
ਅਨਿਲ ਵਿਜ ਨੇ ਨਰਿੰਦਰ ਤੋਮਰ ਨੂੰ ਕੀਤੀ ਬੇਨਤੀ
'ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੁੜ ਕੀਤੀ ਜਾਵੇ ਗੱਲਬਾਤ'
ਚੰਡੀਗੜ੍ਹ, 11 ਅਪ੍ਰੈਲ : ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਕਿਉਂਕਿ ਕੋਰੋਨਾ ਵਾਇਰਸ ਲਾਗ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ |
ਦੇਸ਼ ਭਰ 'ਚ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਅਤੇ ਹਰਿਆਣਾ 'ਚ ਵੀ ਖ਼ਰਾਬ ਹੁੰਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਵਿਜ ਨੇ ਕਿਹਾ ਕਿ ਉਹ ਦਿੱਲੀ ਨਾਲ ਲਗਦੀ ਸੂਬੇ ਦੀਆਂ ਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਬਾਰੇ ਚਿੰਤਤ ਹਨ | ਮੰਤਰੀ ਨੇ ਕਿਹਾ, ''ਹਰਿਆਣਾ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਕੰਟਰੋਲ 'ਚ ਲਿਆਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ, ਪਰ ਹਜ਼ਾਰਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ, ਜੋ ਹਰਿਆਣਾ ਦੀਆਂ ਹੱਦਾਂ ਤੇ ਬੈਠੇ ਹਨ ਅਤੇ ਮੈਂ ਉਨ੍ਹਾਂ ਨੂੰ ਕੋਰੋਨਾ ਤੋਂ ਬਚਾਉਣਾ ਹੈ |''
ਵਿਜ ਨੇ 9 ਅਪ੍ਰੈਲ ਨੂੰ ਲਿਖੇ ਅਪਣੇ ਪੱਤਰ 'ਚ ਕਿਹਾ, ''ਇਕ ਚਿੰਤਾ ਇਹ ਵੀ ਹੈ ਕਿ ਉਨ੍ਹਾਂ ਤੋਂ ਇਹ ਬਿਮਾਰੀ ਪੂਰੇ ਸੂਬੇ ਵਿਚ ਨਾ ਫੈਲ ਜਾਵੇ |'' ਉਨ੍ਹਾਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਅੰਦੋਲਨ ਕਰ ਰਹੇ ਕਿਸਾਨ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਸਮਰੱਥ ਨਹੀਂ ਹਨ | ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕਾਫ਼ੀ ਯਤਨ ਕੀਤੇ ਹਨ ਅਤੇ ਕਈ ਗੇੜ ਦੀ ਵਾਰਤਾ ਵੀ ਕੀਤੀ ਪਰ ਕੁੱਝ ਕਾਰਨਾਂ ਕਰ ਕੇ ਹੁਣ ਤਕ ਹੱਲ ਨਹੀਂ ਨਿਕਲ ਸਕਿਆ | (ਏਜੰਸੀ)