
ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ 'ਚ ਕੀਤਾ ਵਿਸਥਾਰ
88 ਵਿਧਾਨ ਸਭਾ ਦੇ 329 ਬਲਾਕ ਪ੍ਰਧਾਨਾਂ ਨੂੰ ਦਿਤੇ ਨਿਯੁਕਤੀ ਪੱਤਰ
ਲੁਧਿਆਣਾ, 10 ਨਵੰਬਰ (ਅਮਰਜੀਤ ਸਿੰਘ ਕਲਸੀ) : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ 88 ਵਿਧਾਨ ਸਭਾਵਾਂ ਵਿਚ 4-4 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ।
ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਬਾਰੇ ਬੋਲਦਿਆਂ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਖ਼ਜ਼ਾਨਚੀ ਨੀਨਾ ਮਿੱਤਲ, ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ, ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਅਨੇਕਾਂ ਆਗੂ ਮੌਜੂਦ ਸਨ।
ਭਗਵੰਤ ਮਾਨ ਨੇ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਅਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੰਗimageਠਨ ਨਾ ਸਿਰਫ਼ ਪੰਜਾਬ ਵਿੱਚ ਸਰਕਾਰ ਸਥਾਪਤੀ ਦਾ ਕਾਰਜ ਕਰੇਗਾ ਪ੍ਰੰਤੂ ਉਸ ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ 'ਤੇ ਕਾਰਜ ਕਰੇਗਾ।