
ਮੁੱਖ ਮੰਤਰੀ ਵਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ
ਚੰਡੀਗੜ੍ਹ, 12 ਅਪ੍ਰੈਲ (ਸ.ਸ.ਸ.) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਿਖਿਆ ਵਿਭਾਗ ਨੇ ਅੱਜ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿਤੇ ਹਨ ਕਿ ਉਹ ਕਸਬਿਆਂ ਵਿਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰਤ ਜ਼ਿਲ੍ਹਾ ਸਿਖਿਆ ਅਧਿਕਾਰੀਆਂ (ਡੀ.ਈ.ਓਜ਼) ਨਾਲ ਸਾਂਝੀ ਕਰਨ।
ਇਸ ਕਦਮ ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਘਰਾਂ ਦੇ ਆਸ-ਪਾਸ ਮਰਜ਼ੀ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਖਰੀਦਣ ਦੀ ਖੁਲ੍ਹ ਦੇਣਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾਂਦਾ ਸੀ। ਮੁੱਖ ਮੰਤਰੀ ਨੇ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨੂੰ ਸਪਸ਼ਟ ਹੁਕਮ ਦਿਤੇ ਹਨ ਕਿ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ।
ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀ.ਈ.ਓਜ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਇਹ ਟੀਮਾਂ ਅਚਨਚੇਤ ਢੰਗ ਨਾਲ ਨਿਰੀਖਣ ਕਰ ਕੇ ਦੁਕਾਨਾਂ ਦੀ ਸੂਚੀ ਦੀ ਤਸਦੀਕ ਕਰਨਗੀਆਂ ਅਤੇ ਜੇਕਰ ਕੋਈ ਉਲੰਘਣਾ ਪਾਈ ਗਈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਮੰਤਰੀ ਨੇ ਡਿਪਟੀ ਕਮਿਸਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਰੈਗੂਲੇਟਰੀ ਸੰਸਥਾਵਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਿਰੁਧ ਸ਼ਿਕਾਇਤਾਂ ’ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿਤੇ।
ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਮੁੱਖ ਮੰਤਰੀ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਅਜੇ ਵੀ ਕੁੱਝ ਪ੍ਰਾਈਵੇਟ ਸਕੂਲ ਇਨ੍ਹਾਂ ਹੁਕਮਾਂ ਦੀ ਘੋਰ ਉਲੰਘਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਡਿਫ਼ਾਲਟਰ ਸਕੂਲਾਂ ਨੂੰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਜਲਦੀ ਹੀ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ।