
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਤੰਦਰੁਸਤ ਬਣਾਉਣ ਲਈ ਜੋ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਸ਼ੁਰੂ ...
ਹੁਸ਼ਿਆਰਪੁਰ, 11 ਅਗੱਸਤ (ਆਦੇਸ਼ ਪਰਮਿੰਦਰ ਸਿੰਘ) : ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਤੰਦਰੁਸਤ ਬਣਾਉਣ ਲਈ ਜੋ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਨੂੰ ਕਾਮਯਾਬ ਬਣਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ। ਉਹ ਅੱਜ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਉਘੇ ਦਾਨੀ ਸੱਜਣ ਸ਼੍ਰੀ ਪਿਆਰੇ ਲਾਲ ਸੈਣੀ ਦੇ ਸਹਿਯੋਗ ਨਾਲ ਖੋਲ੍ਹੇ ਗਏ ਕੰਪਿਊਟਰ ਸੈਂਟਰ ਦਾ ਉਦਘਾਟਨ ਕਰ ਰਹੇ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਆਈ.ਏ.ਐਸ (ਅੰਡਰ ਟ੍ਰੇਨਿੰਗ) ਸ਼੍ਰੀ ਗੌਤਮ ਜੈਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਕੰਪਿਊਟਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸ਼੍ਰੀ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਇਸ ਕੇਂਦਰ ਵਿਚ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਉਥੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਖ-ਵੱਖ ਸਿਖਲਾਈ ਕੋਰਸ ਵੀ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਕੰਪਿਊਟਰ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਜੋ ਮਰੀਜ਼ ਨਸ਼ੇ ਦੀ ਦਲਦਲ ਵਿੱਚੋਂ ਨਿਕਲ ਕੇ ਕੰਪਿਊਟਰ ਦੇ ਖੇਤਰ ਵਿਚ ਰੁਜ਼ਗਾਰ ਪ੍ਰਾਪਤ ਕਰ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤੰਦਰੁਸਤ ਬਣਾਉਣ ਲਈ ਨਸ਼ਿਆਂ ਖਿਲਾਫ ਇਕਜੁੱਟਤਾ ਬਹੁਤ ਜ਼ਰੂਰੀ ਹੈ, ਜਿਸ ਲਈ ਇਸ ਕੁਰੀਤੀ ਵਿਰੁਧ ਸਾਂਝਾ ਹੰਭਲਾ ਮਾਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਖਿਲਾਫ ਕਾਫੀ ਗੰਭੀਰ ਹਨ ਅਤੇ ਇਸੇ ਗੰਭੀਰਤਾ ਸਦਕਾ ਡੈਪੋ ਮੁਹਿੰਮ ਚਲਾਈ ਗਈ ਹੈ। ਸ਼੍ਰੀ ਅਰੋੜਾ ਨੇ ਮੁੜ ਵਸੇਬਾ ਕੇਂਦਰ ਲਈ 1 ਲੱਖ ਰੁਪਏ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਕੇਂਦਰ ਵਿਚ ਮਰੀਜ਼ਾਂ ਦੀ ਸਹੂਲਤ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਉਣ ਲਈ ਉਹ ਜੀਅ ਤੋੜ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਵਿਚ ਉਨ੍ਹਾਂ ਐਮ ਕਾਮ ਅਤੇ ਬੀ.ਐਸ.ਸੀ (ਆਈ.ਟੀ) ਦੇ ਕੋਰਸ ਸ਼ੁਰੂ ਕਰਵਾ ਦਿੱਤੇ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਹਲਕੇ ਦੇ ਸਾਰੇ ਐਲੀਮੈਂਟਰੀ ਸਕੂਲਾਂ ਵਿਚ ਸਮਾਰਟ ਕਲਾਸਾਂ ਵੀ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਪ੍ਰਾਇਮਰੀ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸ਼ਮਸ਼ਾਨਘਾਟ ਲਈ 2 ਕਰੋੜ ਰੁਪਏ ਖਰਚੇ ਜਾ ਰਹੇ ਹਨ, ਜਿਸ ਤਹਿਤ 21 ਲੱਖ ਰੁਪਏ ਜਾਰੀ ਵੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਨਕਸ਼ਾ ਬਦਲਣ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਤੋਂ ਪਹਿਲਾਂ ਸ਼੍ਰੀ ਅਰੋੜਾ ਨੇ ਮੁੜ ਵਸੇਬਾ ਕੇਂਦਰ ਵਿਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਨਿਕਲਕੇ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਦੀ ਅਪੀਲ ਵੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਕੰਪਿਊਟਰ ਖੇਤਰ ਨਾਲ ਜੋੜਕੇ ਪੈਰਾਂ ਸਿਰ ਖੜ੍ਹਾ ਕਰਨ ਲਈ ਹੀ ਕੰਪਿਊਟਰ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਇਥੇ ਦਾਖਲ ਮਰੀਜ਼ ਹੁਨਰਮੰਦ ਬਣਕੇ ਜ਼ਿੰਦਗੀ ਨਵੇਂ ਸਿਰੇ ਤੋਂ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਵਿਚ ਹਰੇਕ ਵਿਅਕਤੀ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।
ਸਮਾਰੋਹ ਦੌਰਾਨ ਡੈਪੋ ਤਹਿਤ ਨਸ਼ਿਆਂ ਖਿਲਾਫ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁੱਕੀ ਗਈ ਅਤੇ ਇਸ ਦੌਰਾਨ ਸ੍ਰੀ ਪਿਆਰੇ ਲਾਲ ਸੈਣੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰੇਨੂ ਸੂਦ, ਸ੍ਰੀ ਨਰੇਸ਼ ਗੁਪਤਾ, ਡਾ. ਸਤਪਾਲ ਗੋਜਰਾ, ਡਾ. ਗੁਰਵਿੰਦਰ ਸਿੰਘ, ਮਨੋਰੋਗ ਮਾਹਿਰ ਡਾ. ਰਾਜ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।