
ਤਿਉਹਾਰ ਦੀਆਂ ਖ਼ੁਸ਼ੀਆਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ
ਚੰਡੀਗੜ੍ਹ : ਪੰਜਾਬ 'ਚ ਕਸ਼ਮੀਰੀ ਵਿਦਿਆਰਥੀਆਂ ਲਈ ਅੱਜ ਦਿਲ ਨੂੰ ਛੂਹ ਜਾਣ ਵਾਲੇ ਪਲ ਸਨ। ਉਹ ਇਹ ਉਮੀਦ ਪਾਲੀ ਬੈਠੇ ਸਨ ਕਿ ਇਸ ਸਾਲ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਇਕੱਲਿਆਂ ਹੀ ਮਨਾਉਣਗੇ ਕਿਉਂਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪਣੇ ਮਾਪਿਆਂ ਕੋਲ ਨਹੀਂ ਜਾ ਸਕਣਗੇ ਪਰ ਇੱਥੇ ਉਨ੍ਹਾਂ ਨੂੰ ਅਚੰਭਿਤ ਕਰਨ ਵਾਲੀ ਖ਼ੁਸ਼ੀ ਮਿਲੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿਖੇ ਦੁਪਹਿਰ ਦੇ ਖਾਣੇ ਦਾ ਸੱਦਾ ਪੱਤਰ ਦੇ ਕੇ ਇਸ ਮੌਕੇ ਨੂੰ ਖੁਸ਼ੀਆਂ ਨਾਲ ਭਰ ਦਿੱਤਾ ਅਤੇ ਉਨ੍ਹਾਂ ਨੂੰ ਘਰ ਵਰਗਾ ਅਹਿਸਾਸ ਕਰਵਾਇਆ।
Captain Amarinder Singh hosts Kashmiri students on Eid
ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਪਗ 125 ਵਿਦਿਆਰਥੀਆਂ ਨੂੰ ਮੁਹੱਬਤ ਤੇ ਅਪਣੱਤ ਭਰੀ ਮਹਿਕ ਦਾ ਨਿੱਘ ਮਿਲਿਆ ਕਿਉਂਕਿ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਇਸ ਪਵਿੱਤਰ ਤਿਉਹਾਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਮੇਜ਼ਬਾਨੀ ਦਾ ਫ਼ੈਸਲਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਵਿਚ ਹਾਲਾਤ ਛੇਤੀ ਸੁਧਾਰ ਜਾਣ ਦਾ ਵਿਸ਼ਵਾਸ ਹੈ। ਉਨ੍ਹਾਂ ਨੇ ਵਾਦੀ ਵਿਚ ਸਥਿਤੀ ਆਮ ਵਾਂਗ ਹੋਣ ਦੀ ਕਾਮਨਾ ਨਾਲ ਨੌਜਵਾਨਾਂ ਨੂੰ ਵਧਾਈ ਦਿੱਤੀ। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਹਿਫਾਜ਼ਤ ਦਾ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਬੇਸ਼ਕ ਅਸੀਂ ਤੁਹਾਡੇ ਪਰਿਵਾਰਾਂ ਦੀ ਥਾਂ ਤਾਂ ਨਹੀਂ ਲੈ ਸਕਦੇ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਪਰਿਵਾਰ ਹੀ ਸਮਝੋਗੇ।"
Captain Amarinder Singh hosts Kashmiri students on Eid
