
ਪੰਜਾਬ ਰਾਜ ਭਵਨ ਵਿਖੇ ਹੋਇਆ ਸਹੁੰ ਚੁੱਕ ਸਮਾਗਮ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵੇਂ ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜ਼ਿਕਰਯੋਗ ਹੈ ਕਿ ਰਾਜਪਾਲ ਨੇ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਕਮਿਸ਼ਨ ਦੇ ਮੈਂਬਰਾਂ ਵਜੋਂ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ।
ਮੋਗਾ ਨਿਵਾਸੀ ਸੰਜੇ ਗਰਗ ਇੱਕ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਨ, ਜਦੋਂ ਕਿ ਮੋਹਾਲੀ ਨਿਵਾਸੀ ਸਰਬਜੀਤ ਸਿੰਘ ਧਾਲੀਵਾਲ ਇੱਕ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਪੀਪੀਐਸਸੀ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਸਨ।