
ਗੁਰਦੁਆਰੇ ਦੇ ਸੇਵਾਦਾਰ ਨੇ ਦੱਸੀ ਬੇਅਦਬੀ ਕਰਨ ਵਾਲੇ ਦੀ ਕਰਤੂਤ
ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣਮਾਜਰਾ ਵਿਖੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਆਏ ਇਕ ਵਿਅਕਤੀ ਨੇ ਪਾਵਨ ਸਰੂਪ ਦੇ ਅੰਗ ਪਾੜ ਦਿੱਤੇ, ਜਿਸ ਤੋਂ ਬਾਅਦ ਉਸ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਮੌਕੇ 'ਤੇ ਕਾਬੂ ਕਰ ਲਿਆ ਅਤੇ ਪਿੰਡ ਵਾਲਿਆਂ ਨੇ ਉਸ ਦਾ ਚੰਗਾ ਕੁਟਾਪਾ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਉਸ ਦੀ ਕਾਰ ਭੰਨ ਦਿੱਤੀ।
car
ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਕੁੱਝ ਬਜ਼ੁਰਗਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਸਨ, ਇੰਨੇ ਨੂੰ ਇਕ ਵਿਅਕਤੀ ਆਇਆ ਅਤੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਬਾਰੇ ਕਹਿਣ ਲੱਗਾ, ਜਿਸ ਤੋਂ ਗੁਰਦੁਆਰਾ ਸਾਹਿਬ ਦਾ ਤਾਲਾ ਖੋਲ੍ਹ ਦਿੱਤਾ ਗਿਆ ਪਰ ਉਸ ਨੇ ਗੁਰਦੁਆਰਾ ਸਾਹਿਬ ਵਿਚ ਵੜਦਿਆਂ ਸਾਰ ਪਾਵਨ ਸਰੂਪ ਦੇ ਅੰਗ ਪਾੜ ਦਿੱਤੇ।
car
ਇਸ ਦੇ ਨਾਲ ਹੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਸ ਘਟਨਾ ਮਗਰੋਂ ਮੌਕੇ 'ਤੇ ਪੁੱਜੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਮੌਕੇ 'ਤੇ ਪੁੱਜੇ ਫਤਿਹਗੜ੍ਹ ਸਾਹਿਬ ਦੇ ਐਸਪੀ ਜਗਜੀਤ ਸਿੰਘ ਜੱਲ੍ਹਾ ਨੇ ਆਖਿਆ ਕਿ ਦੋਸ਼ੀ 'ਤੇ ਮੁਕੱਦਮਾ ਦਰਜ ਕਰਕੇ ਉਸ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਪਾਵਨ ਸਰੂਪ ਦੀ ਬੇਅਦਬੀ ਕਿਉਂ ਕੀਤੀ।
ਦੱਸ ਦੇਈਏ ਕਿ ਇਸ ਘਟਨਾ ਮਗਰੋਂ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਅਤੇ ਪਾਵਨ ਸਰੂਪ ਦੀ ਬੇਅਦਬੀ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਵੱਲੋਂ ਇਸ ਘਟਨਾ ਪਿਛਲਾ ਅਸਲ ਸੱਚ ਵੀ ਲੋਕਾਂ ਸਾਹਮਣੇ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ।