
13 ਅਪ੍ਰੈਲ ਨੂੰ ਬੱਤੀਆਂ ਵਾਲਾ ਚੌਕ ਕੋਟਕਪੂਰਾ ਵਿਖੇ ਰੋਸ ਧਰਨਾ ਦਿਤਾ ਜਾ ਰਿਹਾ ਹੈ
ਬਠਿੰਡਾ (ਬਲਵਿੰਦਰ ਸ਼ਰਮਾ): ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਆਏ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਸਰਕਾਰਾਂ ਅਤੇ ਸਿਆਸਤਦਾਨਾਂ ਵਿਰੁਧ 13 ਅਪ੍ਰੈਲ ਨੂੰ ਬੱਤੀਆਂ ਵਾਲਾ ਚੌਕ ਕੋਟਕਪੂਰਾ ਵਿਖੇ ਰੋਸ ਧਰਨਾ ਦਿਤਾ ਜਾ ਰਿਹਾ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਆਗੂਆਂ ਸੁਖਰਾਜ ਸਿੰਘ ਨਿਆਮੀਵਾਲਾ, ਜਸਵਿੰਦਰ ਸਿੰਘ ਸਾਹੋਕੇ ਅਤੇ ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਸੰਨ 2015 ਵਿਚ ਗੁਰਦੁਆਰਾ ਸਾਹਿਬ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਚੋਰੀ ਕਰ ਕੇ ਉਨ੍ਹਾਂ ਦੀ ਬੇਅਦਬੀ ਕੀਤੀ ਗਈ
Behbal Kalan golikand
ਜਿਸ ਦੇ ਰੋਸ ਵਜੋਂ ਸਿੱਖ ਸੰਗਤਾਂ ਨੇ ਬਹਿਬਲ ਕਲਾਂ, ਕੋਟਕਪੂਰਾ ਆਦਿ ਥਾਵਾਂ ’ਤੇ ਰੋਸ ਧਰਨੇ ਦਿਤੇ ਗਏ। ਉਸ ਸਮੇਂ ਦੀ ਅਕਾਲੀ ਸਰਕਾਰ ਦੇ ਇਸ਼ਾਰੇ ’ਤੇ ਨਾ ਸਿਰਫ਼ ਪੁਲਿਸ ਨੇ ਅੰਨ੍ਹੇਵਾਹਾ ਲਾਠੀਚਾਰਜ ਕੀਤਾ, ਬਲਕਿ ਬਹਿਬਲ ਕਲਾਂ ਵਿਖੇ ਗੋਲੀਆਂ ਵੀ ਚਲਵਾਈਆਂ। ਸਿੱਟੇ ਵਜੋਂ ਦੋ ਸਿੰਘ ਸ਼ਹੀਦ ਹੋ ਗਏ। ਇਸ ਸਬੰਧੀ ਜਾਂਚ ਕਮੇਟੀ, ਜਿਸਦੀ ਅਗਵਾਈ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਕਰ ਰਹੇ ਸਨ। ਇਸ ਮਾਮਲੇ ਵਿਚ ਤਤਕਾਲ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਡੀ.ਜੀ.ਪੀ. ਤੇ ਹੋਰ ਕਈ ਅਧਿਕਾਰੀ ਮੁਲਜ਼ਮਾਂ ਦੀ ਲਿਸਟ ਵਿਚ ਸਨ।
Behbal Kalan Goli Kand
ਪ੍ਰੰਤੂ ਐਨ ਮੌਕੇ ’ਤੇ ਹਾਈ ਕੋਰਟ ਨੇ ਇਸ ਜਾਂਚ ਕਮੇਟੀ ਦੀ ਰਿਪੋਰਟ ਨੂੰ ਰੱਦ ਕਰ ਦਿਤਾ। ਆਗੂਆਂ ਨੇ ਕਿਹਾ ਕਿ ਇਹ ਹਾਈ ਕੋਰਟ ਦਾ ਫ਼ੈਸਲਾ ਨਹੀਂ, ਸਗੋਂ ਸਰਕਾਰਾਂ ਅਤੇ ਸਿਆਸਤਦਾਨਾਂ ਵਲੋਂ ਜਬਰਨ ਕਰਵਾਇਆ ਗਿਆ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ, ਬਹਿਬਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾ ਸਕਦਾ। ਇਸ ਲਈ ਸਮੂਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਇਕਜੁਟ ਹੋ ਕੇ ਕਰੜਾ ਸੰਘਰਸ਼ ਵਿੱਢਣਗੀਆਂ ਜਿਸ ਦੀ ਪਹਿਲ 13 ਅਪ੍ਰੈਲ ਨੂੰ ਕੋਟਕਪੂਰਾ ਵਿਖੇ ਧਰਨਾ ਲਗਾ ਕੇ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੋਰ ਵੀ ਕਰੜੇ ਕਦਮ ਚੁੱਕੇ ਜਾਣਗੇ।