
ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਮੁਤਾਬਕ ਸੰਤੁਲਿਤ ਬਜਟ ਪੇਸ਼ ਕਰੇਗੀ : ਹਰਪਾਲ ਸਿੰਘ ਚੀਮਾ
ਐਸ.ਏ.ਐਸ. ਨਗਰ, 7 ਮਈ (ਨਰਿੰਦਰ ਸਿੰਘ ਝਾਂਮਪੁਰ) : ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਇਕ ਚੁਣੀ ਹੋਈ ਸਰਕਾਰ ਵਲੋਂ ਆਮ ਬਜਟ ਪੇਸ਼ ਕਰਨ ਤੋਂ ਪਹਿਲਾਂ ਲੋਕਾਂ ਵਿਚ ਜਾ ਕੇ ਉਨ੍ਹਾਂ ਕੋਲੋਂ ਬਜਟ ਦੇ ਸਬੰਧ ਵਿਚ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀਆਂ ਉਮੀਦਾਂ ਮੁਤਾਬਕ ਇਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਜਿਸ ਵਿਚ ਇੰਡਸਟਰੀ, ਸਿਖਿਆ, ਸਿਹਤ ਤੇ ਪੇਂਡੂ ਵਿਕਾਸ ਦੇ ਨਾਲ ਹੋਰਨਾਂ ਸੈਕਟਰਾਂ ਦੇ ਸਮੂਹਕ ਵਿਕਾਸ ਬਾਰੇ ਸੰਤੁਲਿਤ ਵਿਤੀ ਵਿਵਸਥਾ ਕੀਤੀ ਜਾਵੇਗੀ |
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ. ਹਰਪਾਲ ਸਿੰਘ ਚੀਮਾ ਵਿੱਤ, ਯੋਜਨਾ, ਯੋਜਨਾ ਲਾਗੂਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਪੰਜਾਬ ਸਰਕਾਰ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਜਨਤਾ ਬਜਟ 2022-23 ਲਈ ਸਨਅਤਕਾਰਾਂ, ਵਪਾਰੀ ਵਰਗ ਅਤੇ ਸਿਖਿਆ ਮਾਹਰਾਂ ਕੋਲੋਂ ਸੁਝਾਅ ਲੈਣ ਲਈ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਸ.ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਇੱਛਾਵਾਂ ਅਤੇ ਉਮੀਦਾਂ ਮੁਤਾਬਕ ਹੀ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦਸਿਆ ਕਿ ਇਸ ਸਿਲਸਿਲੇ ਵਿਚ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਸਨਅਤਕਾਰਾਂ, ਵਪਾਰੀ ਵਰਗ ਕੋਲੋਂ ਸੁਝਾਅ ਇਕੱਤਰ ਕੀਤੇ ਹਨ |
ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਂਦਾ ਕਰਨ ਲਈ ਉਦਯੋਗਾਂ ਨੂੰ ਰੀੜ੍ਹ ਹੱਡੀ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਵਲੋਂ ਦਿਤੇ ਗਏ ਸੁਝਾਵਾਂ ਨੂੰ ਸ਼ਿੱਦਤ ਨਾਲ ਵਿਚਾਰ ਕੇ ਲੋਕ ਰਾਏ ਅਨੁਸਾਰ ਹੀ ਆਮ ਬਜਟ ਪੇਸ਼ ਕੀਤਾ ਜਾਵੇਗਾ |
ਇਸ ਮੌਕੇ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ, ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜ), ਪੂਜਾ ਐਸ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ), ਸ੍ਰੀ ਹਰਬੰਸ ਸਿੰਘ ਐਸ.ਡੀ.ਐਮ ਮੋਹਾਲੀ, ਸ੍ਰੀ ਅਭਿਕੇਸ਼ ਗੁਪਤਾ ਐਸ.ਡੀ.ਐਮ ਖਰੜ੍ਹ ਤੇ ਹੋਰ ਪੁਲਿਸ ਤੇ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ |
ਐਸਏਐਸ-ਨਰਿੰਦਰ-11-2
ਐਸਏਐਸ-ਨਰਿੰਦਰ-11-3ਏ