
ਸੰਯੁਕਤ ਸਮਾਜ ਮੋਰਚੇ 'ਚ ਸ਼ਾਮਲ ਬਾਕੀ ਜਥੇਬੰਦੀਆਂ ਨੂੰ ਵੀ ਆਪਣਾ ਫ਼ੈਸਲਾ ਮੁੜ ਵਿਚਾਰਨ ਦਾ ਦਿੱਤਾ ਸੁਝਾਅ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ 16 ਕਿਸਾਨ ਜਥੇਬੰਦੀਆਂ ਨੇ ਵੱਡਾ ਫ਼ੈਸਲਾ ਲਿਆ ਹੈ। ਜਾਣਕਾਰੀ ਅਨੁਸਾਰ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਉਨ੍ਹਾਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।
SKM
ਇਸ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਮੱਦੇਨਜ਼ਰ ਦੂਸਰੇ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ਵਿੱਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਨ੍ਹਾਂ ਵਿਚ ਜਗਮੋਹਨ ਸਿੰਘ ਪਟਿਆਲਾ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ ਅਤੇ ਰਾਮਿੰਦਰ ਸਿੰਘ ਪਟਿਆਲਾ ’ਤੇ ਦੇ ਨਾਮ ਸ਼ਾਮਲ ਹਨ।
skm
ਇਸ ਤੋਂ ਇਲਾਵਾ ਮੀਟਿੰਗ ’ਚ 11 ਤੋਂ 17 ਅਪ੍ਰੈਲ ਤਕ ਮਨਾਏ ਜਾ ਰਹੇ ਐਮ.ਐਸ.ਈ. ਹਫ਼ਤੇ ਨੂੰ ਲਾਗੂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਦੱਸਣਯੋਗ ਹੈ ਕਿ ਕਿਸਾਨਾਂ ਨੇ ਐਮ.ਐਸ.ਪੀ. ਸਮੇਤ ਹੋਰ ਕਈ ਕਿਰਸਾਨੀ ਮੰਗਾਂ ਨੂੰ ਲੈ ਕੇ MSP ਹਫਤਾ ਮਨਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 9 ਕਿਸਾਨ ਜਥੇਬੰਦੀਆਂ ਪਹਿਲਾਂ ਹੀ ਸੰਯੁਕਤ ਸਮਾਜ ਮੋਰਚੇ ਦਾ ਸਾਥ ਛੱਡ ਚੁੱਕੀਆਂ ਹਨ। ਸੰਯੁਕਤ ਸਮਾਜ ਮੋਰਚੇ ਵਿਚ ਬਾਕੀ ਦੀਆਂ ਰਹਿੰਦੀਆਂ ਜਥੇਬੰਦੀਆਂ ਨੂੰ ਵੀ ਆਪਣੇ ਫੈਸਲੇ 'ਤੇ ਮੁੜ ਵਿਚਾਰਨ ਦਾ ਸੁਝਾਅ ਦਿਤਾ ਗਿਆ ਹੈ।