
ਕਿਹਾ- ਬੱਸ ਸਰਵਿਸ ਸ਼ੁਰੂ ਹੋਣ ਦੇ 25 ਦਿਨਾਂ ਦੇ ਅੰਦਰ ਕਰੀਬ 17,500 ਸਵਾਰੀਆਂ ਨੇ ਦਿੱਲੀ ਹਵਾਈ ਅੱਡੇ ਤੱਕ ਕੀਤਾ ਸਫ਼ਰ
ਕਿਹਾ, ਟਰਾਂਸਪੋਰਟ ਮਾਫ਼ੀਆ ਦੇ ਖ਼ਾਤਮੇ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚਲਾਈਆਂ ਵਾਲਵੋ ਬੱਸਾਂ
ਚੰਡੀਗੜ੍ਹ : ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੁਣ ਤੱਕ ਇਸ ਬੱਸ ਸਰਵਿਸ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ।
Laljit Singh Bhullar
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 15 ਜੂਨ ਨੂੰ ਬੱਸ ਸੇਵਾ ਦਾ ਉਦਘਾਟਨ ਕਰਨ ਦੇ 25 ਦਿਨਾਂ ਦੇ ਅੰਦਰ-ਅੰਦਰ ਪੰਜਾਬ ਤੋਂ ਦਿੱਲੀ ਕੌਮਾਂਤਰੀ ਏਅਰਪੋਰਟ ਦਰਮਿਆਨ ਚੱਲਣ ਵਾਲੀ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਫ਼ਾਇਦੇਮੰਦ ਸਾਬਤ ਹੋ ਰਹੀ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 20 ਵਾਲਵੋ ਬੱਸਾਂ ਰੋਜ਼ਾਨਾ ਅੰਮਿ੍ਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਕੌਮਾਂਤਰੀ ਏਅਰਪੋਰਟ ਨਵੀਂ ਦਿੱਲੀ ਤੱਕ ਚਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ 'ਤੇ ਬਹੁਤ ਥੋੜ੍ਹੇ ਕਿਰਾਏ 'ਚ ਸਸਤੀ, ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਦੇ ਰਹੀਆਂ ਇਨ੍ਹਾਂ ਵਾਲਵੋ ਬੱਸਾਂ ਨੇ ਨਿੱਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਖ਼ਤਮ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ। ਬੱਸ ਕਾਊਂਟਰਾਂ 'ਤੇ ਟਿਕਟਾਂ ਦੀ ਬੁਕਿੰਗ ਤੋਂ ਇਲਾਵਾ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਦਾ ਵੀ ਨਿਰੰਤਰ ਲਾਭ ਲੈ ਰਹੇ ਹਨ।
punbus volvo
ਟਰਾਂਸਪੋਰਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਵਾਲਵੋ ਬੱਸਾਂ ਦੇ ਚੱਲਣ ਨਾਲ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਦਿਨ-ਬ-ਦਿਨ ਬੀਤੇ ਦੀ ਗੱਲ ਬਣਦਾ ਜਾ ਰਿਹਾ ਹੈ ਕਿਉਂਕਿ ਦਹਾਕਿਆਂ ਤੋਂ ਇਸ ਰੂਟ 'ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੇ ਹੀ ਆਪਣੀਆਂ ਬੱਸਾਂ ਚਲਾਈਆਂ ਅਤੇ ਲੋਕਾਂ ਨਾਲ ਧੱਕੇਸ਼ਾਹੀ ਕਰਕੇ ਉਨ੍ਹਾਂ ਦੀ ਲੁੱਟ ਕਰਦੇ ਰਹੇ। ਮੰਤਰੀ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂ ਆਪਣੇ ਸੌੜੇ ਹਿੱਤਾਂ ਕਰਕੇ ਸਰਕਾਰੀ ਬੱਸਾਂ ਨੂੰ ਹਵਾਈ ਅੱਡੇ ਤੱਕ ਚਲਾਉਣ ਤੋਂ ਰੋਕਦੇ ਰਹੇ।
ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫ਼ੀਆ ਜਾਂ ਅਜਾਰੇਦਾਰੀ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।