
21 ਸਿੱਖ ਸੈਨਿਕਾਂ ਦੀ ਸੂਰਮਗਤੀ ਦਰਸਾਉਣ ਦੇ ਉਦੇਸ਼ ਵਾਲੇ ਮਾਣਮੱਤੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ
ਫਿਰੋਜ਼ਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 21 ਸਿੱਖ ਸੂਰਮਿਆਂ ਦੀ ਯਾਦ ਵਿਚ ਬਣਨ ਵਾਲੀ ਯਾਦਗਾਰ ਦਾ ਨਿਰਮਾਣ ਕਾਰਜ ਛੇ ਮਹੀਨਿਆਂ ਵਿਚ ਮੁਕੰਮਲ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯਾਦਗਾਰ ਦੀ ਉਸਾਰੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਦਾ ਕੰਮ ਹਰ ਹਾਲ ਵਿਚ ਛੇ ਮਹੀਨਿਆਂ ਵਿਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੌਰਾਨ ਸੈਨਿਕਾਂ ਦੀ ਸੂਰਮਗਤੀ ਅਤੇ ਕੁਰਬਾਨੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਦੌਰਾਨ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਸੂਰਬੀਰਤਾ ਦੀ ਲਾਮਿਸਾਲ ਗਾਥਾ ਹੈ ਜਿਸ ਦਾ ਇਤਿਹਾਸ ਵਿਚ ਕੋਈ ਵੀ ਸਾਨੀ ਨਹੀਂ ਹੈ।
CM Bhagwant Mann lays foundation stone of Saragarhi Memorial at Ferozepur
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਅੱਗੇ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਦੁਸ਼ਮਣ ਅੱਗੇ ਗੋਡੇ ਟੇਕਣ ਦੀ ਬਜਾਏ ਮੌਤ ਨੂੰ ਤਰਜੀਹ ਦਿਤੀ। ਭਗਵੰਤ ਮਾਨ ਨੇ ਕਿਹਾ ਕਿ 36 ਸਿੱਖ ਦੇ ਸੈਨਿਕਾਂ ਦੀ ਮਿਸਾਲੀ ਗਾਥਾ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਹੈ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿਤੀ ਸੀ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਭਾਰਤੀ ਫੌਜ ਦੇ ਇਤਿਹਾਸ ਵਿਚ ਮਿਸਾਲ ਬਣੀ ਰਹੇਗੀ ਅਤੇ ਇਹ ਵੀ ਯਾਦ ਕਰਵਾਉਂਦੀ ਰਹੇਗੀ ਕਿ ਜਦੋਂ ਵੀ ਪੰਜਾਬੀਆਂ ਨੂੰ ਪਿਛਾਂਹ ਧੱਕਣ ਦੀ ਕੋਸ਼ਿਸ਼ ਹੋਈ ਤਾਂ ਉਸ ਵੇਲੇ ਉਹ ਆਪਣੀ ਸਮਰੱਥਾ ਤੋਂ ਵੱਧ ਤਾਕਤਵਾਰ ਹੋ ਕੇ ਖੜ੍ਹੇ ਹੋ ਸਕਦੇ ਹਨ।
ਜੰਗ ਦੌਰਾਨ ਦਿਖਾਏ ਜੁਝਾਰੂਪੁਣੇ ਦੇ ਪਾਸਾਰ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫੌਜ ਦੇ ਇਤਿਹਾਸ ਵਿਚ ਆਖਰੀ ਸਾਹ ਤੱਕ ਮਰ ਮਿਟਣ ਦੇ ਮਹਾਨ ਵਿਰਸੇ ਨੂੰ ਨੌਜਵਾਨਾਂ ਵਿਚ ਪ੍ਰੇਰਨਾ ਦੇ ਪ੍ਰਤੀਕ ਵਜੋਂ ਉਭਾਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਰਾਗੜ੍ਹੀ ਜੰਗ ਦੀ ਸੂਰਮਗਤੀ ਸਿੱਖ ਸੈਨਿਕਾਂ ਦੇ ਜਜ਼ਬੇ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਪੇਸ਼ ਕਰਦੀ ਹੈ ਜਿਨ੍ਹਾਂ ਨੇ ਦੁਸ਼ਮਣ ਦਾ ਸਾਹਮਣਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਮੁਲਕ ਇਨ੍ਹਾਂ ਬਹਾਦਰ ਸੈਨਿਕਾਂ ਦੀ ਮਿਸਾਲੀ ਕੁਰਬਾਨੀ ਦਾ ਸਦਾ ਰਿਣੀ ਰਹੇਗਾ।
CM Bhagwant Mann lays foundation stone of Saragarhi Memorial at Ferozepur
ਮੁੱਖ ਮੰਤਰੀ ਨੇ ਕਿਹਾ ਕਿ ਉਹ ਜੰਗੀ ਯਾਦਗਾਰ ਦੇ ਕੰਮ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਛੇ ਮਹੀਨਿਆਂ ਵਿਚ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਕਿਸੇ ਵੀ ਤਰ੍ਹਾਂ ਬੇਲੋੜੀ ਦੇਰੀ ਅਣਉਚਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਦੇ ਨਿਰਮਾਣ ਮੌਕੇ ਮਿਆਰਤਾ ਦੇ ਪੈਮਾਨਿਆਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਨਿਰਮਾਣ ਦੌਰਾਨ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਜਿਹੀ ਹਰਕਤ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਪੰਜਾਬ ਦੇ ਇਤਿਹਾਸ ਵਿਚ ਬੇਹੱਦ ਮਹੱਤਵ ਰੱਖਦੇ ਇਸ ਸਥਾਨ ਨੂੰ ਅਣਗੌਲਿਆ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਹ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਸਾਲ 2019 ਵਿਚ ਇਕ ਕਰੋੜ ਰੁਪਏ ਜਾਰੀ ਕੀਤੇ ਸਨ। ਭਗਵੰਤ ਮਾਨ ਨੇ ਕਿਹਾ ਕਿ ਏਹ ਕਿੰਨੇ ਦੁੱਖ ਦੀ ਗੱਲ ਹੈ ਕਿ ਇਸ ਯਾਦਗਾਰ ਦਾ ਕੰਮ ਕਦੇ ਵੀ ਸ਼ੁਰੂ ਨਹੀਂ ਹੋਇਆ ਕਿਉਂ ਜੋ ਇਸ ਲਈ 25 ਲੱਖ ਰੁਪਏ ਹੋਰ ਲੋੜੀਂਦੇ ਸਨ ਜੋ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸ਼ਹੀਦਾਂ ਪ੍ਰਤੀ ਪਿਛਲੀਆਂ ਸਰਕਾਰ ਦੇ ਵਤੀਰੇ ਦਾ ਪਤਾ ਲਗਦਾ ਹੈ।
ਮੁੱਖ ਮੰਤਰੀ ਨੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਸੂਬੇ ਵਿਚ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਯਾਦਗਾਰ ਅਤੇ ਹੁਸੈਨੀਵਾਲਾ, ਜਿੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ, ਇਸ ਜ਼ਿਲ੍ਹੇ ਵਿਚ ਪੈਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਇਤਿਹਾਸਕ ਮਹੱਤਤਾ ਵਾਲੀਆਂ ਇਨ੍ਹਾਂ ਥਾਵਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਦਿਖਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸ਼ਹੀਦਾਂ ਦੀ ਕੋਈ ਗਿਣਤੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਪੰਜਾਬ ਦੇ ਹਰੇਕ ਪਿੰਡ ਦੀ ਧਰਤੀ ਦਾ ਸਬੰਧ ਇਨ੍ਹਾਂ ਸੂਰਬੀਰਾਂ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ, ਕਵੀਆਂ ਅਤੇ ਸ਼ਹੀਦਾਂ ਦਾ ਜਨਮ ਹੋਇਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਸਖ਼ਤ ਮਿਹਨਤ ਅਤੇ ਸਿਰੜੀ ਭਾਵਨਾ ਲਈ ਜਾਣਿਆ ਜਾਂਦਾ ਹੈ, ਜਿਸ ਸਦਕਾ ਉਨ੍ਹਾਂ ਨੇ ਦੁਨੀਆਂ ਭਰ ਵਿਚ ਆਪਣੀ ਵਿਸ਼ੇਸ਼ ਥਾਂ ਬਣਾਈ ਹੈ।
CM Bhagwant Mann lays foundation stone of Saragarhi Memorial at Ferozepur
ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਮੁੱਦਾ ਉਠਾਏ ਜਾਣ ਤੋਂ ਬਾਅਦ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ।
ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਅਤੇ ਮਹਾਨ ਕੁਰਬਾਨੀ ਮਨੁੱਖਤਾ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਸਦਾ ਪ੍ਰੇਰਦੀ ਰਹੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਮੁਗਲ ਸੂਬੇਦਾਰ ਦੇ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਡਟ ਕੇ ਅਥਾਹ ਦਲੇਰੀ ਅਤੇ ਨਿਡਰਤਾ ਦਿਖਾਈ। ਭਗਵੰਤ ਮਾਨ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ, ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਅਣਥੱਕ ਲੜਾਈ ਲੜੀ, ਤੋਂ ਵਿਰਾਸਤ ਵਿਚ ਮਿਲੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦਸੰਬਰ ਮਹੀਨੇ ਸ਼ਹੀਦ ਹੋਏ ਸਨ ਜਿਸ ਕਰਕੇ ਸਮੁੱਚੀ ਕੌਮ ਲਈ ਇਹ ਮਹੀਨਾ ਸੋਗ ਦਾ ਮਹੀਨਾ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੋਈ ਹੈ ਕਿ ਭਵਿੱਖ ਵਿਚ ਇਸ ਮਹੀਨੇ ਦੌਰਾਨ ਸਰਕਾਰੀ ਪੱਧਰ ਉਤੇ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਅਤੇ ਲੋਕਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ।