
ਸੰਗਤ ਸਿੰਘ ਗਿਲਜੀਆਂ ਦੀਆਂ ਵਧੀਆਂ ਮੁਸ਼ਕਲਾਂ
ਮੁਹਾਲੀ: ਅਦਾਲਤ ਨੇ ਪੰਜਾਬ ਦੇ ਜੰਗਲਾਤ ਘੁਟਾਲੇ ਦੇ ਦੋਸ਼ੀ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਗਿਲਜੀਆਂ ਦੇ ਅਮਰੀਕਾ ਫਰਾਰ ਹੋਣ ਦੀ ਸੰਭਾਵਨਾ ਜਤਾਈ ਸੀ। ਇਸ 'ਤੇ ਅਦਾਲਤ ਨੇ ਇਹ ਹੁਕਮ ਜਾਰੀ ਕੀਤਾ ਹੈ। ਜਦਕਿ ਦੱਸਿਆ ਗਿਆ ਕਿ ਗਿਲਜੀਆਂ ਨੇ ਅਮਰੀਕਾ ਜਾਣ ਦੀ ਟਿਕਟ ਵੀ ਬੁੱਕ ਕਰਵਾ ਲਈ ਸੀ। ਪਰ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਣੀਆਂ ਯਕੀਨੀ ਹਨ।
ਇਸ ਤੋਂ ਪਹਿਲਾਂ ਮੁਲਜ਼ਮ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫ਼ਤਾਰ ਕੀਤਾ ਸੀ। ਪਰ ਮੁਲਜ਼ਮ ਗਿਲਜੀਆਂ ਦੀ ਗ੍ਰਿਫ਼ਤਾਰੀ ’ਤੇ ਅਦਾਲਤ ਵੱਲੋਂ ਫਿਲਹਾਲ ਰੋਕ ਲਾ ਦਿੱਤੀ ਗਈ ਹੈ। ਗਿਲਜੀਆਂ ਕਾਂਗਰਸ ਸਰਕਾਰ ਵਿੱਚ ਸੀਐਮ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਵਿੱਚ ਜੰਗਲਾਤ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ।
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਗਿਲਜੀਆਂ ਨੂੰ ਜੇਲ੍ਹ ਵਿੱਚ ਬੰਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਨਾਮਜ਼ਦ ਕੀਤਾ ਗਿਆ ਸੀ। ਦਲਜੀਤ ਸਿੰਘ ਨੂੰ ਵੀ ਇਸੇ ਕੇਸ ਵਿੱਚ ਮੁਲਜ਼ਮ ਬਣਾਇਆ ਗਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਦਲਜੀਤ ਸਿੰਘ ਗਿਲਜੀਆਂ ਸੰਗਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦੇਖਦਾ ਸੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਗਿਲਜੀਆਂ ਦੇ ਕਮਿਸ਼ਨ ਦਾ ਕੰਮ ਦਲਜੀਤ ਸੰਭਾਲ ਰਿਹਾ ਸੀ।
ਸਾਧੂ ਸਿੰਘ ਧਰਮਸੋਤ ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਜੰਗਲਾਤ ਮੰਤਰੀ ਸਨ। ਇਸ ਤੋਂ ਬਾਅਦ ਜਦੋਂ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਨੂੰ ਵੀ ਰਾਹਤ ਮਿਲੀ। ਉਨ੍ਹਾਂ ਦੀ ਥਾਂ ਸੰਗਤ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ। ਉਹ ਕਰੀਬ ਸਾਢੇ ਤਿੰਨ ਮਹੀਨੇ ਪੰਜਾਬ ਦੇ ਜੰਗਲਾਤ ਮੰਤਰੀ ਰਹੇ।