
ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
Faridkot News: ਫਰੀਦਕੋਟ - ਫਰੀਦਕੋਟ ਦੇ ਬਾਬਾ ਫਰੀਦ ਟਿੱਲਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਦੁਪਹਿਰ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਫੜਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਉਥੋਂ ਦੇ ਕੁੱਝ ਸੇਵਾਦਾਰਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ। ਦੋਸ਼ੀ ਵਿਅਕਤੀ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ।
ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੁਲਿਸ ਫੋਰਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਦੋਸ਼ੀ ਵਿਅਕਤੀ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਕਤ ਵਿਅਕਤੀ ਕਿਸ ਇਰਾਦੇ ਨਾਲ ਉਥੇ ਪਹੁੰਚਿਆ ਸੀ, ਇਹ ਜਾਂਚ ਦਾ ਵਿਸ਼ਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਸੀਸੀਟੀਵੀ ਫੁਟੇਜ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਉਕਤ ਮੁਲਜ਼ਮ ਵਿਅਕਤੀ ਆਪਣੇ ਇੱਕ ਸਾਥੀ ਨਾਲ ਮੋਟਰਸਾਈਕਲ ’ਤੇ ਆਇਆ ਤੇ ਡਰਾਈਵਰ ਨੇ ਤੇਜ਼ੀ ਨਾਲ ਮੋਟਰਸਾਈਕਲ ਰੋਕਿਆ ਤਾਂ ਪਿੱਛੇ ਬੈਠਾ ਵਿਅਕਤੀ ਅਚਾਨਕ ਬਾਬਾ ਫ਼ਰੀਦ ਟਿੱਲਾ ਕੰਪਲੈਕਸ ਦੇ ਗੇਟ ਅੰਦਰ ਦਾਖ਼ਲ ਹੋ ਗਿਆ। ਇਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵੱਲ ਭੱਜਿਆ ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਸੀ। ਦੋਸ਼ੀ ਵਿਅਕਤੀ ਗੁਰਦੁਆਰਾ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਜਾ ਦੇ ਸਾਹਮਣੇ ਜਾ ਕੇ ਬੈਠ ਗਿਆ। ਹਾਲਾਂਕਿ, ਇਸ ਤੋਂ ਪਹਿਲਾਂ ਕਿ ਵਿਅਕਤੀ ਕੋਈ ਹੋਰ ਹਮਲਾਵਰ ਗਤੀਵਿਧੀ ਕਰਦਾ, ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ।