ਮੁੱਖ ਮੰਤਰੀ ਨੇ ਮਹਾਨ ਕ੍ਰਾਂਤੀਕਾਰੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਇਆ
Published : Apr 12, 2023, 9:38 pm IST
Updated : Apr 12, 2023, 9:38 pm IST
SHARE ARTICLE
CM UNVEILS STATUE OF EMINENT FREEDOM FIGHTER COMRADE TEJA SINGH SUTANTAR
CM UNVEILS STATUE OF EMINENT FREEDOM FIGHTER COMRADE TEJA SINGH SUTANTAR

ਕੌਮੀ ਨਾਇਕ ਦੇ ਜੱਦੀ ਪਿੰਡ ਲਈ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ

 

ਨਿਹਾਲਗੜ੍ਹ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ। ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਮਿਸਾਲੀ ਯੋਗਦਾਨ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਦਾ ਮਹਾਨ ਨਾਇਕ ਦੱਸਿਆ। ਉਨ੍ਹਾਂ ਨੇ ਉੱਘੇ ਆਜ਼ਾਦੀ ਘੁਲਾਟੀਏ ਵੱਲੋਂ ਸੰਸਦ ਮੈਂਬਰ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਕਾਮਰੇਡ ਤੇਜਾ ਸਿੰਘ ਸੁਤੰਤਰ ਦਾ ਜੀਵਨ ਤੇ ਦੇਸ਼ ਪ੍ਰਤੀ ਯੋਗਦਾਨ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਹਾਨ ਨੇਤਾਵਾਂ ਦੇ ਨਾਮ ਉਤੇ ਕਿਸੇ ਵੀ ਐਵਾਰਡ ਜਾਂ ਸਨਮਾਨ ਦਾ ਨਾਮ ਰੱਖਣ ਨਾਲ ਉਸ ਦਾ ਮਹੱਤਵ ਵਧ ਜਾਂਦਾ ਹੈ। ਕੌਮੀ ਆਜ਼ਾਦੀ ਸੰਘਰਸ਼ ਦੌਰਾਨ ਆਪਣੇ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਲਈ ਭਾਰਤ ਰਤਨ ਐਵਾਰਡ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਕਰਨ ਨਾਲ ਇਸ ਐਵਾਰਡ ਦਾ ਸਨਮਾਨ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਸਹੀ ਮਾਅਨਿਆਂ ਵਿਚ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਵਿਦੇਸ਼ੀ ਹਕੂਮਤ ਕੋਲੋ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ।

 

ਮੁੱਖ ਮੰਤਰੀ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਅਦ ਵੀ ਇਹ ਐਵਾਰਡ ਅਸਲ ਨਾਇਕਾਂ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡੀਆਂ ਲਈ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਚੋਣ ਕੀਤੀ ਜਾਂਦੀ ਹੈ। ਭਗਵੰਤ ਮਾਨ ਨੇ ਵਿਅੰਗ ਕਸਦਿਆਂ ਆਖਿਆ ਕਿ ਕਾਂਗਰਸ ਪਾਰਟੀ ਨਾਲ ਸਬੰਧਤ ਦੋ ਪ੍ਰਧਾਨ ਮੰਤਰੀਆਂ ਨੇ ਇਸ ਵੱਕਾਰੀ ਐਵਾਰਡ ਲਈ ਆਪਣੇ ਹੀ ਨਾਮ ਦੀ ਸਿਫ਼ਾਰਸ਼ ਕਰ ਦਿੱਤੀ ਸੀ।

