
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ...
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਹੈ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਈਮੇਲ ਤੇ ਫੈਕਸ ਜ਼ਰੀਏ ਅਪਣਾ ਅਸਤੀਫ਼ਾ ਭੇਜ ਦਿਤਾ ਹੈ। ਇਸ ਤੋਂ ਇਲਾਵਾ ਉਹ ਚੋਣ ਕਮਿਸ਼ਨਰ ਨੂੰ ਵੀ ਅਪਣੇ ਅਸਤੀਫ਼ੇ ਸਬੰਧੀ ਜਾਣੂ ਕਰਵਾਉਣਗੇ। ਦਸ ਦਈਏ ਕਿ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਬੇਅਦਬੀ ਮਾਮਲਿਆਂ 'ਤੇ ਪੰਜਾਬ ਸਰਕਾਰ ਵਲੋਂ ਕੋਈ ਢੁਕਵੀਂ ਕਾਰਵਾਈ ਨਾ ਕੀਤੇ ਜਾਣ ਕਾਰਨ ਨਾਰਾਜ਼ ਹਨ।
ਅਸਤੀਫ਼ੇ ਦੇਣ ਦੇ ਮਾਮਲੇ 'ਤੇ ਆਪ ਵਿਧਾਇਕ ਫੂਲਕਾ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ 'ਤੇ ਆਧਾਰਤ ਕਮਿਸ਼ਨ ਦੀ ਰਿਪੋਰਟ ਉਪਰ ਕੋਈ ਕਾਰਵਾਈ ਨਹੀਂ ਹੋ ਸਕੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਮਨ ਵਿਚ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਬੇਸ਼ੱਕ ਮਹੀਨਾ ਪਹਿਲਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਹਰਿਆਣਾ ਹਾਈਕੋਰਟ ਵਿਚ ਮਾਮਲਾ ਚਲੇ ਜਾਣ ਕਾਰਨ ਉਨ੍ਹਾਂ ਅਸਤੀਫ਼ਾ ਦੇਣ ਦਾ ਫ਼ੈਸਲਾ ਟਾਲ ਦਿਤਾ ਸੀ।
ਫੂਲਕਾ ਨੇ ਕਿਹਾ ਕਿ ਜਿਵੇਂ ਹੀ ਸ਼ੁਕਰਵਾਰ ਨੂੰ ਹਾਈਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿਤੇ ਜਾਣ ਦੀ ਖ਼ਬਰ ਆਈ ਤਾਂ ਉਨ੍ਹਾਂ ਝੱਟ ਅਸਤੀਫ਼ਾ ਦੇਣ ਦਾ ਅਪਣਾ ਫ਼ੈਸਲਾ ਸੁਣਾ ਦਿਤਾ। ਉਨ੍ਹਾਂ ਮੁਤਾਬਕ ਪਹਿਲਾਂ ਸੈਣੀ ਨੂੰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੋਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਉਸ ਵਿਰੁਧ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ। ਉਨ੍ਹਾਂ ਆਖਿਆ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਰਿਪੋਰਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਕਟਹਿਰੇ ਵਿਚ ਖੜ੍ਹਾ ਕੀਤਾ ਗਿਆ ਹੈ ਪਰ ਸਰਕਾਰ ਨੇ ਉਨ੍ਹਾਂ ਨੂੰ ਲੈ ਕੇ ਵੀ ਨਰਮੀ ਵਾਲਾ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ।