ਪੁਲਿਸ ਨੇ ਮਾਮਲਾ ਕੀਤਾ ਦਰਜ
ਮੋਰਿੰਡਾ: ਮੋਰਿੰਡਾ ਦੇ ਨਜ਼ਦੀਕੀ ਪਿੰਡ ਡੂਮਛੇੜੀ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦੇਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਮੋਰਿੰਡਾ ਪੁਲਿਸ ਨੇ ਇਸ ਸਬੰਧੀ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਅਤੇ ਆਰੋਪੀ ਪਤੀ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਗੁਰਜੀਤ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਡੂਮਛੇੜੀ ਨੇ ਬੀਤੀ ਰਾਤ 12.00 ਵਜੇ ਮੋਰਿੰਡਾ ਪੁਲਿਸ ਸਟੇਸ਼ਨ ਵਿੱਚ ਬੀਤੀ ਰਾਤ ਟੈਲੀਫੋਨ ਰਾਹੀਂ ਇਤਲਾਹ ਦਿੱਤੀ ਸੀ ਕਿ ਉਸ ਦੀ ਪਤਨੀ ਸੁਰਿੰਦਰ ਕੌਰ ਦੀ ਉਲਟੀਆਂ ਆਉਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਨੂੰ ਲੈਕੇ ਜਾਣ ਦਾ ਕੋਈ ਸਾਧਨ ਨਹੀਂ ਹੈ। ਉਹਨਾਂ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਜਦੋਂ ਸਬ ਇੰਸਪੈਕਟਰ ਗੁਰਮੁਖ ਸਿੰਘ ਐਸਐਚਓ ਮੋਰਿੰਡਾ ਸ਼ਹਿਰੀ ਪੁਲਿਸ ਪਾਰਟੀ ਪਾਰਟੀ ਸਮੇਤ ਡੂਮਛੇੜੀ ਵਿੱਚ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕਾ ਸੁਰਿੰਦਰ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਕੀਤੀ ਗਈ ਤਾਂ ਮਿਰਤਕਾ ਸੁਰਿੰਦਰ ਕੌਰ ਦੇ ਗਲੇ ’ਤੇ ਨਿਸ਼ਾਨ ਪਏ ਦੇਖੇ ਗਏ। ਜਿਸ ਉਪਰੰਤ ਸ਼ੱਕ ਦੇ ਅਧਾਰ 'ਤੇ ਮਿਰਤਕ ਦੇ ਪਤੀ ਧਰਮਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਉਸ ਕੋਲੋਂ ਆਪਣੀ ਪਤਨੀ ਦਾ ਗਲਾ ਦਬਾਉਣ ਕਾਰਨ ਉਸ ਦੀ ਪਤਨੀ ਦੀ ਮੌਤ ਹੋ ਗਈ ਹੈ।
ਡੀਐਸਪੀ ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕਾ ਸੁਰਿੰਦਰ ਕੌਰ ਦੇ ਪਿਤਾ ਨਿਰਮਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰੰਧਾਵਾ ਰੋਡ ਖਰੜ ਦੇ ਬਿਆਨ ਦੇ ਅਧਾਰ ਤੇ ਧਰਮਿੰਦਰ ਸਿੰਘ ਖਿਲਾਫ ਬੀਐਨਐਸ ਦੀ ਧਾਰਾ 103 ਅਧੀਨ ਮੁਕਦਮਾ ਦਰਜ ਕਰਕੇ ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਸਿਵਲ ਹਸਪਤਾਲ ਰੂਪਨਗਰ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਇਸ ਦਾ ਕੱਲ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ।
