
ਮਲੇਰਕੋਟਲਾ ਦੇ ਨਜ਼ਦੀਕੀ ਪਿੰਡ ਹਥੋਆ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋਏ ਮਿਲੇ।
ਸੰਗਰੂਰ: ਲੋਕ ਸਭਾ ਚੋਣਾਂ ਦੇ ਚਲਦਿਆਂ ਸਿਆਸਤ ਦਾ ਮਾਹੌਲ ਗਰਮਾਇਆ ਹੋਇਆ ਹੈ ਇਸਦੇ ਚਲਦਿਆਂ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਮਲੇਰਕੋਟਲਾ ਦੇ ਨਜ਼ਦੀਕੀ ਪਿੰਡ ਹਥੋਆ ਦੇ ਗੁਰਦੁਆਰਾ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ ਕੀਤੇ ਹੋਏ ਮਿਲੇ। ਐਤਵਾਰ ਨੂੰ ਜਦੋਂ ਸਵੇਰੇ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਪਾਠ ਕਰਨ ਲਈ ਦਰਬਾਰ ਸਾਹਿਬ ਵਿਚ ਪਹੁੰਚਿਆ ਤਾਂ ਉਸਨੇ ਦੇਖਿਆ ਕਿ ਦਰਬਾਰ ਸਾਹਿਬ ਦੇ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਹੈ।
Guru Granth Sahib found burnt at Hathoa
ਜਾਣਕਾਰੀ ਮਿਲਣ ‘ਤੇ ਪਿੰਡ ਦੇ ਲੋਕ ਵੀ ਮੌਕੇ ‘ਤੇ ਪਹੁੰਚ ਗਏ ਅਤੇ ਉਹਨਾਂ ਨੇ ਅੱਗ ਬੁਝਾਈ। ਇਸ ਤੋਂ ਬਾਅਦ ਪਟਿਆਲਾ ਰੇਂਜ ਦੇ ਆਈਜੀ ਏਐਸ ਰਾਏ, ਐਸਐਸਪੀ ਸੰਗਰੂਰ ਡਾਕਟਰ ਸੰਦੀਪ ਗਰਗ, ਸੰਗਰੂਰ ਅਤੇ ਪਟਿਆਲਾ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਐਸਐਸਪੀ ਸੰਦੀਪ ਗਰਗ ਨੇ ਕਿਹਾ ਹੈ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Guru Granth Sahib found burnt at Hathoa
ਮਾਹੌਲ ਤਣਾਅਪੂਰਨ ਹੋਣ ਤੋਂ ਰੋਕਣ ਲਈ ਪਿੰਡ ਵਿਚ ਜ਼ਿਆਦਾ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਗੁਰਦੁਆਰਾ ਸਾਹਿਬ ਵਿਚ ਲੋਕ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ। ਪਿੰਡ ਵਾਸੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸਦੇ ਨਾਲ ਹੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਚੋਣਾਂ ਦੇ ਮੱਦੇਨਜ਼ਰ ਕਿਸੇ ਨੇ ਪਿੰਡ ਦਾ ਮਾਹੌਲ ਖਰਾਬ ਕਰਨ ਦੀ ਇਹ ਹਰਕਤ ਕੀਤੀ ਹੈ।
Guru Granth Sahib found burnt at Hathoa
ਪਿੰਡ ਦੀ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪ੍ਰਤੀਨਿਧੀਆਂ ਨੇ ਸੰਯੁਕਤ ਬੈਠਕ ਸੱਦੀ ਹੈ, ਜਿਸ ਵਿਚ ਚੋਣਾਂ ਦੇ ਬਾਈਕਾਟ ਦਾ ਫੈਸਲਾ ਕੀਤਾ ਗਿਆ ਹੈ ਕਿਉਂਕਿ ਪਿੰਡ ਵਾਸੀਆਂ ਨੂੰ ਸ਼ੱਕ ਹੈ ਕਿ ਸਿਆਸੀ ਸਾਜਿਸ਼ ਦੇ ਤਹਿਤ ਇਹ ਕੰਮ ਕੀਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਪਿੰਡ ਵਾਸੀਆਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕਰ ਰਹੀ ਹੈ।