
ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਸ਼ਰਮਾ ਖੜ੍ਹੇ ਹਨ।
ਚੰਡੀਗੜ੍ਹ - ਚੰਡੀਗੜ੍ਹ ਨਗਰ ਨਿਗਮ ਮੇਅਰ ਦੀਆਂ 17 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਸੁਮਨ ਸ਼ਰਮਾ ਖੜ੍ਹੇ ਹਨ।
ਵਿਰੋਧੀ ਧਿਰ ਦੇ ਨੇਤਾ ਯੋਗੇਸ਼ ਢੀਂਗਰਾ ਦੇ ਨਾਂ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਦੂਜੇ ਪਾਸੇ ਭਾਜਪਾ ਵੀ ਜਲਦ ਹੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਜਾ ਰਹੀ ਹੈ। ਸੈਕਟਰ 17 ਵਿਚ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਦੇ ਡਿਪਟੀ ਕਮਿਸ਼ਨਰ ਯਸ਼ਪਾਲ ਗਰਗ ਨੇ 2 ਜਨਵਰੀ ਨੂੰ ਮੇਅਰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪਾਰਟੀਆਂ ਨੂੰ ਸਿਆਸੀ ਤਾਲਮੇਲ ਅਤੇ ਰਣਨੀਤੀ ਲਈ 15 ਦਿਨਾਂ ਦਾ ਲੰਬਾ ਸਮਾਂ ਮਿਲਿਆ ਸੀ।
ਹਾਲਾਂਕਿ ਨਾਮਜ਼ਦਗੀ ਤੋਂ ਇੱਕ ਦਿਨ ਪਹਿਲਾਂ ਤੱਕ ਤਿੰਨਾਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਸੀ। ਨਾਮਜ਼ਦਗੀਆਂ ਸ਼ਾਮ 5 ਵਜੇ ਤੱਕ ਭਰੀਆਂ ਜਾਣਗੀਆਂ। ਦੱਸ ਦਈਏ ਕਿ ਸਾਲ 2015 ਤੋਂ ਹੁਣ ਤੱਕ ਕਾਂਗਰਸ ਦਾ ਕੋਈ ਵੀ ਮੇਅਰ ਨਹੀਂ ਬਣ ਸਕਿਆ ਹੈ। ਇਸ ਦੇ ਨਾਲ ਹੀ 2016 ਤੋਂ ਲਗਾਤਾਰ ਭਾਜਪਾ ਦਾ ਹੀ ਮੇਅਰ ਬਣ ਰਿਹਾ ਹੈ। ਕੇਂਦਰ ਸਰਕਾਰ ਦੀ ਵੀ ਇਨ੍ਹਾਂ ਚੋਣਾਂ 'ਤੇ ਨਜ਼ਰ ਹੈ ਅਤੇ ਦਿੱਲੀ 'ਚ ਬੈਠੇ ਮੁੱਖ ਮੰਤਰੀ ਕੇਜਰੀਵਾਲ ਵੀ ਚੰਡੀਗੜ੍ਹ ਨਿਗਮ 'ਚ 'ਆਪ' ਦੀ ਸੱਤਾ ਚਾਹੁੰਦੇ ਹਨ।