
ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਦਾਨਵੇ ਦਾ ਦਾਅਵਾ ਹਾਸੋਹੀਣਾ: ਰਾਉਤ
ਮੁੰਬਈ, 10 ਦਸੰਬਰ : ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਰਾਉਸਾਹੇਬ ਦਾਨਵੇ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਪਿੱਛੇ ਚੀਨ ਅਤੇ ਪਾਕਿਸਤਾਨ ਦਾ ਹੱਥ ਦਿਖਾਉਣ ਦੇ ਦਾਅਵੇ ਨੂੰ ਹਾਸੋਹੀਣਾ ਦਸਿਆ ਅਤੇ ਕਿਹਾ ਕਿ ਜੇ ਇਹ ਸੱਚ ਹੈ ਤਾਂ ਕੇਂਦਰ ਸਰਕਾਰ ਨੂੰ ਗੁਆਂਢੀ ਦੇਸ਼ਾਂ ਨੂੰ ਸਬਕ ਸਿਖਾਉਣਾ ਚਾਹੀਦਾ ਹੈ। ਰਾਉਤ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਕੀ ਉਹ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਜਾਰੀ ਰੇੜਕੇ ਦਾ ਛੇਤੀ ਹੱਲ ਕਢਣਾ ਚਾਹੁੰਦੀ ਹੈ ਜਾਂ ਨਹੀਂ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਹਜ਼ਾਰਾਂ
ਕਿਸਾਨ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਮੰਡੀ ਪ੍ਰਣਾਲੀ ਖ਼ਤਮ ਹੋ ਜਾਵੇਗੀ।
ਸਰਕਾਰ ਨੇ ਇਨ੍ਹਾਂ ਕਾਨੂੰਨਾਂ ਦਾ ਬਚਾਅ ਕਰਦਿਆਂ ਕਿਹਾ ਹੈ ਕਿ ਇਸ ਨਾਲ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਏਗਾ।
ਕੇਂਦਰੀ ਮੰਤਰੀ ਦਾਨਵੇ ਨੇ ਬੁਧਵਾਰ ਨੂੰ ਦਾਅਵਾ ਕੀਤਾ ਕਿ ਕਿਸਾਨਾਂ ਦੇ ਪ੍ਰਦਰਸ਼ਨਾਂ ਪਿੱਛੇ ਚੀਨ ਅਤੇ ਪਾਕਿਸਤਾਨ ਦਾ ਹੱਥ ਹੈ।
ਰਾਉਤ ਨੇ ਦਾਨਵੇ ਦੇ ਦਾਅਵੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸ਼ਿਵ ਸੈਨਾ ਨੇ ਕੇਂਦਰੀ ਮੰਤਰੀ ਦੇ ਇਸ ਬਿਆਨ ਨੂੰ ਗੰਭੀਰਤਾ ਨਾਲ ਲਿਆ ਹੈ ... ਹੁਣ, ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣ ਗਈ ਹੈ ਕਿ ਉਹ ਦੋਵੇਂ ਗੁਆਂਢੀ ਦੇਸ਼ਾਂ ਨੂੰ ਸਬਕ ਸਿਖਾਏ। (ਪੀਟੀਆਈ)