
ਸਮਾਜ ਵਿਰੋਧੀ ਅਨਸਰ ਕਿਸਾਨ ਅੰਦੋਲਨ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਸ਼ 'ਚ ਲੱਗੇ : ਤੋਮਰ
ਕਿਹਾ, ਸਮਾਜ ਵਿਰੋਧੀ ਅਨਸਰਾਂ ਨੂੰ ਅਪਣਾ ਮੰਚ ਮੁਹਈਆ ਨਾ ਕਰਨ ਕਿਸਾਨ ਭਰਾ
ਨਵੀਂ ਦਿੱਲੀ, 11 ਦਸੰਬਰ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁਕਰਵਾਰ ਨੂੰ ਕਿਹਾ ਕਿ ਕੁਝ “ਸਮਾਜ ਵਿਰੋਧੀ ਅਨਸਰ” ਕਿਸਾਨਾਂ ਦੀ ਆੜ ਹੇਠ ਉਨ੍ਹਾਂ ਦੇ ਅੰਦੋਲਨ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਸ਼ ਰਚ ਰਹੇ ਹਨ। ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਅਨਸਰਾਂ ਨੂੰ ਅਪਣਾ ਮੰਚ ਮੁਹਈਆ ਨਾ ਕਰਨ।
ਤੋਮਰ ਨੇ ਕ੍ਰਮਵਾਰ ਟਵੀਟ ਕੀਤਾ ਕਿ ਸਮਾਜ ਵਿਰੋਧੀ ਤੱਤ ਕਿਸਾਨਾਂ ਦੀ ਆੜ ਹੇਠ ਕਿਸਾਨੀ ਅੰਦੋਲਨ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਸ਼ ਰਚ ਰਹੇ ਹਨ। ਮੈਂ ਕਿਸਾਨੀ ਭਰਾਵਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਾ ਹਾਂ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਅਪਣਾ ਮੰਚ ਮੁਹਈਆ ਨਾ ਕਰਨ।
ਦਸਣਯੋਗ ਹੈ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁਧ ਹਜ਼ਾਰਾਂ ਕਿਸਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਹ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਬਣਾਈ ਰੱਖਣ ਦੀ ਮੰਗ ਕਰ ਰਹੇ ਹਨ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਦਾਅਵਾ ਹੈ ਕਿ ਇਹ ਕਾਨੂੰਨ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਗਏ ਹਨ ਅਤੇ ਮੰਡੀ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਣਾਲੀ ਨੂੰ ਖ਼ਤਮ ਕਰ ਦੇਣਗੇ। (ਪੀਟੀਆਈ)
ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਪੰਜ ਵਾਰ ਗੱਲਬਾਤ ਹੋ ਚੁਕੀ ਹੈ ਪਰ ਗੱਲ ਨਹੀਂ ਬਣ ਰਹੀ। ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਮੱਦੇਨਜ਼ਰ ਸਰਕਾਰ ਨਾਲ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਚੱਲ ਰਹੇ ਹਨ।
ਉਨ੍ਹਾਂ ਇਕ ਹੋਰ ਟਵੀਟ ਵਿਚ ਕਿਹਾ ਕਿ ਕਿਸਾਨਾਂ ਦੇ ਇਤਰਾਜ਼ਾਂ ਦੇ ਹੱਲ ਲਈ ਇਕ ਪ੍ਰਸਤਾਵ ਵੀ ਕਿਸਾਨ ਯੂਨੀਅਨ ਨੂੰ ਭੇਜਿਆ ਹੈ ਅਤੇ ਸਰਕਾਰ ਇਸ ਤੋਂ ਵੀ ਅੱਗੇ ਵਿਚਾਰ-ਵਟਾਂਦਰੇ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਉਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵਾਰ ਵਾਰ ਕਹਿ ਚੁੱਕੇ ਹਨ ਕਿ ਐਮਐਸਪੀ ਦੇ ਸਿਸਟਮ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ। (ਪੀਟੀਆਈ)