
ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਸਿੱਧੇ ਅਤੇ ਅਸਾਨ ਸੰਪਰਕ ਲਈ ਸ਼੍ਰੋਮਣੀ ਕਮੇਟੀ ਵੱਖ-ਵੱਖ ਦੇਸ਼ਾਂ ਵਿੱਚ ਆਪਣੇ ਉਪ-ਦਫ਼ਤਰ ਸਥਾਪਿਤ ਕਰੇਗੀ।
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਮੁਲਕਾਂ ਦੇ ਨੁਮਾਇੰਦਿਆਂ ’ਤੇ ਆਧਾਰਿਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਸਥਾਪਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਬੋਰਡ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਯਤਨਸ਼ੀਲ ਰਹੇਗਾ, ਅਤੇ ਸਿੱਖੀ ਦੇ ਪ੍ਰਚਾਰ ਵਿੱਚ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਸਹਿਯੋਗ ਕਰੇਗਾ।
ਇਹ ਫ਼ੈਸਲਾ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਬੈਠਕ ਦੌਰਾਨ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿੱਚ ਸਿੱਖ ਸੰਸਥਾ ਦੇ ਉਪ-ਦਫ਼ਤਰ ਸਥਾਪਿਤ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ।
ਮੀਟਿੰਗ ਤੋਂ ਬਾਅਦ ਧਾਮੀ ਨੇ ਕਿਹਾ, ਕਿ ਸਿੱਖ ਕੌਮ ਦੇ ਵੱਡੀ ਗਿਣਤੀ ਵਿਚ ਲੋਕ ਦੁਨੀਆ ਭਰ ਵਿੱਚ ਰਹਿ ਰਹੇ ਹਨ ਅਤੇ ਇਹ ਰੁਝਾਨ ਵਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਸਥਾਪਨਾ ਕਰੇਗੀ। ਧਾਮੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਸਿੱਧੇ ਅਤੇ ਅਸਾਨ ਸੰਪਰਕ ਲਈ ਸ਼੍ਰੋਮਣੀ ਕਮੇਟੀ ਵੱਖ-ਵੱਖ ਦੇਸ਼ਾਂ ਵਿੱਚ ਆਪਣੇ ਉਪ-ਦਫ਼ਤਰ ਸਥਾਪਿਤ ਕਰੇਗੀ।