
ਵੱਖਰੀ ਹਰਿਆਣਾ ਕਮੇਟੀ ਸਬੰਧੀ ਕੈਪਟਨ ਸਰਕਾਰ ਨੇ ਦਿਤਾ ਸੀ ਹਲਫ਼ਨਾਮਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਦਿਤੇ ਹਲਫ਼ਨਾਮੇ ਤੋਂ ਇਲਾਵਾ ਕਾਂਗਰਸੀ ਆਗੂ ਰਵਨੀਤ ਬਿੱਟੂ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਵਰਤੀ ਗਈ ਸ਼ਬਦਾਵਲੀ ਦੀ ਨਿੰਦਾ ਕੀਤੀ ਗਈ। ਮੀਟਿੰਗ ਦੌਰਾਨ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਨੂੰ ਘਿਨਾਉਣੀ ਸਾਜ਼ਿਸ਼ ਕਰਾਰ ਦਿਤਾ।
Photo
ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਉਸ ਦੀ ਮਨਸ਼ਾ ਵਿਚ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਹਰ ਪੱਧਰ 'ਤੇ ਲੜਾਈ ਲੜੇਗੀ।
Photo
ਇਸ ਮੌਕੇ ਸੰਬੋਧਨ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਅਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਾਂਗਰਸ ਸਿੱਖਾਂ ਦੀ ਦੁਸ਼ਮਣ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਦੀ ਕਿਸੇ ਵੀ ਸਿੱਖ ਵਿਰੋਧੀ ਚਾਲ ਨੂੰ ਪੂਰਾ ਨਹੀਂ ਹੋਣ ਦਿਤਾ ਜਾਵੇਗਾ।
Photo
ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਨ ਦਾ ਅਧਿਕਾਰ ਸੂਬਾ ਸਰਕਾਰਾਂ ਕੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਦਭਾਵਨਾ ਤਹਿਤ ਇਸ ਮਾਮਲੇ ਵਿਚ ਦਖ਼ਲ ਅੰਦਾਜ਼ੀ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Photo
ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖਿਲਾਫ਼ ਵਰਤੀ ਗਈ ਗ਼ਲਤ ਸ਼ਬਦਾਵਲੀ ਨੂੰ ਮੰਦਭਾਗੀ ਕਰਾਰ ਦਿੰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।