ਮੁੱਖ ਮੰਤਰੀ ਨੇ ਦਿ੍ਰੜ੍ਹਤਾ ਨਾਲ ਆਖਿਆ ਕਿ ਵੱਖ-ਵੱਖ ਵਿਚਾਰਾਂ ਤੇ ਨਜ਼ਰੀਏ ਵਾਲੀ ਜਮਹੂਰੀਅਤ ਹਮੇਸ਼ਾ ਕਾਮਯਾਬ ਹੁੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਜਮਹੂਰੀਅਤ ਵਿੱਚ ਵਿਰੋਧੀ ਤੇ ਸੱਤਾਧਾਰੀ, ਦੋਵੇਂ ਧਿਰਾਂ ਅਹਿਮ ਹਨ ਅਤੇ ਦੋਵਾਂ ਨੂੰ ਸੂਬੇ ਦੇ ਵਿਕਾਸ ਦੀ ਦਿਸ਼ਾ ਵੱਲ ਪੁਰਜ਼ੋਰ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸਤ ਨੂੰ ਸਿਰਫ਼ ਚੋਣਾਂ ਤੱਕ ਮਹਿਦੂਦ ਰੱਖਣਾ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਸਾਰਿਆਂ ਨੂੰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

 

ਵਿਰੋਧੀਆਂ ਦੀ ਆਵਾਜ ਦਬਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰੀ ਸੱਤਾ ਵਿਚ ਬੈਠੇ ਲੋਕ ਆਪਣੇ ਵਿਰੋਧ ਵਿਚ ਕੁਝ ਵੀ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਜਿਹੜੇ ਵੀ ਇਨ੍ਹਾਂ ਹਾਕਮਾਂ ਦੇ ‘ਮਿੱਤਰਾਂ’ ਖਿਲਾਫ ਬੋਲਦਾ ਹੈ, ਉਨ੍ਹਾਂ ਨੂੰ ਸੰਸਦ ਤੋਂ ਬਾਹਰ ਕਰ ਦਿੱਤਾ ਜਾਂਦਾ ਹੈ ਜੋ ਜਮਹੂਰੀਅਤ ਦੀ ਭਾਵਨਾ ਦੇ ਖਿਲਾਫ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਬੰਦ ਕਰਨ ਦੀ ਲੋੜ ਹੈ ਕਿਉਂਕਿ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਕਾਮਰੇਡ ਤੇਜਾ ਸਿੰਘ ਸੁਤੰਤਰ ਨੇ ਮੁਲਕ ਵਿਚ ਇਹੋ ਜਿਹੀ ਜਮਹੂਰੀਅਤ ਦੀ ਕਲਪਨਾ ਵੀ ਨਹੀਂ ਕੀਤੀ ਸੀ।

ਆਪਣੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਦੇ ਸਮੇਂ ਤੋਂ ਹੀ ਉਹ ਸੂਬੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰ ਰਹੀ ਹੈ, ਜਿਸ ਦੇ ਨਤੀਜੇ ਵਜੋਂ 80 ਫੀਸਦੀ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ 9 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਨੂੰ ਧਨਾਢਾਂ ਦੇ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਵਿੱਚ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਤੇ ਜਾਂਚ ਸੇਵਾਵਾਂ ਮੁਹੱਈਆ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 21.21 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨਾਲ ਸਰਕਾਰ ਨੂੰ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਤੇ ਉਨ੍ਹਾਂ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਝਣ ਲਈ ਇਕ ਡੇਟਾਬੇਸ ਤਿਆਰ ਕਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ ਅਤੇ ਇਸ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਯਕੀਨੀ ਬਣਾਈ ਗਈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਬਰਾਬਰ ਭਾਈਵਾਲ ਬਣਾਉਣਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਪਿੰਡ ਵਾਸੀਆਂ ਦੀ ਵੱਡੀ ਮੰਗ ਨੂੰ ਸਵੀਕਾਰ ਕਰਦਿਆਂ ਇਸ ਕੌਮੀ ਨਾਇਕ ਦੇ ਨਾਮ ਉਤੇ ਲਾਇਬ੍ਰੇਰੀ ਤੇ ਐਸ.ਟੀ.ਪੀ. ਦੇ ਨਿਰਮਾਣ ਦੇ ਨਾਲ-ਨਾਲ ਸੜਕ ਨੂੰ ਚੌੜੀ ਤੇ ਮਜ਼ਬੂਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।   

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement