
ਹਰਿਆਣਾ ਸਰਕਾਰ ਨੇ ਕਿਹਾ- ਪੁਲਿਸ ਫੋਰਸ ਦਾ ਮਨੋਬਲ ਡਿੱਗਿਆ, SC ਨੇ ਕੀਤਾ ਇਨਕਾਰ
Shubhkaran Singh : ਸੁਪਰੀਮ ਕੋਰਟ ਨੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾਉਣ ਵਾਲੀ ਹਰਿਆਣਾ ਰਾਜ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਦਲੀਲ ਨੂੰ ਗਲਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਕਿ ਜਾਂਚ ਕਮੇਟੀ ਵੱਲੋਂ ਹੀ ਕੀਤੀ ਜਾਵੇ।
ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਪੁਲਿਸ ਵੱਲੋਂ ਇਸਤੇਮਾਲ ਕੀਤੇ ਗਏ ਬਲ ਦੇ ਸਬੰਧ 'ਚ ਕਮੇਟੀ ਆਪਣੀ ਰਾਏ ਦੇਵੇਗੀ। ਇਸ ਆਧਾਰ 'ਤੇ ਹੀ ਹਾਈਕੋਰਟ ਜਾਂ ਸੁਪਰੀਮ ਕੋਰਟ ਵੱਲੋਂ ਫੈਸਲਾ ਲਿਆ ਜਾਵੇਗਾ।
ਸੋਮਵਾਰ ਦੀ ਕਾਰਵਾਈ ਦੌਰਾਨ ਹਰਿਆਣਾ ਰਾਜ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਨਿਆਂਇਕ ਜਾਂਚ ਕਮੇਟੀ ਦੇ ਹਵਾਲੇ ਕੀਤੇ ਗਏ ਵਿਸ਼ਿਆਂ ਵਿੱਚੋਂ ਇੱਕ ਇਹ ਹੈ ਕਿ ਕੀ ਘੱਟ ਬਲ ਦਾ ਇਸਤੇਮਾਲ ਕੀਤਾ ਜਾ ਸਕਦਾ ਸੀ। ਇਸ ਦਾ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਪੁਲਿਸ ਦਾ ਮਨੋਬਲ ਡਿੱਗਦਾ ਹੈ।
21 ਫਰਵਰੀ ਨੂੰ ਹੋਈ ਸੀ ਸ਼ੁਭਕਰਨ ਦੀ ਮੌਤ
21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਆਰੋਪ ਹੈ ਕਿ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਉਸ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।