328 ਪਾਵਨ ਸਰੂਪਾਂ ਦੇ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਕੀਤੀ ਜਾਵੇ ਬੰਦ : ਜਥੇਦਾਰ ਗੜਗੱਜ
Published : Jan 12, 2026, 12:22 pm IST
Updated : Jan 12, 2026, 12:22 pm IST
SHARE ARTICLE
Politics being done in the matter of 328 holy forms should be stopped: Jathedar Gargajj
Politics being done in the matter of 328 holy forms should be stopped: Jathedar Gargajj

‘ਐਸ.ਜੀ.ਪੀ.ਸੀ. ਪ੍ਰਧਾਨ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰਨ’

ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਦੁਨੀਆ ਵਿੱਚ ਵੱਸਦਾ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਗੁਰੂ ਸਾਹਿਬ ਜੀ ਪ੍ਰਤੀ ਬਹੁਤ ਹੀ ਸ਼ਰਧਾ ਭਾਵਨਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਜੋ ਪਿਛਲੇ ਸਮੇਂ ਤੋਂ 328 ਪਾਵਨ ਸਰੂਪਾਂ ਸਬੰਧੀ ਮਾਮਲਾ ਚੱਲ ਰਿਹਾ ਹੈ, ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ. ਈਸ਼ਰ ਸਿੰਘ ਅਧਾਰਤ ਪੜਤਾਲ ਕਮਿਸ਼ਨ ਬਣਾਇਆ ਗਿਆ ਸੀ। ਕਮਿਸ਼ਨ ਦੀ ਰਿਪੋਰਟ ਵਿੱਚ ਸਪੱਸ਼ਟ ਹੈ ਕਿ ਇਹ ਪਾਵਨ ਸਰੂਪ ਸਬੰਧਤ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੰਗਤਾਂ ਨੂੰ ਦਿੱਤੇ ਗਏ ਅਤੇ ਇਨ੍ਹਾਂ ਦੀ ਬਣਦੀ ਭੇਟਾ ਟ੍ਰਸਟ ਫੰਡਾਂ ਵਿੱਚ ਜਮ੍ਹਾਂ ਨਹੀਂ ਕਰਵਾਈ ਅਤੇ ਨਾ ਹੀ ਬਿੱਲ ਕੱਟੇ ਗਏ। ਇਹ ਮਾਮਲਾ ਕੁਝ ਭ੍ਰਿਸ਼ਟ ਮੁਲਾਜ਼ਮਾਂ ਵੱਲੋਂ ਪੈਸਿਆਂ ਦੇ ਘਪਲੇ ਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨ ਕੀਤੀ ਗਈ ਸ. ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ 16 ਦੋਸ਼ੀਆਂ ਦੇ ਨਾਮ ਸਪੱਸ਼ਟ ਕੀਤੇ ਗਏ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਦੋਸ਼ੀ ਮੰਨਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਰੋਸ਼ਨੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ 16 ਦੋਸ਼ੀਆਂ ਵਿਰੁੱਧ ਵਿਭਾਗੀ ਕਾਰਵਾਈ ਕਰ ਚੁੱਕੀ ਹੈ। ਇਸ ਸਬੰਧੀ ਉਸ ਵੇਲੇ ਦੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ 17 ਨਵੰਬਰ 2020 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਇਤਿਹਾਸਕ ਮੰਚ ਤੋਂ ਕਿਹਾ ਸੀ ਕਿ ਇਹ ਪ੍ਰਬੰਧਕੀ ਭ੍ਰਿਸ਼ਟਾਚਾਰ ਦਾ ਮਾਮਲਾ ਹੈ, ਸਬੰਧਤ ਮੁਲਾਜ਼ਮਾਂ ਨੇ ਪੈਸਿਆਂ ਦਾ ਘਪਲਾ ਕੀਤਾ ਹੈ ਅਤੇ ਜਿਹੜੇ ਮੁਲਾਜ਼ਮਾਂ ਨੇ ਪੈਸੇ ਖਾਧੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਬਰਖਾਸਤ ਕੀਤਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਖ਼ਾਲਸਾ ਪੰਥ ਨੇ ਕਦੇ ਵੀ ਸਰਕਾਰ ਦੀ ਦਖਲਅੰਦਾਜ਼ੀ ਸਹਿਣ ਨਹੀਂ ਕੀਤੀ ਅਤੇ ਨਾ ਅਗਾਂਹ ਕਰੇਗਾ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਤੇ ਕੇਂਦਰੀ ਸੰਸਥਾ ਹੈ। ਪਰੰਤੂ ਮੌਜੂਦਾ ਚੱਲ ਰਹੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕੁਝ ਲੋਕਾਂ ਵੱਲੋਂ ਸੰਗਤ ਵਿੱਚ ਪੈਦਾ ਕੀਤੀਆਂ ਜਾ ਰਹੀਆਂ ਦੁਵਿਧਾਵਾਂ ਕਰਕੇ ਪੰਥ ਦੇ ਵਡੇਰੇ ਹਿਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਜਾਂਦਾ ਹੈ ਕਿ ਉਹ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਨਾਲ ਬਣਦਾ ਸਹਿਯੋਗ ਕਰਨ। ਮਾਮਲੇ ਦੀ ਜਾਂਚ ਲਈ ਜੇਕਰ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਕਿਸੇ ਵੀ ਜਾਣਕਾਰੀ ਦੀ ਲੋੜ ਹੈ ਤਾਂ ਇਸ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਹਾਜ਼ਰੀ ਵਿੱਚ ਲੋੜੀਂਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ-ਦਫ਼ਤਰ ਵਿਖੇ ਦੇਖੀ ਜਾ ਸਕਦੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ. ਈਸ਼ਰ ਸਿੰਘ ਪੜਤਾਲ ਕਮਿਸ਼ਨ ਨੇ ਆਪਣੀ ਰਿਪੋਰਟ ਦੇ ਚੌਥੇ ਭਾਗ ਦੇ ਪੰਨਾ ਨੰਬਰ 231 ਉੱਤੇ ਬਿਲਕੁਲ ਸਪੱਸ਼ਟ ਲਿਖਿਆ ਹੈ ਕਿ ਕੋਈ ਵੀ ਰਾਜਨੀਤਕ ਪਾਰਟੀ ਇਸ ਮਾਮਲੇ ਵਿੱਚੋਂ ਸਿਆਸੀ ਲਾਭ ਉਠਾਉਣ ਦਾ ਯਤਨ ਨਾ ਕਰੇ ਅਤੇ ਜੇਕਰ ਕੋਈ ਪਾਰਟੀ ਅਜਿਹਾ ਕਰਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਜਵਾਬਦੇਹ ਅਤੇ ਪੰਥ ਦੋਖੀ ਹੋਵੇਗੀ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾ ਚੁੱਕਾ ਹੈ ਕਿ ਕੋਈ ਵੀ ਸਿਆਸੀ ਧਿਰ, ਸੰਸਥਾ, ਵਿਅਕਤੀ ਇਸ ਸੰਜੀਦਾ ਮਾਮਲੇ ਉੱਤੇ ਰਾਜਨੀਤਕ ਲਾਭ ਲੈਣ ਦੀ ਕੋਸ਼ਿਸ਼ ਨਾ ਕਰੇ ਅਤੇ ਕੀਤੀ ਜਾ ਰਹੀ ਸਿਆਸਤ ਬੰਦ ਕੀਤੀ ਜਾਵੇ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮਾਮਲੇ ਦੇ ਚੱਲਦਿਆਂ ਪਿਛਲੇ ਦਿਨਾਂ ਤੋਂ ਇਹ ਧਿਆਨ ਵਿੱਚ ਆਇਆ ਹੈ ਕਿ ਮੀਡੀਆ, ਸੋਸ਼ਲ ਮੀਡੀਆ ਤੇ ਵੈੱਬ ਚੈਨਲਾਂ ਦੇ ਮੰਚਾਂ ਤੋਂ ਵੱਖ-ਵੱਖ ਪਾਰਟੀਆਂ ਦੇ ਬੁਲਾਰੇ, ਬੁੱਧੀਜੀਵੀ ਤੇ ਵਿਚਾਰਵਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਗੱਲ ਕਰਦਿਆਂ ਬਹੁਤ ਹੀ ਨੀਵੇਂ ਪੱਧਰ ਦੀਆਂ ਤਸਬੀਹਾਂ ਅਤੇ ਸ਼ਬਦਾਵਲੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਜਾਣੇ ਅਣਜਾਣੇ ਵਿੱਚ ਵਰਤੀ ਜਾਣ ਵਾਲੀ ਪੇਤਲੀ ਸ਼ਬਦਾਵਲੀ ਗੁਰਸਿੱਖਾਂ, ਧਰਮੀਆਂ ਅਤੇ ਪ੍ਰੇਮ ਭਾਵਨਾ ਵਾਲੇ ਜੀਆਂ ਲਈ ਅਸਹਿ ਹੈ ਅਤੇ ਸੁਣਨਯੋਗ ਨਹੀਂ ਅਤੇ ਇਸ ਸਬੰਧੀ ਬਹੁਤ ਗੁਰਸਿੱਖਾਂ ਤੇ ਸਿੱਖ ਸੰਸਥਾਵਾਂ ਨੇ ਇਤਰਾਜ਼ ਵੀ ਜਤਾਏ ਹਨ। ਉਨ੍ਹਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਧਿਆਨ ਵਿੱਚ ਰੱਖਦਿਆਂ ਮੀਡੀਆ/ਸੋਸ਼ਲ ਮੀਡੀਆ ਤੇ ਵੈੱਬ ਚੈਨਲਾਂ ਉੱਤੇ ਵਿਚਾਰ ਕਰਨ ਵਾਲੇ ਸਮੂਹ ਸਿੱਖ ਵਿਦਵਾਨਾਂ, ਸ਼ਖ਼ਸੀਅਤਾਂ ਤੇ ਬੁੱਧੀਜੀਵੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਹਦਾਇਤ ਕੀਤੀ ਜਾਂਦੀ ਹੈ ਕਿ ਇਸ ਮਾਮਲੇ ਦਾ ਨਤੀਜਾ ਸਾਹਮਣੇ ਆਉਣ ਤੱਕ ਇਸ ਮਾਮਲੇ ਨਾਲ ਸਬੰਧਤ ਕਿਸੇ ਵੀ ਧਿਰ, ਵਿਅਕਤੀ ਅਤੇ ਸੰਸਥਾ ਵਿਰੁੱਧ ਇਲਜ਼ਾਮਬਾਜ਼ੀ ਤੇ ਬਿਆਨਬਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੀਤਾ ਜਾਣਾ ਜਾਰੀ ਰੱਖਿਆ ਜਾਂਦਾ ਹੈ ਤਾਂ ਇਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੰਭੀਰ ਨੋਟਿਸ ਲਿਆ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement