
ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ
ਚੰਡੀਗੜ੍ਹ: ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਬਲਜਿੰਦਰ ਸਿੰਘ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ, ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਚੇਅਰਮੈਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ, ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ਦੀ ਖੁਸ਼ਹਾਲੀ, ਟਿਕਾਊ ਅਭਿਆਸਾਂ ਅਤੇ ਦੇਸ਼ ਭਰ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ 'ਤੇ ਕੇਂਦ੍ਰਿਤ ਇੱਕ ਦੂਰਦਰਸ਼ੀ ਰੋਡਮੈਪ ਦੀ ਰੂਪਰੇਖਾ ਪੇਸ਼ ਕੀਤੀ।
ਇਸ ਮੌਕੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ, ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਡਾ. ਸੁਖਪਾਲ ਸਿੰਘ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।