![MLA Sheetal Angural MLA Sheetal Angural](/cover/prev/93krqd5l2csonmgg06p0lr2bv4-20230812210633.Medi.jpeg)
ਸਾਰੇ ਜ਼ਮਾਨਤੀ ਬਾਂਡ ਵੀ ਕੀਤੇ ਰੱਦ
ਜਲੰਧਰ - ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਨੇ ਸ਼ੀਤਲ ਅੰਗੁਰਾਲ ਦੇ ਸਾਰੇ ਜ਼ਮਾਨਤ ਮੁਚੱਲਕੇ ਵੀ ਰੱਦ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ। ਸ਼ੀਤਲ ਅੰਗੁਰਾਲ ਨੂੰ 24 ਅਗਸਤ ਨੂੰ ਗ੍ਰਿਫ਼ਤਾਰ ਕਰ ਕੇ ਗੈਰ-ਜ਼ਮਾਨਤੀ ਵਾਰੰਟ ਨਾਲ ਪੇਸ਼ ਕਰਨ ਲਈ ਕਿਹਾ ਗਿਆ ਹੈ।
ਸੀ.ਜੇ.ਐਮ ਅਮਿਤ ਕੁਮਾਰ ਗਰਗ ਵੱਲੋਂ ਜਾਰੀ ਹੁਕਮਾਂ ਵਿਚ ਵਿਧਾਇਕ ਸ਼ੀਤਲ ਅੰਗੁਰਾਲ ਬਾਰੇ ਵੀ ਟਿੱਪਣੀਆਂ ਕੀਤੀਆਂ ਗਈਆਂ ਹਨ। ਇਸ ਵਿਚ ਕਿਹਾ ਗਿਆ ਹੈ ਕਿ ਉਹ ਵਾਰ-ਵਾਰ ਅਦਾਲਤ ਵਿਚ ਪੇਸ਼ ਹੋਣ ਤੋਂ ਛੋਟ ਲਈ ਅਰਜ਼ੀਆਂ ਦੇ ਰਹੇ ਹਨ ਪਰ ਜੇਕਰ ਸ਼ੀਤਲ ਅੰਗੁਰਾਲ ਨੂੰ ਹਰ ਤਰੀਕ ਤੋਂ ਹਰ ਵਾਰ ਅਦਾਲਤ ਤੋਂ ਰਾਹਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਸਮਾਜ ਪ੍ਰਤੀ ਗਲਤ ਸੰਦੇਸ਼ ਜਾਵੇਗਾ।
ਅਦਾਲਤ ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਅਦਾਲਤ ਨੇ ਟਿੱਪਣੀ ਕੀਤੀ ਕਿ 6 ਜੂਨ, 2022 ਨੂੰ ਸ਼ੀਤਲ ਅੰਗੁਰਾਲ ਵਿਰੁੱਧ ਦੋਸ਼ ਆਇਦ ਕੀਤੇ ਗਏ ਸਨ, ਪਰ ਉਸ ਤੋਂ ਬਾਅਦ ਹਰ ਤਰੀਕ 'ਤੇ ਹਾਜ਼ਰੀ ਤੋਂ ਛੋਟ ਦੀਆਂ ਅਰਜ਼ੀਆਂ ਆਉਂਦੀਆਂ ਰਹੀਆਂ। ਦੱਸਿਆ ਜਾ ਰਿਹਾ ਹੈ ਕਿ ਸ਼ੀਤਲ ਅੰਗੁਰਾਲ 'ਤੇ ਅਦਾਲਤ ਨੂੰ ਬਿਨਾਂ ਦੱਸੇ ਇੰਗਲੈਂਡ ਜਾਣ ਦਾ ਵੀ ਦੋਸ਼ ਹੈ, ਜਿਸ ਦੀ ਅਦਾਲਤ 'ਚ ਸ਼ਿਕਾਇਤ ਕੀਤੀ ਗਈ ਹੈ।
ਹੁਕਮਾਂ ਵਿਚ ਅਦਾਲਤ ਨੇ ਇਸ ਸਬੰਧ ਵਿਚ ਟਿੱਪਣੀ ਵੀ ਕੀਤੀ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ ਵਿਦੇਸ਼ ਜਾਣ ਦੀ ਸ਼ਿਕਾਇਤ ਕਰਨ ਤੋਂ ਬਾਅਦ ਮਾਮਲੇ ਦੀ ਅਸਲੀਅਤ ਜਾਣਨ ਲਈ ਉਸ ਦੇ ਪਾਸਪੋਰਟ ਦੀ ਕਾਪੀ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ, ਪਰ ਅੱਜ ਤੱਕ ਪੇਸ਼ ਨਹੀਂ ਕੀਤਾ ਗਿਆ। ਉਸ ਨੂੰ ਅਦਾਲਤ ਵੱਲੋਂ ਵਾਰ-ਵਾਰ ਨਿੱਜੀ ਤੌਰ 'ਤੇ ਪੇਸ਼ ਹੋਣ ਤੋਂ ਵੀ ਰਾਹਤ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਾਲ 2017 ਵਿਚ ਹਰਵਿੰਦਰ ਕੌਰ ਮਿੰਟੀ ਨੇ ਥਾਣਾ ਡਵੀਜ਼ਨ ਨੰਬਰ 6 ਵਿਚ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਇਸ 'ਚ ਕਿਹਾ ਗਿਆ ਸੀ ਕਿ ਉਨ੍ਹਾਂ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਉਸ ਪ੍ਰਤੀ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ। ਮਿੰਟੀ ਕੌਰ ਨੂੰ ਬਲੈਕਮੇਲਰ ਕਹਿ ਕੇ ਕਈ ਦੋਸ਼ ਲਾਏ। ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਪਹਿਲਾਂ ਵੀ ਕਈ ਵਾਰ ਵਿਵਾਦਾਂ ਵਿਚ ਘਿਰ ਚੁੱਕੇ ਹਨ।