
ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਦੀ ਤਜਵੀਜ਼ ਮੁੱਖ ਮੰਤਰੀ ਨੂੰ ਭੇਜਾਂਗੇ : ਧਰਮਸੋਤ
ਜੰਗਲਾਤ ਵਰਕਰ ਯੂਨੀਅਨ ਵਲੋਂ ਜੰਗਲਾਤ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 11 ਦਸੰਬਰ (ਏ.ਐਸ. ਖੰਨਾ) : ਜੰਗਲਾਤ ਵਿਭਾਗ 'ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਤਜਵੀਜ਼ ਬਣਾ ਕੇ ਮੁੱਖ ਮੰਤਰੀ, ਪੰਜਾਬ ਨੂੰ ਭੇਜੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਇਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ।
ਜੰਗਲਾਤ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਭਾਗ 'ਚ ਸੇਵਾ ਨਿਭਾ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ ਪ੍ਰਕਿਰਿਆ ਅਪਣਾ ਕੇ ਪੱਕਾ ਕਰਨ ਦੀ ਇਕ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮਿਆਂ ਦਾ ਸਮੁੱਚੇ ਰਿਕਾਰਡ ਦੇ ਆਧਾਰ 'ਤੇ ਸੀਨੀਆਰਤਾ ਸੂਚੀ ਬਣਾਉਣ ਦੇ ਹੁਕਮ ਵਿਭਾਗੀ ਅਧਿਕਾਰੀਆਂ ਨੂੰ ਦੇ ਦਿਤੇ ਗਏ ਹਨ।
ਸ. ਧਰਮਸੋਤ ਨੇ ਪਲਾਂਟੇਸ਼ਨ ਦੀ ਸਹੀ ਸਫ਼ਲਤਾ ਹਾਸਲ ਕਰਨ ਲਈ ਨਰਸਰੀਆਂ 'ਚ ਥੈਲੀਆਂ ਦੀ ਭਰਾਈ ਅਤੇ ਪਲਾਂਟੇਸ਼ਨ ਲਈ ਟੋਏ ਪੁੱਟਣ ਦਾ ਕੰਮ ਅਗੇਤੇ ਤੌਰ 'ਤੇ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬੂਟੇ ਲਾਉਣ ਅਤੇ ਪਾਲਣ ਦੌਰਾਨ ਪੇਸ਼ੇਵਰਾਨਾ ਢੰਗ ਅਪਣਾਇਆ ਜਾਵੇ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਪੰਜ ਫੁੱਟ ਤੋਂ ਵੱਧ ਲੰਬਾਈ ਦੇ ਬੂਟੇ ਲਾਉਣ ਨੂੰ ਪਹਿਲ ਦਿਤੀ ਜਾਵੇ।
ਸ. ਧਰਮਸੋਤ ਨੇ ਜੰਗਲਾਤ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਦੀਆਂ ਬਕਾਇਆ ਅਦਾਇਗੀਆਂ ਤੁਰਤ ਜਾਰੀ ਕਰਾਉਣ, ਵਰਦੀਆਂ ਸਬੰਧੀ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਅਤੇ ਇਸ ਤੋਂ ਇਲਾਵਾ ਸੂਬੇ ਭਰ 'ਚ ਡੇਲੀਵੇਜ਼ ਰੇਟ ਇਕਸਾਰਤਾ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਦਿਤੀਆਂ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਨੂੰ ਅਦਾਇਗੀਆਂ ਕਰਨ ਲਈ ਵਿਭਾਗੀ ਪ੍ਰਕਿਰਿਆ ਅਪਣਾਉਣ ਸਬੰਧੀ ਵਫ਼ਦ ਦੀ ਮੰਗ 'ਤੇ ਵਿਚਾਰ ਕਰਨ ਦੇ ਆਦੇਸ਼ ਵੀ ਦਿਤੇ।
ਫੋਟੋ ਕੈਪਸ਼ਨ :ਖੰਨਾ 11 ਦਸੰਬਰ ਏ ਐੱਸ ਖੰਨਾ 02
ਫਾਈਲ ਫੋਟੋ : ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