
ਕੱਲ੍ਹ ਗੱਲ ਨਾਲ ਨਾ ਬਣੀ ਤੇ 26 ਨਵੰਬਰ ਨੂੰ ਕਰਨਗੇ ਦਿੱਲੀ ਦਾ ਘਿਰਾਓ
ਚੰਡੀਗੜ੍ਹ - ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿੱਚ ਭਲਕੇ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਕਿਸਾਨ ਯੂਨੀਅਨਾਂ ਨੇ ਕੱਲ੍ਹ ਦੀ ਮੀਟਿੰਗ ਬਾਰੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ।
ਇਸ ਦੌਰਾਨ ਕਿਸਾਨ ਨੇਤਾ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਲ ਗੱਡੀਆਂ ਨੂੰ ਮੁੜ ਚਲਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਇਹ ਮੁੱਦਾ ਇਕ ਮੀਟਿੰਗ 'ਚ ਹੱਲ ਨਹੀਂ ਕੀਤਾ ਜਾ ਸਕਦਾ।
ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਸੱਦਾ ਕਬੂਲ ਕਰ ਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਗੱਲ ਕਰਨਗੇ। ਇਸ ਬੈਠਕ 'ਚ ਰੇਲ ਮੰਤਰੀ ਵੀ ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਦਿੱਲੀ ਜਾਣ ਤੋਂ ਰੋਕਿਆ ਤਾਂ ਉੱਥੇ ਹੀ ਸੜਕਾਂ ਜਾਮ ਕਰ ਦੇਣਗੇ। ਜਦੋਂ ਤੱਕ ਜਿੱਤ ਨਹੀਂ ਹੋਵੇਗੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕੱਲ੍ਹ ਗੱਲ ਨਾਲ ਨਾ ਬਣੀ ਤੇ 26 ਨਵੰਬਰ ਨੂੰ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਦੱਸਿਆ ਕਿ 26 ਅਤੇ 27 ਨੂੰ ਪੰਜਾਬ ਦੀਆਂ ਸਾਰੀਆਂ ਯੂਨੀਅਨਾਂ ਟਰੈਕਟਰ-ਟਰਾਲੀਆਂ ਨਾਲ ਦਿੱਲੀ ਚ ਪ੍ਰਦਰਸ਼ਨ ਕਰਨਗੀਆਂ ਮੰਤਰੀਆਂ ਨੂੰ ਦੱਸਿਆ ਜਾਵੇਗਾ ਕਿ ਕਾਨੂੰਨਾਂ 'ਚ ਕਿਹੜੀਆਂ ਕਮੀਆਂ ਹਨ। ਕੱਲ੍ਹ ਹੋਣ ਵਾਲੀ ਮੀਟਿੰਗ ਤੋਂ ਬਾਅਦ 26-27 ਦੇ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 18 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦੀਵਾਲੀ 'ਤੇ ਮਸ਼ਾਲਾਂ ਜਗਾਈਆਂ ਜਾਣਗੀਆਂ। ਦਿੱਲੀ ਵੱਲ ਰੋਸ ਮਾਰਚ ਕੱਢਿਆ ਜਾਵੇਗਾ, ਪਰ ਜੇਕਰ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਉਹ ਵਿਰੋਧ ਹੋਰ ਵੀ ਤੇਜ਼ ਕਰਨਗੇ।