਖੀ ਕਿਰਦਾਰ ਤੇ ਵਿਹਾਰ ਨੂੰ ਇਕ ਵਾਰ ਫਿਰ ਉਜਾਗਰ ਕਰ ਦਿਤਾ ਹੈ | ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਰੰਟੀ ਕਰ ਕੇ ਦਿਹਾੜੀ 700 ਰੁਪਏ ਕੀਤੀ ਜਾਵੇ |