
ਕੇਂਦਰ ਸਰਕਾਰ ਵੱਲੋਂ ਦਿੱਤੇ ਘਟੀਆ ਕੁਆਲਟੀ ਦੇ ਵੈਂਟੀਲੇਟਰ ਹਸਪਤਾਲਾਂ ਵਿੱਚ ਪਏ ਧੂੜ ਚੱਟ ਰਹੇ ਨੇ
ਚੰਡੀਗੜ੍ਹ -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਤੇਜੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਕੋਰੋਨਾ ਪੀੜਤਾਂ ਦੀਆਂ ਸਭ ਤੋਂ ਜ਼ਿਆਦਾ ਮੌਤਾਂ ਹੋਣਾ ਸੂਬੇ ਵਿਚਲੀਆਂ ਘਟੀਆਂ ਸਿਹਤ ਸੇਵਾਵਾਂ ਦਾ ਨਤੀਜਾ ਹੈ, ਜਿਸ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਜ਼ਿੰਮੇਵਾਰ ਹਨ।
Rajindra Hospital
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਅੱਜ ਤੱਕ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀਆਂ ਦੀਆਂ ਹੀ ਸਰਕਾਰਾਂ ਰਹੀਆਂ ਹਨ। ਮੌਜੂਦਾ ਕੈਪਟਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਇੱਕ ਵੀ ਨਵਾਂ ਸਰਕਾਰੀ ਹਸਪਤਾਲ ਨਹੀਂ ਬਣਾਇਆ। ਜਿਹੜੇ ਸਰਕਾਰੀ ਹਸਪਤਾਲ ਹਨ, ਉਥੇ ਵੀ ਸਾਧਨਾਂ ਅਤੇ ਮੈਡੀਕਲ ਸਟਾਫ਼ ਦੀ ਘਾਟ ਹੈ।
Captain Amarinder Singh
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਚਲੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦਰ 20 ਫ਼ੀਸਦੀ ਹੈ, ਜੋ ਪੂਰੇ ਪੰਜਾਬ ਵਿੱਚੋਂ ਸਭ ਤੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦਾ ਪ੍ਰਕੋਪ ਪਿੰਡਾਂ ਤੱਕ ਪਹੁੰਚ ਗਿਆ। ਇਸ ਕਾਰਨ ਸੂਬੇ ’ਚ 4. 50 ਲੱਖ ਤੋਂ ਜ਼ਿਆਦਾ ਕੋਰੋਨਾ ਪੀੜਤ ਮਰੀਜ਼ ਹੋ ਗਏ ਹਨ ਅਤੇ ਮੌਤ ਦਾ ਅੰਕੜਾ 11 ਹਜ਼ਾਰ ਦੇ ਤੱਕ ਪਹੁੰਚ ਗਿਆ ਹੈ।
corona case
ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਸੰਧਵਾਂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਦੀਆਂ ਵਿਚਲੀਆਂ ਮਾੜੀਆਂ ਸਿਹਤ ਸਹੂਲਤਾਂ ਦੀ ਆਲਮ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ ਜੀਵਨ ਰੱਖਿਅਕ ਵੈਂਟੀਲੇਟਰ ਹਸਪਤਾਲਾਂ ਵਿੱਚ ਪਏ ਧੂੜ ਚੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੀ ਸੂਬਾ ਵਾਸੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ 320 ਵੈਂਟੀਲੇਟਰਾਂ ਵਿੱਚੋਂ 237 ਵੈਂਟੀਲੇਟਰ ਖ਼ਰਾਬ ਪਾਏ ਗਏ ਹਨ। ਸੂਬੇ ਦੇ ਕਈ ਜ਼ਿਲਿ੍ਹਆਂ ਬਠਿੰਡਾ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਅਤੇ ਮੋਗਾ ਆਦਿ ਵਿੱਚ ਜੀਵਨ ਰੱਖਿਅਕ ਪ੍ਰਣਾਲੀ ਹੀ ਨਹੀਂ ਹੈ।
ਦੂਜੇ ਪਾਸੇ ਰਾਜਿੰਦਰਾ ਹਸਪਤਾਲ ਪਟਿਆਲਾ ਸਮੇਤ ਵੱਖ ਵੱਖ ਸਰਕਾਰੀ ਹਸਪਤਾਲਾਂ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਮੁਲਾਜ਼ਮ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿੰਨੀ ਮਾੜੀ ਗੱਲ ਹੈ ਪਟਿਆਲਾ ਤੋਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਹਨ ਅਤੇ ਇੱਥੋਂ ਹੀ ਉਨ੍ਹਾਂ ਦੀ ਪਤਨੀ ਬੀਬਾ ਪ੍ਰਨੀਤ ਕੌਰ ਲੋਕ ਸਭਾ ਮੈਂਬਰ ਹਨ। ਫਿਰ ਵੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਆਮ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਕੋਈ ਪ੍ਰਬੰਧ ਨਹੀਂ। ਵਿਧਾਇਕ ਸੰਧਵਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚਲੇ ਮਾੜੇ ਪ੍ਰਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੂਬੇ ’ਚ ਸਿਹਤ ਸੇਵਾਵਾਂ ਨੂੰ ਚੰਗਾ ਬਣਾਉਣ ਲਈ ਤੁਰੰਤ ਵੱਡੀ ਸੰਖਿਆਂ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾਣੀ ਚਾਹੀਦੀ ਹੈ।