
ਦਿੱਲੀ ਵਿੱਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲੱਗਣ ਕਰਕੇ, ਦਿੱਲੀ ਦੇ ਵਪਾਰੀਆਂ ਵੱਲੋਂ ਪੰਜਾਬ ਦੇ ਥੋਕ ਵਿਕਰੇਤਾਵਾਂ ਨੂੰ ਭਾਰੀ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।
ਪਟਿਆਲਾ - ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ,ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਦੀਵਾਲੀ ਅਤੇ ਗੁਰਪੁਰਬ ਮੌਕੇ ਹਰੇ ਪਟਾਕਿਆਂ ਦੀ ਵਰਤੋਂ ਲਈ ਦੋ ਘੰਟੇ ਦਾ ਸਮਾਂ ਨਿਰਧਾਰਿਤ ਕੀਤੇ ਜਾਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਕ੍ਰਿਸਮਿਸ ਮੌਕੇ ਆਤਿਸ਼ਬਾਜ਼ੀ ਦਾ ਸਮਾਂ 35 ਮਿੰਟ ਤੱਕ ਸੀਮਤ ਕਰ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ।
24 ਅਕਤੂਬਰ (ਦੀਵਾਲੀ) ਨੂੰ ਰਾਤ ਹਰਿ ਪਟਾਕੇ 8 ਵਜੇ ਤੋਂ ਰਾਤ 10 ਵਜੇ ਤੱਕ ਚਲਾਉਣ ਦੀ ਇਜਾਜ਼ਤ ਹੈ, ਜਦਕਿ 8 ਨਵੰਬਰ (ਗੁਰਪੁਰਬ) ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਤੋਂ ਰਾਤ 10 ਵਜੇ ਤੱਕ ਦੇ ਦੋ ਸਲਾਟਾਂ ਵਿੱਚ ਪਟਾਕੇ ਚਲਾਉਣ ਦੀ ਇਜਾਜ਼ਤ ਹੈ। 25 ਦਸੰਬਰ (ਕ੍ਰਿਸਮਸ) ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ 31 ਦਸੰਬਰ (ਨਵੇਂ ਸਾਲ ਮੌਕੇ) ਨੂੰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਇਸ ਤੋਂ ਇਲਾਵਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਤਿਉਹਾਰਾਂ ਨੂੰ ਸਮੂਹਿਕ ਤੌਰ 'ਤੇ ਮਨਾਉਣ ਦੇ ਵਿਚਾਰ ਨੂੰ ਉਤਸ਼ਾਹਤ ਕਰਨ ਦਾ ਫੈਸਲਾ ਕੀਤਾ ਹੈ, ਜਦ ਕਿ ਈ-ਕਾਮਰਸ ਸਾਈਟਾਂ ਨੂੰ ਪੰਜਾਬ ਵਿੱਚ ਪਟਾਕਿਆਂ ਦੀ ਵਿਕਰੀ ਜਾਂ ਡਿਲਿਵਰੀ ਕਰਨ 'ਤੇ ਪਾਬੰਦੀ ਲਗਾਈ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ, “ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਦਾਲਤ ਵੱਲੋਂ ਮਨਜ਼ੂਰਸ਼ੁਦਾ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੈ।
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਦੇ ਨਾਲ-ਨਾਲ ਪਟਾਕਿਆਂ ਦੀ ਵਜ੍ਹਾ ਨਾਲ ਕੋਵਿਡ-19 ਅਤੇ ਸਾਹ ਲੈਣ ਸੰਬੰਧੀ ਸਮੱਸਿਆਵਾਂ ਦੇ ਵਾਧੇ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪਾਸ ਕੀਤੇ ਗਏ ਵੱਖ-ਵੱਖ ਅਦਾਲਤੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਰਫ ਹਰੇ ਪਟਾਕਿਆਂ ਦੀ ਇਜਾਜ਼ਤ ਹੋਵੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ, “ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਿਉਹਾਰਾਂ ਦੌਰਾਨ ਸਮੇਂ ਦੀ ਪਾਲਣਾ ਯਕੀਨੀ ਬਣਾਉਣ, ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ।"
ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਦਿੱਲੀ 'ਚ ਪਟਾਕਿਆਂ 'ਤੇ ਲੱਗੀ ਪਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤੇ ਜਾਣ ਦੀ ਖ਼ਬਰ ਵੀ ਆਈ ਸੀ। ਸੁਪਰੀਮ ਕੋਰਟ ਨੇ ਕਿਹਾ, "ਅਸੀਂ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਪਟਾਕਿਆਂ 'ਤੇ ਲੱਗੀ ਪਾਬੰਦੀ ਨਹੀਂ ਹਟਾਵਾਂਗੇ, ਤੇ ਸਾਡਾ ਆਦੇਸ਼ ਬਹੁਤ ਸਪੱਸ਼ਟ ਹੈ," ਸੁਪਰੀਮ ਕੋਰਟ ਨੇ ਕਿਹਾ ਸੀ।
ਦੀਵਾਲੀ ਤੋਂ ਪਹਿਲਾਂ ਦਿੱਲੀ ਵਿੱਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲੱਗਣ ਕਰਕੇ, ਦਿੱਲੀ ਦੇ ਵਪਾਰੀਆਂ ਵੱਲੋਂ ਪੰਜਾਬ ਦੇ ਥੋਕ ਵਿਕਰੇਤਾਵਾਂ ਨੂੰ ਭਾਰੀ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।