ਮੁੱਖ ਮੰਤਰੀ ਨੇ ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਨੂੰ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ
Published : Dec 12, 2022, 7:37 pm IST
Updated : Dec 12, 2022, 7:46 pm IST
SHARE ARTICLE
 The Chief Minister has warned of strict action against educational institutions that ban Punjabi speaking
The Chief Minister has warned of strict action against educational institutions that ban Punjabi speaking

ਪੰਜਾਬ ਨੂੰ ਦੁਨੀਆ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ

ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-’ਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਦੀ ਕੀਤੀ ਪ੍ਰਧਾਨਗੀ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿੱਚ ਪੰਜਾਬੀ ਬੋਲਣ ਉਤੇ ਜੁਰਮਾਨੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ।

ਭਗਵੰਤ ਮਾਨ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਅਜਿਹੇ ਜੁਰਮਾਨੇ ਲਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।
ਪੰਜਾਬ ਨੂੰ ਦੁਨੀਆ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ।

ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਨੌਜਵਾਨ ਸੂਬੇ ਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਸਾਰੂ ਯੋਗਦਾਨ ਪਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਫਕੀਰਾਂ, ਪੈਗੰਬਰਾਂ ਤੇ ਸੰਤਾਂ ਦੀ ਧਰਤੀ ਹੈ, ਜਿਨ੍ਹਾਂ ਪੰਜਾਬੀਆਂ ਨੂੰ ਜਬਰ-ਜੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰੇਕ ਸੰਕਟ ਮਗਰੋਂ ਜੇਤੂ ਹੋ ਕੇ ਨਿਕਲਿਆ ਹੈ ਅਤੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹਰੇਕ ਵਿਅਕਤੀ ਦੀ ਸਫ਼ਲਤਾ ਲਈ ਕੁੰਜੀ ਦਾ ਕੰਮ ਕਰਦੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਢਾਂਚੇ ਦੀ ਮਜ਼ਬੂਤੀ ਤੇ ਕਾਇਆ-ਕਲਪ ਲਈ ਸੂਬਾ ਸਰਕਾਰ ਕੋਲ ਵੱਡੀ ਗਿਣਤੀ ਵਿੱਚ ਫੰਡ ਮੌਜੂਦ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡੇ ਪੱਧਰ ਉਤੇ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ 20,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪ ਦਿੱਤੇ ਹਨ ਅਤੇ ਹੋਰ ਭਰਤੀ ਵੀ ਪ੍ਰਕਿਰਿਆ ਅਧੀਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਧੁਰੇ ਵਜੋਂ ਵਿਕਸਤ ਕਰਨ ਲਈ ਵੱਡੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਤੋਂ ਪਹਿਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਨਵੇਂ ਪ੍ਰਾਜੈਕਟਾਂ ਲਈ ਐਮ.ਓ.ਯੂ. ਸੱਤਧਾਰੀ ਜਮਾਤ ਦੇ ਪਰਿਵਾਰਾਂ ਨਾਲ ਹੁੰਦਾ ਸੀ ਪਰ ਹੁਣ ਇਹ ਸਮਝੌਤੇ ਪੰਜਾਬ ਤੇ ਪੰਜਾਬੀਆਂ ਦੇ ਭਲੇ ਦੀ ਖਾਤਰ ਸੂਬਾ ਸਰਕਾਰ ਨਾਲ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾਂ ਵੱਡੇ ਸਨਅਤੀ ਦਿੱਗਜ਼ ਸੂਬੇ ਵਿਚ ਆਪੋ-ਆਪਣੇ ਪ੍ਰਾਜੈਕਟ ਸਥਾਪਤ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮਨੋਰਥ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਲੈਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿੱਖਿਆ ਦੇਣ ਉਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਉਦਯੋਗਾਂ ਲਈ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕਈ ਉਪਰਾਲੇ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਖੁਸ਼ਕਿਸਮਤੀ ਹੈ ਕਿ ਜੀ-20 ਦੇ ਦੋ ਸੈਸ਼ਨ ਸੂਬੇ ਵਿਚ ਹੋ ਰਹੇ ਹਨ ਜਿਨ੍ਹਾਂ ਵਿੱਚੋਂ ਸਿੱਖਿਆ ਦੇ ਵਿਸ਼ੇ ਉਤੇ ਪਹਿਲਾ ਸੈਸ਼ਨ 15, 16 ਤੇ 17 ਮਾਰਚ ਨੂੰ ਹੋਵੇਗਾ ਜਦਕਿ ਕਿਰਤ ਵਿਸ਼ੇ ਉਤੇ ਦੂਜਾ ਸੈਸ਼ਨ 22-23 ਜੂਨ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੁਨੀਆ ਭਰ ਵਿਚ ਉਸ ਦੀ ਨਿੱਘੀ ਮੇਜ਼ਬਾਨੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਵਿਸ਼ੇਸ਼ ਸਮਾਗਮਾਂ ਵਿਚ ਸ਼ਿਰਕਤ ਕਰ ਰਹੇ ਮੁਲਕਾਂ ਦੇ ਮਹਿਮਾਨਾਂ ਦੇ ਸਵਾਗਤ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਅੰਮ੍ਰਿਤਸਰ ਦੀ ਪਾਵਨ ਧਰਤੀ ਵਿਖੇ ਹੋਣਗੇ ਜਿੱਥੇ ਹੋਰ ਰੋਜ਼ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ, ਜਲਿਆਵਾਲਾ ਬਾਗ ਤੇ ਹੋਰ ਥਾਵਾਂ ਉਤੇ ਨਮਮਸਤਕ ਹੋਣ ਲਈ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਮੇਲਨ ਵਿਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੀ ਆਰਾਮਦਾਇਕ ਠਹਿਰ ਲਈ ਪੁਖਤਾ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਮਹਿਮਾਨਾਂ ਦੀ ਚੰਗੀ ਠਹਿਰ ਤੋਂ ਇਲਾਵਾ ਉਨ੍ਹਾਂ ਨੂੰ ਰਵਾਇਤੀ ਪੰਜਾਬੀ ਖਾਣੇ ਵੀ ਪਰੋਸੇ ਜਾਣਗੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਤੋਂ ਆਉਣ ਵਾਲੇ ਮਹਿਮਾਨਾਂ ਅੱਗੇ ਸੱਭਿਆਚਾਰਕ ਸਮਾਗਮਾਂ ਦੌਰਾਨ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ ਜਾਣ ਦੀ ਇੱਛਾ ਪ੍ਰਗਟਾਈ ਤਾਂ ਉਨ੍ਹਾਂ ਨੂੰ ਖੇਡਾਂ ਦੇ ਧੁਰੇ ਵਜੋਂ ਜਾਣੇ ਜਾਂਦੇ ਜਲੰਧਰ ਆਦਿ ਥਾਵਾਂ ਉਤੇ ਲਿਜਾਣ ਦੇ ਬੰਦੋਬਸਤ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਤਨ ਸਿੰਘ ਜੌੜੇਮਾਜਰਾ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਪੰਜਾਬੀ ਯੂਨਿਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਤੇ ਹੋਰ ਹਾਜ਼ਰ ਸਨ। 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement