
ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਝਾ-ਬੁਝਾ ਕੇ ਸਥਿਤੀ 'ਤੇ ਕਾਬੂ ਪਾਇਆ
ਰੋਪੜ : ਕਿਸਾਨੀ ਅੰਦੋਲਨ ਕਾਰਨ ਪੰਜਾਬ ਅੰਦਰ ਨਿਗਮ ਚੋਣਾਂ 'ਚ ਖੜ੍ਹੇ ਉਮੀਦਵਾਰਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਉਮੀਦਵਾਰਾਂ ਦੇ ਪੋਸਟਰ ਅਤੇ ਪ੍ਰਚਾਰ ਸਮੱਗਰੀ ਵੇਖ ਕੇ ਕਿਸਾਨ ਭੜਕ ਜਾਂਦੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਸਰਦ ਰਾਤਾਂ ਦਿੱਲੀ ਦੇ ਬਾਰਡਰਾਂ 'ਤੇ ਕੱਟਣ ਲਈ ਮਜ਼ਬੂਰ ਹਨ ਅਤੇ 200 ਤੋਂ ਵਧੇਰੇ ਕਿਸਾਨ ਰੱਬ ਨੂੰ ਪਿਆਰੇ ਹੋ ਗਏ ਹਨ, ਪਰ ਭਾਜਪਾ ਆਗੂ ਕਿਸਾਨਾਂ ਦਾ ਸਾਥ ਦੇਣ ਦੀ ਥਾਂ ਪੋਸਟਰ ਲਗਾ ਕੇ ਮਾਹੌਲ ਖਰਾਬ ਕਰ ਰਹੇ ਹਨ।
Municipal Elections
ਇਸੇ ਤਹਿਤ ਸਥਾਨਕ ਸ਼ਹਿਰ ਵਿਚ ਵੀ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਭਾਜਪਾ ਆਗੂ ਦੇ ਸ਼ਹਿਰ ਵਿਚ ਪੋਸਟਰ ਲੱਗੇ ਹੋਣ ਦੀ ਭਿਣਕ ਪੈਦਿਆਂ ਵੱਡੀ ਗਿਣਤੀ ਕਿਸਾਨ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਭਾਜਪਾ ਦੇ ਲੱਗੇ ਪੋਸਟਰਾਂ ’ਤੇ ਭਾਜਪਾ ਦੇ ਉਮੀਦਵਾਰਾਂ ਦਾ ਮੂੰਹ ਕਾਲਾ ਕਰਨਾ ਸ਼ੁਰੂ ਕਰ ਦਿੱਤਾ।
Municipal Elections
ਮੌਕੇ ਉਤੇ ਮੌਜੂਦ ਜਦੋਂ ਭਾਜਪਾ ਉਮੀਦਵਾਰ ਦੇ ਬੇਟੇ ਨੇ ਇਸ ਦਾ ਵਿਰੋਧ ਸ਼ੁਰੂ ਕੀਤਾ। ਇਸ ਦੌਰਾਨ ਮੌਕੇ ਉਤੇ ਪਹੁੰਚੀ ਪੁਲਿਸ ਨੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।
Municipal Elections
ਭਾਜਪਾ ਉਮੀਦਵਾਰ ਦੇ ਪੁੱਤਰ ਰੋਮੀ ਨੇ ਦੋਸ਼ ਲਗਾਉਂਦੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਵੱਲੋਂ ਆਪਣੇ ਬੰਦੇ ਭੇਜ ਕੇ ਉਨ੍ਹਾਂ ਦੇ ਪੋਸਟਰਾਂ ਉਤੇ ਕਾਲਖ਼ ਪੋਥੀ ਜਾ ਰਹੀ ਹੈ। ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੋਵਾਂ ਧਿਰਾਂ ਨੂੰ ਸਮਝਾ-ਬੁਝਾ ਕੇ ਸਥਿਤੀ ਨੂੰ ਕਾਬੂ ਕੀਤਾ। ਇਸੇ ਤਰ੍ਹਾਂ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਵਿਚ ਵੀ ਕਿਸਾਨਾਂ ਵਲੋਂ ਭਾਜਪਾ ਆਗੂ ਦਾ ਵਿਰੋਧ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿਸਾਨਾਂ ਨੇ ਨਗਰ ਕੌਂਸਲ ਟਾਂਡਾ ਦੇ ਵਾਰਡ-8 ਤੋਂ ਉਮੀਦਵਾਰ ਦਾ ਵਿਰੋਧ ਕੀਤਾ ਜਿਸ ਤੋਂ ਬਾਅਦ ਹੰਗਾਮਾ ਹੋ ਗਿਆ।