
ਚੋਣ ਨਿਸ਼ਾਨ ਅਤੇ ਦਫ਼ਤਰ ਲੈਣ ਲਈ ਚੋਣ ਕਮਿਸ਼ਨਰ ਕੋਲ ਕਰਾਂਗੇ ਪਹੁੰਚ
Prof. Chandumajra news : ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਅਸਲੀ ਅਕਾਲੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲਾ ਅਕਾਲੀ ਦਲ ਹੁਣ ਪੰਜਾਬ ਦੇ ਹੱਕਾਂ ਦੀ ਗੱਲ ਕਰੇਗਾ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ ਗਏ ਫੈਸਲੇ ਅਤੇ ਅਕਾਲੀ ਦਲ ਦੀ ਪੁਨਰ ਸੁਰਜੀਤ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਪੂਰੇ 15 ਲੱਖ ਵਿਅਕਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦਿੱਤੀ ਗਈ। ਇਸ ਮੈਂਬਰਸ਼ਿਪ ਤੋਂ ਬਾਅਦ ਚੁਣੇ ਗਏ ਡੈਲੀਗੇਟਾਂ ਵੱਲੋਂ ਹੀ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 105 ਸਾਲਾਂ ਦੇ ਇਤਿਹਾਸ ਦੌਰਾਨ ਪਹਿਲੀ ਵਾਰ ਕਿਸੇ ਦਲਿਤ ਵਿਅਕਤੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਹੀ ਧਾਰਨਾ ਚੱਲੀ ਆ ਰਹੀ ਸੀ ਕਿ ਸ਼੍ਰੋਮਣੀ ਅਕਾਲੀ ਦਲ ’ਤੇ ਜੱਟ ਸਿੱਖਾਂ ਅਤੇ ਧਨਾਢ ਵਿਅਕਤੀਆਂ ਦਾ ਕਬਜ਼ਾ ਰਿਹਾ ਹੈ। ਪਰ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਕੇ ਇਸ ਮਿੱਥ ਨੂੰ ਵੀ ਤੋੜ ਦਿੱਤਾ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਅਸੀਂ ਚੋਣ ਨਿਸ਼ਾਨ ਅਤੇ ਦਫ਼ਤਰ ਲਈ ਵੀ ਚੋਣ ਕਮਿਸ਼ਨ ਕੋਲ ਦਾਅਵਾ ਪੇਸ਼ ਕਰਾਂਗੇ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਇਹ ਸਾਨੂੰ ਜ਼ਰੂਰ ਅਲਾਟ ਹੋਣਗੇ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਤਾਂ ਚੰਦ ਵਿਅਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਸੀ। ਪਰ ਗਿਆਨੀ ਹਰਪ੍ਰੀਤ ਨੂੰ ਪੂਰੇ ਡੈਲੀਗੇਟ ਇਜਲਾਸ ਦੌਰਾਨ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਹੁਣ ਅਸੀਂ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਵਾਂਗੇ, ਜੋ ਕਿ ਪਿਛਲੇ 16 ਸਾਲਾਂ ਤੋਂ ਕਰਵਾਈਆਂ ਹੀ ਨਹੀਂ ਗਈਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬੀਬੀ ਸਤਵੰਤ ਕੌਰ ਦੀ ਅਗਵਾਈ ’ਚ ਹੁਣ ਅਸੀਂ ਪੰਜਾਬ ਭਰ ਦੇ ਪੰਥਕ ਅਤੇ ਲੋਕਾਂ ਦੇ ਮੁੱਦੇ ਉਠਾਵਾਂਗੇ।