
ਨਲਾਈਨ ਸਿਸਟਮ ਨਾਲ ਬੱਸਾਂ ਅਤੇ ਸਟਾਫ਼ ਦੀਆਂ ਅਸਲ ਸਮੇਂ ਦੀਆਂ ਗਤੀਵਿਧੀਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ
ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਕੀਤੀ ਸਮੀਖਿਆ
ਆਨਲਾਈਨ ਸਿਸਟਮ ਨਾਲ ਬੱਸਾਂ ਅਤੇ ਸਟਾਫ਼ ਦੀਆਂ ਅਸਲ ਸਮੇਂ ਦੀਆਂ ਗਤੀਵਿਧੀਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ
ਟਰਾਂਸਪੋਰਟ ਮੰਤਰੀ ਨੇ ਫ਼ੀਲਡ ਵਿੱਚ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਲਈ ਜਾਣਕਾਰੀ
ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹਰ ਪੰਦਰਵਾੜੇ 'ਤੇ ਕੀਤਾ ਜਾਵੇਗਾ ਸਨਮਾਨਤ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿੱਚ ਚਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਗਾਈ ਜਾਵੇਗੀ।
ਇਥੇ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਮੁੱਖ ਦਫ਼ਤਰ ਵਿਖੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕਾਰਜਕੁਸ਼ਲਤਾ ਚੈਕ ਕੀਤੀ।
raja warring
ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ
ਟਰਾਂਸਪੋਰਟ ਮੰਤਰੀ (Amrinder Singh Raja Warring) ਨੇ ਦੱਸਿਆ ਕਿ ਇਹ ਸਿਸਟਮ ਹੁਣ ਤੱੱਕ ਪਨਬਸ/ਪੰਜਾਬ ਰੋਡਵੇਜ਼ ਦੀਆਂ 1450 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਔਰਤਾਂ ਲਈ ਬੱਸਾਂ ਵਿੱਚ ਪੈਨਿਕ ਬਟਨ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀ.ਟੀ.ਐਸ. ਰਾਹੀਂ ਬੱਸਾਂ ਦੀ ਤੇਜ਼ ਰਫ਼ਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬੱਸਾਂ ਦਾ ਢਾਬਿਆਂ 'ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ 'ਤੇ ਨਾ ਰੁਕਣਾ, ਕਾਊਂਟਰਾਂ ਤੋਂ ਬੱਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬੱਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਸਟਮ ਰਾਹੀਂ ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ।
Raja Warring
ਇਸ ਤੋਂ ਇਲਾਵਾ ਮੈਨੇਜਮੈਂਟ ਇਨਫ਼ਰਮੇਸ਼ਨ ਸਿਸਟਮ ਦੀ ਵਰਤੋਂ ਡਰਾਈਵਰਾਂ ਅਤੇ ਕੰਡਕਟਰਾਂ ਦੇ ਵਿਹਾਰ, ਬੱਸਾਂ ਦੀ ਵਰਤੋਂ, ਉਪਲਬਧ ਸਟਾਫ਼ ਦੀ ਵਰਤੋਂ, ਬੱਸਾਂ ਨੂੰ ਮਿੱਥੇ ਸਮੇਂ ਤੋਂ ਦੇਰੀ ਨਾਲ ਅਤੇ ਪਹਿਲਾਂ ਚਲਾਉਣਾ, ਬੱਸਾਂ ਵੱਲੋਂ ਤੈਅ ਕੀਤੇ ਕਿਲੋਮੀਟਰਾਂ ਆਦਿ ਬਾਰੇ ਰਿਪੋਰਟਾਂ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ।
raja warring
ਰਾਜਾ ਵੜਿੰਗ ਨੇ ਕਿਹਾ ਕਿ ਸਿਸਟਮ ਵੱਲੋਂ ਤਿਆਰ ਕੀਤੀਆਂ ਰਿਪੋਰਟਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਫ਼ੀਡਬੈਕ ਦੇ ਆਧਾਰ 'ਤੇ ਹਰ ਪੰਦਰਵਾੜੇ ਡਿਪੂਆਂ ਦੇ ਤਿੰਨ ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ ਅਤੇ ਦਸ-ਦਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਦਕਿ ਕੰਮ 'ਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ (Amrinder Singh Raja Warring) ਦੁਹਰਾਇਆ ਕਿ ਕਿਸੇ ਸਟਾਫ਼ ਮੈਂਬਰ ਵੱਲੋਂ ਪ੍ਰਾਈਵੇਟ ਆਪ੍ਰੇਟਰ ਨਾਲ ਮਿਲੀਭੁਗਤ ਕਰਕੇ ਵਿਭਾਗੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਬਲਵਿੰਦਰ ਸਿੰਘ ਲਾਡੀ ਅਤੇ ਦਵਿੰਦਰ ਸਿੰਘ ਘੁਬਾਇਆ, ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਭੁਪਿੰਦਰ ਸਿੰਘ ਮੌਜੂਦ ਸਨ।