
ਕਿਸਾਨਾਂ ਨੂੰ ਅਪਣੇ ਫ਼ੈਸਲੇ ਦੀ ਸਮੀਖਿਆ ਕਰ ਕੇ ਅੰਦੋਲਨ ਵਾਪਸ ਲੈਣਾ ਚਾਹੀਦੈ : ਅਸ਼ਵਨੀ ਸ਼ਰਮਾ
ਚੰਡੀਗੜ੍ਹ, 10 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਸਾਨ ਨੇਤਾਵਾਂ ਵਲੋਂ ਤਿੰਨ ਖੇਤੀਬਾੜੀ ਕਾਨੂੰਨਾਂ 'ਚ ਪ੍ਰਸਤਾਵਿਤ ਸੋਧਾਂ ਨੂੰ ਰੱਦ ਕਰਨਾ ਬਹੁਤ ਮੰਦਭਾਗਾ ਹੈ, ਜਿਸ ਦੀ ਕੇਂਦਰ ਸਰਕਾਰ ਨੇ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪ੍ਰਸਤਾਵਿਤ ਸੋਧਾਂ ਵਿਚ ਐਮਐਸਪੀ ਅਤੇ ਮੰਡੀਆਂ ਬਾਰੇ ਕਿਸਾਨਾਂ ਦੀਆਂ ਸਾਰੀਆਂ ਵੱਡੀਆਂ ਚਿੰਤਾਵਾਂ ਦਾ ਹੱਲ ਕੀਤਾ ਹੈ, ਜਿਨ੍ਹਾਂ ਨੂੰ ਕਿਸਾਨਾਂ ਨੂੰ ਸਨਮਾਨ ਨਾਲ ਸਵੀਕਾਰਿਆ ਜਾਣਾ ਚਾਹੀਦਾ ਸੀ।
ਸ਼ਰਮਾ ਨੇ ਕਿਹਾ ਕਿ ਇਹ ਕੇਂਦਰ ਦੇ ਕਿਸਾਨਾਂ ਲਈ ਬਹੁਤ ਸਤਿਕਾਰ ਦੀ ਭਾਵਨਾ ਹੈ, ਜਿਸ ਨੇ ਕੇਂਦਰ ਨੂੰ ਕਿਸਾਨਾਂ ਦੇ ਮੁੱਦਿਆਂ 'ਤੇ ਸੋਧ ਕਰਨ ਲਈ ਪ੍ਰੇਰਿਆ। ਕਿਸਾਨਾਂ ਨੂੰ ਇਸ ਪ੍ਰਸਤਾਵ ਨੂੰ ਨਿਰਪੱਖਤਾ ਨਾਲ ਸਵੀਕਾਰ ਕਰਨਾ ਚਾਹੀਦਾ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰਖਦਿਆਂ ਸੱਤ ਸੋਧਾਂ ਦਾ ਖਰੜਾ ਤਿਆਰ ਕਰਨ ਲਈ ਰਾਜ਼ੀ ਹੋ ਗਈ ਹੈ, ਜਿਨ੍ਹਾਂ ਨੂੰ ਕਿਸਾਨਾਂ ਵਲੋਂ ਆਦਰ ਨਾਲ ਸਵੀਕਾਰ ਕੀਤਾ ਜਾਣਾ ਚਾਹੀਦਾ ਸੀ। ਸ਼ਰਮਾ ਨੇ ਸੁਝਾਅ ਦਿਤਾ ਕਿ ਕਿਸਾਨਾਂ ਨੂੰ ਅਪਣੇ ਫ਼ੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਕੇਂਦਰ ਵਲੋਂ ਦਿਤੀਆਂ ਪੇਸ਼ਕਸ਼ਾਂ ਦੇ ਮਦੇਨਜ਼ਰ ਅਪਣਾ ਅੰਦੋਲਨ ਵਾਪਸ ਲੈਣਾ ਚਾਹੀਦਾ ਹੈ।