
ਹਾਕੀ ਖਿਡਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਜਦੋਂ ਅਸੀਂ ਕਾਂਸੀ ਤਮਗ਼ਾ ਜਿੱਤੇ ਸੀ, ਤਾਂ ਸਾਰੀ ਟੀਮ ਨੇ ਹੀ ਇਹ ਫ਼ੈਸਲਾ ਕੀਤਾ ਸੀ ਕਿ ਸੱਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕਰਾਂਗੇ : ਕੋਚ ਮਨਪ੍ਰੀਤ ਸਿੰਘ
ਅੰਮ੍ਰਿਤਸਰ, 11 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਟੋਕੀਉ ਉਲੰਪਿਕ ਵਿਚੋਂ ਕਾਂਸੀ ਤਮਗ਼ਾ ਜੇਤੂ ਭਾਰਤੀ ਹਾਕੀ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੀ ਭਾਰਤੀ ਹਾਕੀ ਟੀਮ ਦੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਆਯੋਜਤ ਕਰ ਕੇ ਇਹ ਸਨਮਾਨ ਦਿਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੀਮ ਦੇ ਹਰ ਖਿਡਾਰੀ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈੱਕ, ਸਿਰੋਪਾਉ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਨਮਾਨ ਚਿੰਨ੍ਹ ਦੇਣ ਦੇ ਨਾਲ-ਨਾਲ ਭਾਰਤੀ ਹਾਕੀ ਦੇ ਜਨਰਲ ਸਕੱਤਰ ਸ. ਰਜਿੰਦਰ ਸਿੰਘ ਅਤੇ ਖਿਡਾਰੀਆਂ ਦੇ ਪਰਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਮਿਆਂ ਦੌਰਾਨ ਉਲੰਪਿਕ ਵਿਚੋਂ ਮੱਲ੍ਹਾਂ ਮਾਰਨ ਵਾਲੇ ਕਈ ਖਿਡਾਰੀਆਂ ਨੂੰ ਵੀ ਸਨਮਾਨਤ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤ ਕੇ 41 ਸਾਲ ਬਾਅਦ ਜੋ ਇਤਿਹਾਸ ਸਿਰਜਿਆ ਹੈ, ਉਸ ਨਾਲ ਦੇਸ਼ ਦਾ ਨਾਂ ਪੂਰੀ ਦੁਨੀਆਂ ਵਿਚ ਉੱਚਾ ਹੋਇਆ ਹੈ। ਪੰਜਾਬ ਲਈ ਇਹ ਖੁਸ਼ੀ ਹੋਰ ਵੀ ਜ਼ਿਆਦਾ ਹੈ ਕਿਉਂਕਿ ਭਾਰਤੀ ਹਾਕੀ ਟੀਮ ਵਿਚ ਬਹੁ-ਗਿਣਤੀ ਖਿਡਾਰੀ ਪੰਜਾਬ ਵਿਚੋਂ ਹਨ। ਸਿੱਖ ਕੌਮ ਨੂੰ ਖੇਡ ਭਾਵਨਾ ਦੇ ਰੂਬਰੂ ਗੁਰੂ ਸਾਹਿਬਾਨ ਨੇ ਕਰਵਾਇਆ ਹੈ ਇਸੇ ਤਹਿਤ ਹੀ ਹਾਕੀ ਟੀਮ ਦੇ ਹਰ ਖਿਡਾਰੀ ਨੂੰ ਸਨਮਾਨਤ ਰਾਸ਼ੀ ਦਿਤੀ ਜਾ ਰਹੀ ਹੈ। ਗੁਰੂ ਘਰ ਤੋਂ ਦਿਤਾ ਗਿਆ ਸਨਮਾਨ ਇਸ ਲਈ ਬਹੁਤ ਵੱਡਾ ਹੈ, ਕਿਉਂਕਿ ਇਹ ਕੇਵਲ ਰਾਸ਼ੀ ਹੀ ਨਹੀਂ ਬਲਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ। ਸ਼੍ਰੋਮਣੀ ਕਮੇਟੀ ਦੀਆਂ ਖੇਡ ਅਕੈਡਮੀਆਂ ਲਗਾਤਾਰ ਸਰਗਰਮ ਹਨ ਅਤੇ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੂੰ ਭਾਰਤੀ ਹਾਕੀ ਵਲੋਂ ਮਾਨਤਾ ਮਿਲ ਚੁੱਕੀ ਹੈ। ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਹਾਕੀ ਟੀਮ ਦੇ ਖਿਡਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ।
ਸਟੇਜ ਦਾ ਸੰਚਾਲਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਮੰਗਵਿੰਦਰ ਸਿੰਘ ਖਾਪੜਖੇੜੀ ਆਦਿ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।