
ਸਿੰਘੂ ਸਰਹੱਦ 'ਤੇ ਦੋ ਸੀਨੀਅਰ ਪੁਲਿਸ ਅਧਿਕਾਰੀ ਕੋਰੋਨਾ ਪਾਜ਼ੇਟਿਵ
ਨਵੀਂ ਦਿੱਲੀ, 11 ਦਸੰਬਰ: ਦਿੱਲੀ ਦੇ ਸਿੰਘੂ ਸਰਹੱਦ ਉੱਤੇ ਕਰੀਬ ਦੋ ਹਫ਼ਤੇ ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਡਟੇ ਹਜ਼ਾਰਾਂ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਇਥੇ ਦੀ ਸੁਰੱਖਿਆ ਵਿਵਸਥਾ ਵੇਖਣ ਲਈ ਤਾਇਨਾਤ ਦੋ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।
ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦਸਿਆ ਕਿ ਡਿਪਟੀ ਕਮਿਸ਼ਨਰ ਪੱਧਰ ਦੇ ਦੋਵਾਂ ਕੋਰੋਨਾ ਵਾਇਰਸ ਪੀੜਤ ਅਧਿਕਾਰੀਆਂ ਨੂੰ ਇਕਾਂਤਵਾਸ ਵਿਚ ਭੇਜ ਦਿਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸਿੰਘੂ ਸਰਹੱਦ 'ਤੇ ਡਟੇ ਹਜ਼ਾਰਾਂ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਿੰਘੂ ਸਰਹੱਦ 'ਤੇ ਤਾਇਨਾਤ ਦੋਵੇਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਪਿਛਲੇ ਦਿਨਾਂ ਤੋਂ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਦੋਵੇਂ ਇਸ ਸਮੇਂ ਇਕਾਂਤਵਾਸ ਵਿਚ ਹਨ। (ਪੀਟੀਆਈ)