
Punjab News : ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ - ਦੇਰ ਹੋਈ ਹੈ ਪਰ ਇਨਸਾਫ ਦੀ ਉਮੀਦ ਜਾਗੀ ਹੈ
Punjab News in Punjabi : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਦਾਲਤ ਦਾ ਧੰਨਵਾਦ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ ਹੈ।
'ਆਪ' ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੱਜਣ ਕੁਮਾਰ 1984 ਦੇ ਸਿੱਖ ਦੰਗਿਆਂ 'ਚ ਸਪੱਸ਼ਟ ਤੌਰ 'ਤੇ ਦੋਸ਼ੀ ਸੀ ਅਤੇ ਇਹ ਦੰਗੇ ਕਾਂਗਰਸ ਪਾਰਟੀ ਵੱਲੋਂ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਕੁਝ ਉਮੀਦ ਮਿਲੀ ਹੈ।
ਕੰਗ ਨੇ ਕਿਹਾ ਕਿ ਇਨਸਾਫ਼ ਮਿਲਣ ਵਿੱਚ ਕਾਫੀ ਦੇਰੀ ਹੋਈ ਹੈ ਕਿਉਂਕਿ ਸਜ਼ਾ ਸੁਣਾਏ ਜਾਣ ਵਿੱਚ ਦਹਾਕੇ ਲੱਗ ਗਏ ਹਨ, ਫਿਰ ਵੀ ਅਦਾਲਤ ਦਾ ਇਹ ਫੈਸਲਾ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ਵਿੱਚ ਭਰੋਸਾ ਵਧਿਆ ਹੈ। ਉਮੀਦ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਦਿੱਤੀ ਜਾਵੇਗੀ ਅਤੇ ਸੱਜਣ ਕੁਮਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਸਿੱਖ ਵਿਰੋਧੀ ਦੰਗਿਆਂ ਦੌਰਾਨ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਪਿਓ-ਪੁੱਤ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸੇ ਮਾਮਲੇ 'ਚ ਰਾਊਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਭਾਵੇਂ ਸੱਜਣ ਕੁਮਾਰ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਹੈ ਪਰ ਉਸ ਨੂੰ ਜੇਲ੍ਹ ਵਿੱਚੋਂ ਹੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ 18 ਫਰਵਰੀ ਨੂੰ ਬਹਿਸ ਤੋਂ ਬਾਅਦ ਅਦਾਲਤ ਵੱਲੋਂ ਸਜ਼ਾ ਦਾ ਫ਼ੈਸਲਾ ਕੀਤਾ ਜਾਵੇਗਾ।
(For more news apart from AAP thanked the court for convicting Sajjan Kumar News in Punjabi, stay tuned to Rozana Spokesman)