ਕੈਪਟਨ ਨੇ ਕਿਹਾ ਕਿ ਭਾਵੇਂ ਉਹ ਆਪਣੇ ਸਿਆਸੀ ਰੁਝੇਵਿਆਂ ਕਾਰਨ ਪਿਛਲੇ ਲੰਮੇ ਸਮੇਂ ਤੋਂ ਕਸ਼ਮੀਰ ਨਹੀਂ ਗਏ ਪਰ ਉਹ ਮੰਨਦੇ ਹਨ ਕਿ ਖੂਬਸੂਰਤ ਵਾਦੀ ਉਨ੍ਹਾਂ ਦਾ ਦੂਜਾ ਘਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਇਸ ਤਿਉਹਾਰ ਦੀਆਂ ਖ਼ੁਸ਼ੀਆਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ (ਵਿਦਿਆਰਥੀਆਂ) ਦੇ ਪਰਿਵਾਰ ਆਪਣੇ ਘਰਾਂ ਵਿਚ ਸੁਰੱਖਿਅਤ ਹੋਣਗੇ ਅਤੇ ਆਪਣੇ ਪਰਿਵਾਰਾਂ ਨੂੰ ਉਹ ਛੇਤੀ ਹੀ ਮਿਲਣਗੇ।
Captain Amarinder Singh hosts Kashmiri students on Eid
ਮੁੱਖ ਮੰਤਰੀ ਦੀਆਂ ਭਾਵਨਾਵਾਂ ਦੇ ਜਵਾਬ ਵਿਚ ਵਿਦਿਆਰਥੀਆਂ ਨੇ ਕਿਹਾ ਕਿ ਉਹ ਵੀ ਪੰਜਾਬ ਨੂੰ ਆਪਣਾ ਦੂਜਾ ਘਰ ਮੰਨਦੇ ਹਨ ਜਿੱਥੇ ਉਨ੍ਹਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਵੀ ਆਪਣੇ ਆਪ ਨੂੰ ਹਮੇਸ਼ਾ ਮਹਿਫੂਜ਼ ਸਮਝਿਆ। ਇਸ ਮੌਕੇ ਇਕ ਵਿਦਿਆਰਥੀ ਫੈਕ ਸਲੇਮ ਨੇ ਕਿਹਾ, "ਅਸੀਂ ਇਹ ਦੇਖਿਆ ਕਿ ਪੰਜਾਬੀ ਫਰਾਖ਼ਦਿਲ ਹੁੰਦੇ ਹਨ।" ਬਾਕੀ ਵਿਦਿਆਰਥੀਆਂ ਨੇ ਵੀ ਉਨ੍ਹਾਂ ਦੀ ਆਵਾਜ਼ ਸੁਣਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
Captain Amarinder Singh hosts Kashmiri students on Eid
ਇਸ ਮੌਕੇ ਪਿਆਰ ਅਤੇ ਸਤਿਕਾਰ ਵਜੋਂ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਤੋਂ ਫਾਈਨ ਆਰਟਸ ਦੇ ਕਸ਼ਮੀਰੀ ਵਿਦਿਆਰਥੀ ਅਬਦੁਲ ਆਜ਼ਾਦ ਵਲੋਂ ਬਣਾਇਆ ਚਿੱਤਰ ਮੁੱਖ ਮੰਤਰੀ ਨੂੰ ਭੇਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਠਿਆਈ ਵੰਡ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਸਮਾਗਮ ਵਿਚ ਚੰਡੀਗੜ੍ਹ ਯੂਨੀਵਰਸਿਟੀ, ਸੀ.ਜੀ.ਸੀ. ਝੰਜਹੇੜੀ ਤੇ ਲਾਂਡਰਾ, ਚਿਤਕਾਰਾ ਯੂਨੀਵਰਸਿਟੀ, ਐਸ.ਵੀ.ਆਈ.ਈ.ਟੀ. ਯੂਨੀਵਰਸਿਟੀ ਬਨੂੜ, ਸੀ.ਟੀ. ਯੂਨੀਵਰਸਿਟੀ ਲੁਧਿਆਣਾ, ਲਵਲੀ ਯੂਨੀਵਰਸਿਟੀ ਅਤੇ ਸਵਿੱਫਟ ਕਾਲਜ ਰਾਜਪੁਰਾ ਤੋਂ ਕਸ਼ਮੀਰੀ ਵਿਦਿਆਰਥੀ ਸ਼ਾਮਲ ਹੋਏ।
Captain Amarinder Singh hosts Kashmiri students on Eid
ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡੀ.ਜੀ.ਪੀ. ਦਿਨਕਰ ਗੁਪਤਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵੜਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸੰਦੀਪ ਸੰਧੂ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਜਗਦੀਪ ਸਿੰਘ ਸਿੱਧੂ ਹਾਜ਼ਰ ਸਨ।